ਪਾਰਟੀ ਵੱਲੋਂ ਸੌਂਪੀ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਵਾਂਗਾ - ਸਾਬਕਾ MLA ਬ੍ਰਹਮਪੁਰਾ
• ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਉਪ-ਪ੍ਰਧਾਨ ਨਿਯੁਕਤ ਕਰਨ 'ਤੇ ਕੀਤਾ ਤਹਿ ਦਿਲੋਂ ਧੰਨਵਾਦ
ਤਰਨ ਤਾਰਨ 12 ਅਗਸਤ 2025: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਹਲਕਾ ਇੰਚਾਰਜ 'ਤੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਪਾਰਟੀ ਪ੍ਰਧਾਨ, ਮਾਣਯੋਗ ਸੁਖਬੀਰ ਸਿੰਘ ਬਾਦਲ ਵੱਲੋਂ ਉਨ੍ਹਾਂ ਨੂੰ ਮੁੜ ਪਾਰਟੀ ਦਾ ਉਪ-ਪ੍ਰਧਾਨ ਨਿਯੁਕਤ ਕੀਤੇ ਜਾਣ 'ਤੇ ਤਹਿ ਦਿਲੋਂ ਧੰਨਵਾਦ ਕੀਤਾ ਹੈ। ਉਨ੍ਹਾਂ ਕਿਹਾ ਕਿ ਪਾਰਟੀ ਨੇ ਜੋ ਵਿਸ਼ਵਾਸ ਉਨ੍ਹਾਂ 'ਤੇ ਪ੍ਰਗਟਾਇਆ ਹੈ, ਉਹ ਉਸ 'ਤੇ ਖਰਾ ਉਤਰਨ ਲਈ ਦਿਨ-ਰਾਤ ਇੱਕ ਕਰ ਦੇਣਗੇ।
ਇਸ ਸ਼ੁਭ ਮੌਕੇ ਬ੍ਰਹਮਪੁਰਾ ਨੇ ਕਿਹਾ ਕਿ ਉਹ ਬਾਦਲ ਦੀ ਦੂਰਅੰਦੇਸ਼ੀ ਅਤੇ ਮਿਹਨਤੀ ਅਗਵਾਈ ਦੇ ਕਾਇਲ ਹਨ, ਜਿੰਨ੍ਹਾਂ ਨੇ ਹਮੇਸ਼ਾ ਪਾਰਟੀ ਦੇ ਟਕਸਾਲੀ ਅਤੇ ਮਿਹਨਤੀ ਵਰਕਰਾਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਹੈ। ਉਨ੍ਹਾਂ ਕਿਹਾ, "ਮੈਂ ਪਾਰਟੀ ਪ੍ਰਧਾਨ ਸਾਹਿਬ ਦਾ ਵਿਸ਼ੇਸ਼ ਤੌਰ 'ਤੇ ਧੰਨਵਾਦੀ ਹਾਂ, ਜਿੰਨ੍ਹਾਂ ਨੇ ਮੈਨੂੰ ਇਸ ਵੱਡੀ ਜ਼ਿੰਮੇਵਾਰੀ ਦੇ ਯੋਗ ਸਮਝਿਆ। ਮੈਂ ਉਨ੍ਹਾਂ ਨੂੰ ਅਤੇ ਸਮੁੱਚੀ ਪਾਰਟੀ ਲੀਡਰਸ਼ਿਪ ਨੂੰ ਭਰੋਸਾ ਦਿਵਾਉਂਦਾ ਹਾਂ ਕਿ ਪਾਰਟੀ ਦੀ ਵਿਚਾਰਧਾਰਾ ਅਤੇ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡਾਂਗਾ।
ਬ੍ਰਹਮਪੁਰਾ ਨੇ ਅੱਗੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੰਜਾਬ ਅਤੇ ਪੰਥ ਦੀ ਨੁਮਾਇੰਦਾ ਜਮਾਤ ਹੈ ਅਤੇ ਉਹ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਹੇਠਲੇ ਪੱਧਰ 'ਤੇ ਹੋਰ ਮਜ਼ਬੂਤ ਕਰਨ ਲਈ ਸਾਰੇ ਵਰਕਰਾਂ ਅਤੇ ਆਗੂਆਂ ਨੂੰ ਨਾਲ ਲੈ ਕੇ ਚੱਲਣਗੇ। ਉਨ੍ਹਾਂ ਕਿਹਾ ਕਿ ਸਾਡਾ ਮੁੱਖ ਟੀਚਾ ਪੰਜਾਬ ਦੇ ਲੋਕਾਂ ਦੇ ਹੱਕਾਂ ਲਈ ਆਵਾਜ਼ ਬੁਲੰਦ ਕਰਨਾ ਅਤੇ ਮੌਜੂਦਾ ਸਰਕਾਰ ਦੀਆਂ ਲੋਕ-ਵਿਰੋਧੀ ਨੀਤੀਆਂ ਦਾ ਡਟ ਕੇ ਵਿਰੋਧ ਕਰਨਾ ਹੈ। ਉਨ੍ਹਾਂ ਕਿਹਾ ਕਿ ਪਾਰਟੀ ਵੱਲੋਂ ਸੌਂਪੀ ਇਸ ਜ਼ਿੰਮੇਵਾਰੀ ਨੂੰ ਉਹ ਪੂਰੀ ਤਨਦੇਹੀ, ਇਮਾਨਦਾਰੀ ਅਤੇ ਲਗਨ ਨਾਲ ਨਿਭਾਉਣਗੇ।