← ਪਿਛੇ ਪਰਤੋ
ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਮੁਅੱਤਲ, ਸਿੱਖਿਆ ਵਿਭਾਗ ਨੇ ਇਸ ਗੱਲੋਂ ਕੀਤੀ ਕਾਰਵਾਈ • ਸਕੂਲ ਸਿੱਖਿਆ ਵਿਭਾਗ ਦੇ ਸਕੱਤਰ ਅਨਿੰਦਿਤਾ ਮਿੱਤਰਾ ਨੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਨਿਰਦੇਸ਼ਾਂ 'ਤੇ ਕੀਤੀ ਕਾਰਵਾਈ •ਸਿੱਖਿਆ ਪ੍ਰਸ਼ਾਸਨ ਵਿੱਚ ਕੁਤਾਹੀ, ਅਨੁਸ਼ਾਸਨਹੀਣਤਾ ਤੇ ਅਨੈਤਿਕ ਵਿਵਹਾਰ ਲਈ ਕੋਈ ਥਾਂ ਨਹੀਂ: ਹਰਜੋਤ ਸਿੰਘ ਬੈਂਸ ਚੰਡੀਗੜ੍ਹ, 12 ਅਗਸਤ: ਸਿੱਖਿਆ ਪ੍ਰਣਾਲੀ ਵਿੱਚ ਜਵਾਬਦੇਹੀ ਅਤੇ ਉੱਚ ਮਿਆਰੀ ਨੈਤਿਕ ਕਦਰਾਂ ਕੀਮਤਾਂ ਨੂੰ ਬਰਕਰਾਰ ਰੱਖਣ ਲਈ ਇੱਕ ਫੈਸਲਾਕੁੰਨ ਕਦਮ ਚੁੱਕਦਿਆਂ ਪੰਜਾਬ ਸਰਕਾਰ ਨੇ ਅੱਜ ਬਾਘਾਪੁਰਾਣਾ ਦੇ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ(ਬੀਪੀਈਓ) ਦੇਵੀ ਪ੍ਰਸਾਦ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਹੈ। ਦੱਸਣਯੋਗ ਹੈ ਕਿ ਸੋਸ਼ਲ ਮੀਡੀਆ ‘ਤੇ ਉਕਤ ਅਧਿਕਾਰੀ ਦੇ ਅਭੱਦਰ ਅਤੇ ਅਨੈਤਿਕ ਵਿਵਹਾਰ ਦੀ ਵੀਡੀਓ ਵਾਇਰਲ ਹੋਣ ਤੋਂ ਬਾਅਦ ਇਹ ਕਾਰਵਾਈ ਕੀਤੀ ਗਈ ਹੈ। ਇਹ ਕਾਰਵਾਈ ਪੰਜਾਬ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਦੇ ਨਿਰਦੇਸ਼ਾਂ 'ਤੇ ਸਕੂਲ ਸਿੱਖਿਆ ਵਿਭਾਗ ਦੇ ਸਕੱਤਰ ਸ੍ਰੀਮਤੀ ਅਨਿੰਦਿਤਾ ਮਿਤਰਾ ਵੱਲੋਂ ਕੀਤੀ ਗਈ ਹੈ। ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਸਿੱਖਿਆ ਪ੍ਰਣਾਲੀ ਵਿੱਚ ਕੁਤਾਹੀ, ਅਨੁਸ਼ਾਸਨਹੀਣਤਾ ਜਾਂ ਅਨੈਤਿਕ ਗਤੀਵਿਧੀਆਂ ਲਈ ਕੋਈ ਥਾਂ ਨਹੀਂ ਹੈ ਅਤੇ ਨਿਯਮਾਂ ਦੀ ਉਲੰਘਣਾ ਕਰਨ ਜਾਂ ਆਪਣੀ ਡਿਊਟੀ ਵਿੱਚ ਕੁਤਾਹੀ ਕਰਨ ਵਾਲੇ ਕਿਸੇ ਵੀ ਅਧਿਕਾਰੀ/ਕਰਮਚਾਰੀ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਿਦਿਆਰਥੀਆਂ ਅਤੇ ਸਟਾਫ਼ ਦੇ ਹਿੱਤਾਂ ਦੀ ਭਲਾਈ ਲਈ ਸਕੂਲ ਪ੍ਰਸ਼ਾਸਨ ਵਿੱਚ ਅਨੁਸ਼ਾਸਨ ਅਤੇ ਉੱਚ ਨੈਤਿਕ ਕਦਰਾਂ ਕੀਮਤਾਂ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।
Total Responses : 7657