ਨਵੇਂ ਬਣਨ ਵਾਲੇ ਪੰਚਾਇਤ ਘਰ ਅਤੇ ਸੇਵਾ ਕੇਂਦਰ, ਨਵੇਂ ਯੁੱਗ ਦੀ ਸ਼ੁਰੂਆਤ ਕਰਨਗੇ-MLA ਸ਼ੈਰੀ ਕਲਸੀ
ਬਟਾਲਾ, 14 ਅਗਸਤ
ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਦੇ ਨੌਜਵਾਨ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਗੱਲਬਾਤ ਦੌਰਾਨ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਪੰਜਾਬ ਸਰਕਾਰ ਵਲੋਂ ਸੂਬੇ ਵਿੱਚ ਪੰਚਾਇਤ ਘਰ ਅਤੇ ਸੇਵਾ ਕੇਂਦਰ ਦੀ ਸਹੂਲਤ ਦੇਣ ਨਾਲ ਪਿੰਡਾਂ ਵਿੱਚ ਨਵੇਂ ਯੁੱਗ ਦੀ ਸ਼ੁਰੂਆਤ ਹੋਵੇਗੀ।
ਵਿਧਾਇਕ ਸ਼ੈਰੀ ਕਲਸੀ ਨੇ ਅੱਗੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਸੂਬਾ ਭਰ ਵਿੱਚ 125 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ 500 ਆਧੁਨਿਕ ਪੰਚਾਇਤ ਘਰਾਂ ਅਤੇ ਕਾਮਨ ਸਰਵਿਸ ਸੈਂਟਰਾਂ (ਆਮ ਸੇਵਾ ਕੇਂਦਰ) ਦੇ ਨਿਰਮਾਣ ਦਾ ਪ੍ਰੋਜੈਕਟ ਸ਼ੁਰੂ ਕਰ ਦਿੱਤਾ ਗਿਆ ਹੈ। ਉਨਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ 2800 ਤੋਂ ਵੱਧ ਆਬਾਦੀ ਵਾਲੇ ਹਰੇਕ ਪਿੰਡ ਵਿੱਚ ਇਕ ਪੰਚਾਇਤ ਘਰ ਅਤੇ ਇਕ ਕਾਮਨ ਸਰਵਿਸ ਸੈਂਟਰ ਬਣਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਪਹਿਲੇ ਪੜਾਅ ਵਿੱਚ 500 ਪਿੰਡਾਂ ਵਿੱਚ ਪੰਚਾਇਤ ਘਰ ਅਤੇ ਸੇਵਾ ਕੇਂਦਰ ਬਣਾਏ ਜਾ ਰਹੇ ਹਨ।
ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਇਹ ਪ੍ਰੋਜੈਕਟ ਪਿੰਡ ਵਾਸੀਆਂ ਨੂੰ ਬਹੁਤ ਸਾਰੀਆਂ ਸਹੂਲਤਾਂ ਪ੍ਰਦਾਨ ਕਰੇਗਾ। ਉਨ੍ਹਾਂ ਕਿਹਾ ਕਿ ਪੰਚਾਇਤ ਘਰ ਮਹਿਜ਼ ਇਕ ਦਫ਼ਤਰ ਨਹੀਂ ਹੋਵੇਗਾ, ਸਗੋਂ ਪਿੰਡ ਦੇ ਵਿਕਾਸ ਲਈ ਵਿਚਾਰ-ਵਟਾਂਦਰੇ ਅਤੇ ਵਿਉਂਤਬੰਦੀ ਦਾ ਕੇਂਦਰੀ ਧੁਰਾ ਹੋਵੇਗਾ। ਉਨਾਂ ਅੱਗੇ ਕਿਹਾ ਕਿ ਕਾਮਨ ਸਰਵਿਸ ਸੈਂਟਰ ਪਿੰਡਾਂ ਵਿੱਚ ਡਿਜੀਟਲ ਕ੍ਰਾਂਤੀ ਦੇ ਗਵਾਹ ਬਣਨਗੇ, ਜਿਸ ਨਾਲ ਪਿੰਡਾਂ ਦੇ ਲੋਕਾਂ ਦੀ ਵੱਖ-ਵੱਖ ਆਨਲਾਈਨ ਸੇਵਾਵਾਂ ਤੱਕ ਪਹੁੰਚ ਸੁਖਾਲੀ ਬਣਾਉਣ ਵਿੱਚ ਮਦਦ ਮਿਲੇਗੀ।
ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਅੱਜ ਦੇ ਡਿਜੀਟਲ ਯੁੱਗ ਵਿੱਚ ਸਰਕਾਰੀ ਯੋਜਨਾਵਾਂ ਲਈ ਅਰਜ਼ੀ ਦੇਣ, ਵਿਦਿਅਕ ਸੰਸਥਾਵਾਂ ਵਿੱਚ ਦਾਖਲਾ ਲੈਣ, ਆਧਾਰ ਕਾਰਡ ਜਾਂ ਪਾਸਪੋਰਟ ਬਣਾਉਣ ਅਤੇ ਹੋਰ ਬਹੁਤ ਸਾਰੀਆਂ ਸੇਵਾਵਾਂ ਆਨਲਾਈਨ ਉਪਲਬਧ ਹਨ। ਉਨ੍ਹਾਂ ਕਿਹਾ ਕਿ ਇਹ ਕਾਮਨ ਸਰਵਿਸ ਸੈਂਟਰ ਇਨ੍ਹਾਂ ਸੇਵਾਵਾਂ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਮਹੱਤਵਪੂਰਨ ਭੂਮਿਕਾ ਨਿਭਾਉਣਗੇ।
ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਹੁਣ ਪੰਜਾਬ ਹਰ ਖੇਤਰ ਵਿੱਚ ਬਦਲਾਅ ਦੇਖ ਰਿਹਾ ਹੈ ਕਿਉਂਕਿ ਆਮ ਲੋਕਾਂ ਦੇ ਕੰਮ ਹੋ ਰਹੇ ਹਨ। ਉਨਾਂ ਦੱਸਿਆ ਕਿ ਪੰਜਾਬ ਦੇ 90 ਫੀਸਦੀ ਘਰਾਂ ਨੂੰ ਜ਼ੀਰੋ ਬਿਜਲੀ ਬਿੱਲ ਆ ਰਹੇ ਹਨ, ਜਿਸ ਨਾਲ ਲੋਕਾਂ ਨੂੰ ਵੱਡੀ ਆਰਥਿਕ ਰਾਹਤ ਮਿਲੀ ਹੈ। ਲੋਕਾਂ ਦੀ ਸਿਹਤ ਸਿਹਤ ਨੂੰ ਮੁੱਖ ਰੱਖਦਿਆਂ ‘ਆਮ ਆਦਮੀ ਕਲੀਨਿਕ’ਖੋਲ੍ਹੇ ਗਏ ਹਨ, ਜਿਥੇ ਰੋਜਾਨਾਂ ਮਰੀਜ਼ ਆਪਣਾ ਮੁਫ਼ਤ ਇਲਾਜ ਕਰਵਾ ਰਹੇ ਹਨ ਅਤੇ ਵਿਦਿਆਰਥੀਆਂ ਨੂੰ ਹੋਰ ਉੱਚ ਮਿਆਰੀ ਵਿੱਦਿਆ ਦੇਣ ਲਈ ‘ਸਕੂਲ ਆਪ ਐੱਮੀਨੈੱਸ’ ਖੋਲ੍ਹੇ ਗਏ ਹਨ।