← ਪਿਛੇ ਪਰਤੋ
ਪੰਜਾਬ ਪੁਲਿਸ ਨੇ ਤਸਕਰ ਗੁਰਨਾਮ ਸਿੰਘ ਨੂੰ ਪੀਆਈਟੀ-ਐਨਡੀਪੀਐਸ ਐਕਟ ਤਹਿਤ ਨਿਵਾਰਕ ਹਿਰਾਸਤ ਵਿੱਚ ਲੈਣ ਦੇ ਹੁਕਮਾਂ ਨੂੰ ਸਫ਼ਲਤਾਪੂਰਵਕ ਲਾਗੂ ਕੀਤਾ ਮੁਲਜ਼ਮ ਗੁਰਨਾਮ ਐਨਡੀਪੀਐਸ ਐਕਟ ਤਹਿਤ ਤਿੰਨ ਮਾਮਲਿਆਂ ਦਾ ਸਾਹਮਣਾ ਕਰ ਰਿਹਾ ਸੀ ਅਤੇ ਨਸ਼ਾ ਤਸਕਰੀ ਵਿੱਚ ਸਰਗਰਮੀ ਨਾਲ ਸ਼ਾਮਲ ਸੀ: ਡੀਜੀਪੀ ਗੌਰਵ ਯਾਦਵ ਦੋਸ਼ੀ ਗੁਰਨਾਮ ਨੂੰ ਇੱਕ ਸਾਲ ਲਈ ਨਿਵਾਰਕ ਹਿਰਾਸਤ ਵਿੱਚ ਲਿਆ, ਸਖ਼ਤ ਨਿਗਰਾਨੀ ਲਈ ਕੇਂਦਰੀ ਜੇਲ੍ਹ ਬਠਿੰਡਾ ਭੇਜਿਆ: ਐਸਐਸਪੀ ਕਪੂਰਥਲਾ ਗੌਰਵ ਤੂਰਾ ਚੰਡੀਗੜ੍ਹ/ਕਪੂਰਥਲਾ, 14 ਅਗਸਤ: ਪੰਜਾਬ ਵਿੱਚ ਨਸ਼ਾ ਤਸਕਰੀ ਦੀ ਸਮੱਸਿਆ ਦੇ ਖ਼ਾਤਮੇ ਲਈ ਜਾਰੀ ਮੁਹਿੰਮ 'ਯੁੱਧ ਨਸ਼ਿਆਂ ਵਿਰੁੱਧ' ਦਰਮਿਆਨ ਇੱਕ ਹੋਰ ਮਹੱਤਵਪੂਰਨ ਮੀਲਪੱਥਰ ਹਾਸਲ ਕਰਦਿਆਂ ਐਂਟੀ-ਨਾਰਕੋਟਿਕਸ ਟਾਸਕ ਫੋਰਸ (ਏਐਨਟੀਐਫ) ਪੰਜਾਬ ਅਤੇ ਕਪੂਰਥਲਾ ਪੁਲਿਸ ਨੇ ਨਾਰਕੋਟਿਕਸ ਡਰੱਗਜ਼ ਸਾਈਕੋਟ੍ਰੋਪਿਕ ਸਬਸਟਾਂਸਿਜ਼ (ਪੀਆਈਟੀ-ਐਨਡੀਪੀਐਸ) ਐਕਟ ਤਹਿਤ ਵਿਸ਼ੇਸ਼ ਉਪਬੰਧਾਂ ਦੀ ਵਰਤੋਂ ਕਰਦਿਆਂ ਸੁਲਤਾਨਪੁਰ ਲੋਧੀ, ਕਪੂਰਥਲਾ ਦੇ ਪਿੰਡ ਸੈਣਚਾਂ ਦੇ ਵਸਨੀਕ ਗੁਰਨਾਮ ਸਿੰਘ ਨਾਮੀ ਚੋਟੀ ਦੇ ਨਸ਼ਾ ਤਸਕਰ ਨੂੰ ਨਿਵਾਰਕ ਹਿਰਾਸਤ ਵਿੱਚ ਲੈਣ ਦੇ ਹੁਕਮਾਂ ਨੂੰ ਸਫ਼ਲਤਾਪੂਰਵਕ ਲਾਗੂ ਕੀਤਾ ਹੈ। ਇਹ ਜਾਣਕਾਰੀ ਅੱਜ ਇਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਦੱਸਣਯੋਗ ਹੈ ਕਿ ਨਿਵਾਰਕ ਹਿਰਾਸਤ ਦੇ ਇਹ ਹੁਕਮ ਪੀਆਈਟੀ-ਐਨਡੀਪੀਐਸ ਐਕਟ ਦੀ ਧਾਰਾ 3 ਤਹਿਤ ਸਮਰੱਥ ਅਥਾਰਟੀ ਦੁਆਰਾ ਜਾਰੀ ਕੀਤੇ ਗਏ ਹਨ। ਪੀਆਈਟੀ-ਐਨਡੀਪੀਐਸ ਐਕਟ ਦੀ ਧਾਰਾ 3 ਅਜਿਹੇ ਖ਼ਤਰਨਾਕ ਨਸ਼ਾ ਤਸਕਰਾਂ ਨੂੰ ਨਸ਼ੀਲੇ ਪਦਾਰਥਾਂ ਜਾਂ ਨਸ਼ੀਲੀਆਂ ਦਵਾਈਆਂ ਦੀ ਗੈਰ-ਕਾਨੂੰਨੀ ਤਸਕਰੀ ਵਿੱਚ ਸ਼ਾਮਲ ਹੋਣ ਤੋਂ ਰੋਕਣ ਲਈ ਨਿਵਾਰਕ ਹਿਰਾਸਤ ਵਿੱਚ ਲੈਣ ਦਾ ਅਧਿਕਾਰ ਦਿੰਦੀ ਹੈ। ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁਲਜ਼ਮ ਗੁਰਨਾਮ ਸਿੰਘ ਨਸ਼ਿਆਂ ਦੀ ਤਸਕਰੀ ਵਿੱਚ ਸਰਗਰਮੀ ਨਾਲ ਸ਼ਾਮਲ ਸੀ ਅਤੇ ਉਸ ਵਿਰੁੱਧ ਐਨਡੀਪੀਐਸ ਐਕਟ ਤਹਿਤ ਕਮਰਸ਼ੀਅਲ ਕੁਆਂਟਿਟੀ ਦੇ ਤਿੰਨ ਮਾਮਲੇ ਦਰਜ ਹਨ। ਉਨ੍ਹਾਂ ਕਿਹਾ ਕਿ ਇਹ ਕਾਰਵਾਈ ਇਲਾਕੇ ਵਿੱਚ ਨਸ਼ਾ ਤਸਕਰੀ ਦੀ ਲੜੀ ਨੂੰ ਤੋੜਨ ਵਿੱਚ ਮਦਦ ਕਰੇਗੀ। ਹੋਰ ਵੇਰਵੇ ਸਾਂਝੇ ਕਰਦਿਆਂ ਸੀਨੀਅਰ ਪੁਲਿਸ ਸੁਪਰਡੈਂਟ (ਐਸਐਸਪੀ) ਕਪੂਰਥਲਾ ਗੌਰਵ ਤੂਰਾ ਨੇ ਕਿਹਾ ਕਿ ਦੋਸ਼ੀ ਗੁਰਨਾਮ ਵਿਰੁੱਧ ਦਰਜ ਤਿੰਨ ਐਨਡੀਪੀਐਸ ਮਾਮਲਿਆਂ ਵਿੱਚੋਂ ਉਸਨੂੰ ਇੱਕ ਮਾਮਲੇ ਵਿੱਚ ਦੋਸ਼ੀ ਵੀ ਠਹਿਰਾਇਆ ਗਿਆ ਸੀ ਜਿਸ ਵਿੱਚ ਉਸਨੂੰ ਜੂਨ 2016 ਵਿੱਚ 250 ਗ੍ਰਾਮ ਹੈਰੋਇਨ ਨਾਲ ਗ੍ਰਿਫ਼ਤਾਰ ਕੀਤਾ ਗਿਆ ਸੀ। ਇਸ ਤੋਂ ਇਲਾਵਾ ਦੋਸ਼ੀ ਨੂੰ ਮਾਰਚ 2017 ਵਿੱਚ 2 ਕਿਲੋ ਹੈਰੋਇਨ ਅਤੇ ਸਤੰਬਰ 2021 ਵਿੱਚ 400 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਸੀ। ਐਸਐਸਪੀ ਨੇ ਕਿਹਾ ਕਿ ਦੋਸ਼ੀ ਗੁਰਨਾਮ ਨੂੰ ਪੀਆਈਟੀ-ਐਨਡੀਪੀਐਸ ਐਕਟ ਤਹਿਤ ਇੱਕ ਸਾਲ ਲਈ ਨਿਵਾਰਕ ਹਿਰਾਸਤ ਵਿੱਚ ਲਿਆ ਗਿਆ ਹੈ ਅਤੇ ਸਖ਼ਤ ਨਿਗਰਾਨੀ ਲਈ ਕੇਂਦਰੀ ਜੇਲ੍ਹ ਬਠਿੰਡਾ ਭੇਜ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਵੱਲੋਂ ਇਲਾਕੇ ਵਿੱਚ ਨਸ਼ੀਲੇ ਪਦਾਰਥਾਂ ਦੀ ਤਸਕਰੀ ‘ਚ ਸ਼ਾਮਲ ਵਿਅਕਤੀਆਂ ਵਿਰੁੱਧ ਪੀਆਈਟੀ-ਐਨਡੀਪੀਐਸ ਐਕਟ ਦੀਆਂ ਸਖ਼ਤ ਧਾਰਾਵਾਂ ਨੂੰ ਲਾਗੂ ਕਰਨ ਲਈ ਠੋਸ ਯਤਨ ਕਰ ਰਹੀ ਹੈ।
Total Responses : 8016