ਆਜ਼ਾਦੀ ਦਿਵਸ ਮੌਕੇ ਹੋਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਦੀਆਂ ਤਿਆਰੀਆਂ ਮੁਕੰਮਲ : DC ਬਠਿੰਡਾ
ਅਸ਼ੋਕ ਵਰਮਾ
ਬਠਿੰਡਾ, 14 ਅਗਸਤ 2025 : ਦੇਸ਼ ਦੇ 79ਵੇਂ ਆਜ਼ਾਦੀ ਦਿਹਾੜੇ ਤੇ 78ਵੀਂ ਵਰ੍ਹੇਗੰਢ ਮੌਕੇ 15 ਅਗਸਤ 2025 ਨੂੰ ਸਥਾਨਕ ਸ਼ਹੀਦ ਭਗਤ ਸਿੰਘ ਬਹੁ ਮੰਤਵੀ ਖੇਡ ਸਟੇਡੀਅਮ ਵਿਖੇ ਮਨਾਏ ਜਾਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਆਜ਼ਾਦੀ ਦਿਹਾੜੇ ਮੌਕੇ ਕੈਬਨਿਟ ਮੰਤਰੀ ਜਲ ਸਰੋਤ, ਖਨਣ ਅਤੇ ਭੂਮੀ ਤੇ ਜਲ ਸੰਭਾਲ ਵਿਭਾਗ ਪੰਜਾਬ ਸ਼੍ਰੀ ਬਰਿੰਦਰ ਕੁਮਾਰ ਗੋਇਲ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਣਗੇ ਤੇ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਸਾਂਝੀ ਕੀਤੀ।
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕੈਬਨਿਟ ਮੰਤਰੀ ਸ਼੍ਰੀ ਬਰਿੰਦਰ ਕੁਮਾਰ ਗੋਇਲ ਵਲੋਂ ਰਾਸ਼ਟਰੀ ਝੰਡਾ ਲਹਿਰਾਉਣ ਉਪਰੰਤ ਪਰੇਡ ਦਾ ਨਿਰੀਖਣ ਕੀਤਾ ਜਾਵੇਗਾ ਅਤੇ ਮਾਰਚ ਪਾਸਟ ਤੋਂ ਸਲਾਮੀ ਲਈ ਜਾਵੇਗੀ। ਇਸ ਦੌਰਾਨ ਉਨ੍ਹਾਂ ਵਲੋਂ ਬਠਿੰਡਾ ਵਾਸੀਆਂ ਨੂੰ ਆਜ਼ਾਦੀ ਦਿਹਾੜੇ ਦੀਆਂ ਸ਼ੁਭ ਕਾਮਨਾਵਾਂ ਦਿੰਦਿਆਂ ਆਪਣਾ ਸੰਦੇਸ਼ ਵੀ ਦਿੱਤਾ ਜਾਵੇਗਾ।
ਸਮਾਗਮ ਦੌਰਾਨ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਪੀ.ਟੀ. ਸ਼ੋਅ ਤੋਂ ਇਲਾਵਾ ਗਿੱਧਾ, ਭੰਗੜਾ, ਸੱਭਿਆਚਾਰਕ ਤੇ ਦੇਸ਼ ਭਗਤੀ ਨਾਲ ਸਬੰਧਤ ਵੱਖ-ਵੱਖ ਪੇਸ਼ਕਾਰੀਆਂ ਵੀ ਕੀਤੀਆਂ ਜਾਣਗੀਆਂ। ਇਸ ਮੌਕੇ ਕੈਬਨਿਟ ਮੰਤਰੀ ਸ਼੍ਰੀ ਬਰਿੰਦਰ ਕੁਮਾਰ ਗੋਇਲ ਵਲੋਂ ਆਜ਼ਾਦੀ ਘੁਲਾਟੀਆਂ ਤੇ ਜੰਗੀ ਵਿਧਵਾਵਾਂ ਦਾ ਸਨਮਾਨ ਤੇ ਲੋੜਵੰਦਾਂ ਨੂੰ ਟਰਾਲੀ ਸਾਈਕਲ ਅਤੇ ਸਿਲਾਈ ਮਸ਼ੀਨਾਂ ਦੀ ਵੰਡ ਵੀ ਕੀਤੀ ਜਾਵੇਗੀ।