ਪੁਲਿਸ ਲਾਈਨ ਗਰਾਊਂਡ ਤਰਨ ਤਾਰਨ ਵਿਖੇ ਰਾਸ਼ਟਰੀ ਭਾਵਨਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ ਦੇਸ਼ ਦੀ ਅਜ਼ਾਦੀ ਦਾ 79ਵਾਂ ਦਿਹਾੜਾ
- ਕੈਬਨਿਟ ਮੰਤਰੀ ਪੰਜਾਬ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਅਦਾ ਕੀਤੀ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ
- ਕੈਬਨਿਟ ਮੰਤਰੀ ਨੇ ਸ਼ਹੀਦ-ਏ-ਆਜ਼ਮ ਸ੍ਰ. ਭਗਤ ਸਿੰਘ ਦੇ ਪੁਰਖਿਆ ਦੇ ਪਿੰਡ ਨਾਰਲੀ ਵਿਖੇ ਨੇਚਰ ਪਾਰਕ ਬਣਾਉਣ ਲਈ 25 ਲੱਖ ਰੁਪਏ ਦੀ ਗ੍ਰਾਂਟ ਦੇਣ ਦਾ ਕੀਤਾ ਐਲਾਨ
- ਆਜ਼ਾਦੀ ਘੁਲਾਟੀਆਂ ਅਤੇ ਸ਼ਹੀਦ ਸੈਨਿਕਾਂ ਦੇ ਪਰਿਵਾਰਾਂ ਨੂੰ ਕੀਤਾ ਗਿਆ ਸਨਮਾਨਿਤ
- ਲੋੜਵੰਦਾਂ ਨੂੰ ਸਿਲਾਈ ਮਸ਼ੀਨਾਂ ਤੇ ਟਰਾਈ ਸਾਈਕਲ ਵੀ ਭੇਂਟ ਕੀਤੇ ਗਏ
ਚੰਡੀਗੜ੍ਹ /ਤਰਨ ਤਾਰਨ, 15 ਅਗਸਤ 2025 - ਦੇਸ਼ ਦੀ ਅਜ਼ਾਦੀ ਦਾ 79ਵਾਂ ਦਿਹਾੜਾ ਅੱਜ ਸ੍ਰੀ ਗੁਰੂ ਅਰਜਨ ਦੇਵ ਖੇਡ ਸਟੇਡੀਅਮ ਤਰਨ ਤਾਰਨ ਵਿਖੇ ਰਾਸ਼ਟਰੀ ਭਾਵਨਾ ਅਤੇ ਪੂਰੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਕਰਵਾਏ ਗਏ ਜ਼ਿਲਾ ਪੱਧਰੀ ਸਮਾਗਮ ਦੌਰਾਨ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਮੁੱਖ ਮਹਿਮਾਨ, ਕੈਬਨਿਟ ਮੰਤਰੀ ਪੰਜਾਬ ਸ੍ਰੀ ਲਾਲਚੰਦ ਕਟਾਰੂਚੱਕ ਨੇ ਅਦਾ ਕੀਤੀ। ਰਾਸ਼ਟਰੀ ਗਾਣ ਦੀ ਧੁੰਨ ਦੇ ਚਲਦਿਆਂ ਜਦੋਂ ਮੁੱਖ ਮਹਿਮਾਨ ਨੇ ਕੌਮੀ ਝੰਡਾ ਲਹਿਰਾਇਆ ਤਾਂ ਪੰਜਾਬ ਪੁਲਿਸ ਦੇ ਜਵਾਨਾਂ ਨੇ ਸਤਿਕਾਰ ਵਜੋਂ ਸਲਾਮੀ ਭੇਂਟ ਕੀਤੀ। ਇਸ ਮੌਕੇ ਮੁੱਖ ਪਹਿਮਾਨ ਵੱਲੋਂ ਪਰੇਡ ਦਾ ਨਿਰੀਖਣ ਕੀਤਾ ਗਿਆ ਅਤੇ ਪਰੇਡ ਤੋਂ ਸਲਾਮੀ ਲਈ।
ਆਜ਼ਾਦੀ ਦਿਹਾੜੇ ਨੂੰ ਸਮਰਪਿਤ ਜ਼ਿਲਾ ਪੱਧਰੀ ਸਮਾਗਮ ਦੌਰਾਨ ਹਲਕਾ ਵਿਧਾਇਕ ਖੇਮਕਰਨ ਸ੍ਰ. ਸਰਵਨ ਸਿੰਘ ਧੁੰਨ ਨੇ ਵਿਸ਼ੇਸ ਤੌਰ ‘ਤੇ ਸ਼ਿਰਕਤ ਕੀਤੀ। ਇਸ ਮੌਕੇ ਜ਼ਿਲਾ ਤੇ ਸੈਸ਼ਨ ਜੱਜ ਸ੍ਰੀ ਕੰਵਲਜੀਤ ਸਿੰਘ ਬਾਜਵਾ, ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਰਾਹੁਲ, ਆਈ. ਏ. ਐੱਸ. ਡੀ. ਆਈ. ਜੀ. ਰਾਜਪਾਲ ਸਿੰਘ ਸੰਧੂ, ਐੱਸ. ਐੱਸ. ਪੀ. ਤਰਨ ਤਾਰਨ ਸ੍ਰੀ ਦੀਪਕ ਪਾਰਿਕ ਤੋਂ ਇਲਾਵਾ ਹੋਰ ਪਤਵੰਤੇ ਵੀ ਹਾਜ਼ਰ ਸਨ।
ਇਸ ਮੌਕੇ ਸੰਬੋਧਨ ਕਰਦਿਆਂ ਮੁੱਖ ਮਹਿਮਾਨ, ਸ੍ਰੀ ਲਾਲਚੰਦ ਕਟਾਰੂਚੱਕ ਖੁਰਾਕ ਸਿਵਲ ਸਪਲਾਈ, ਖਪਤਕਾਰ ਮਾਮਲੇ, ਜੰਗਲਾਤ ਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਪੰਜਾਬ ਨੇ ਕਿਹਾ ਕਿ ਤਰਨ ਤਾਰਨ ਦੀ ਇਸ ਇਤਿਹਾਸਕ ਅਤੇ ਧਾਰਮਿਕ ਧਰਤੀ ’ਤੇ ਅੱਜ ਅਸੀਂ ਦੇਸ਼ ਦੀ ਆਜ਼ਾਦੀ ਦਾ 79ਵਾਂ ਦਿਵਸ ਮਨਾ ਰਹੇ ਹਾਂ ਅਤੇ ਇਸ ਮੌਕੇ ਮੈਂ ਆਪ ਸਭ ਨੂੰ ਹਾਰਦਿਕ ਵਧਾਈ ਦਿੰਦਾ ਹਾਂ।
ਕੈਬਨਿਟ ਮੰਤਰੀ ਸ੍ਰੀ ਲਾਲਚੰਦ ਕਟਾਰੂਚੱਕ ਨੇ ਆਪਣੇ ਸੰਦੇਸ਼ ਵਿੱਚ ਕਿਹਾ ਕਿ ਸਾਡੀ ਸਰਕਾਰ ਮਹਾਨ ਸ਼ਹੀਦਾਂ ਦੇ ਸੁਪਨਿਆਂ ਨੂੰ ਪੂਰਾ ਕਰਨ ਲਈ ਵਚਨਬੱਧ ਹੈ। ਮੁੱਖ ਮੰਤਰੀ ਬਣਨ ਤੋਂ ਬਾਅਦ ਸ. ਭਗਵੰਤ ਸਿੰਘ ਮਾਨ ਨੇ ਆਪਣੇ ਅਹੁਦੇ ਦੀ ਸਹੁੰ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਚੁੱਕੀ। ਇਸ ਤੋਂ ਇਲਾਵਾ ਸਾਡੀ ਸਰਕਾਰ ਨੇ ਅਹਿਮ ਫੈਸਲਾ ਲੈਂਦਿਆਂ ਸਰਕਾਰੀ ਦਫ਼ਤਰਾਂ ਵਿੱਚ ਸ਼ਹੀਦ ਭਗਤ ਸਿੰਘ ਅਤੇ ਸੰਵਿਧਾਨ ਦੇ ਨਿਰਮਾਤਾ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਦਕਰ ਜੀ ਦੀਆਂ ਤਸਵੀਰਾਂ ਲਗਾਈਆਂ ।
ਉਹਨਾਂ ਕਿਹਾ ਕਿ ਮੋਹਾਲੀ ਕੌਮਾਂਤਰੀ ਹਵਾਈ ਅੱਡਾ, ਮੋਹਾਲੀ ਦਾ ਨਾਮ ਸ਼ਹੀਦ ਸ. ਭਗਤ ਸਿੰਘ ਦੇ ਨਾਂ ਉਤੇ ਰੱਖਣ ਵਿੱਚ ਅਹਿਮ ਭੂਮਿਕਾ ਨਿਭਾਉਣ ਉਪਰੰਤ ਹੁਣ ਪੰਜਾਬ ਸਰਕਾਰ ਨੇ ਉੱਥੇ ਸ਼ਹੀਦ-ਏ-ਆਜ਼ਮ ਦਾ ਬੁੱਤ ਵੀ ਸਥਾਪਿਤ ਕੀਤਾ ਹੈ। ਸਰਕਾਰ ਨੇ ਸ਼ਹੀਦ ਜਵਾਨਾਂ ਦੇ ਵਾਰਿਸਾਂ ਲਈ ਐਕਸ-ਗ੍ਰੇਸ਼ੀਆ ਰਾਸ਼ੀ 50 ਲੱਖ ਰੁਪਏ ਤੋਂ ਵਧਾ ਕੇ 1 ਕਰੋੜ ਰੁਪਏ ਕੀਤੀ ਹੈ।
ਉਹਨਾਂ ਕਿਹਾ ਕਿ ਸ੍ਰੀ ਗੁਰੂ ਅਮਰਦਾਸ ਥਰਮਲ ਪਲਾਂਟ, ਗੋਇੰਦਵਾਲ ਸਾਹਿਬ ਨੂੰ ਫਰਵਰੀ 2024 ਵਿੱਚ ਪੀ. ਐੱਸ. ਪੀ. ਸੀ. ਐੱਲ. ਵੱਲੋਂ ਅਧਿਗ੍ਰਹਿਣ ਕਰਨ ਤੋਂ ਬਾਅਦ, ਜੂਨ 2025 ਵਿੱਚ ਪਲਾਂਟ ਲੋਡ ਫੈਕਟਰ ਲਗਭਗ 78% ਤੱਕ ਪਹੁੰਚ ਗਿਆ। ਅਪ੍ਰੈਲ 2022 ਤੋਂ ਟਰਾਂਸਮਿਸ਼ਨ ਸਮਰੱਥਾ (ਏ. ਟੀ. ਸੀ./ਟੀ. ਟੀ. ਸੀ.) 7400/8000 ਮੈਗਾਵਾਟ ਤੋਂ ਵਧਾ ਕੇ 10400/10900 ਮੈਗਾਵਾਟ ਕਰ ਦਿੱਤੀ ਗਈ ਹੈ, ਜਿਸ ਨਾਲ ਰਾਸ਼ਟਰੀ ਗਰਿੱਡ ਤੋਂ ਬਿਜਲੀ ਦੀ ਦਰਾਮਦ ਵਿੱਚ ਵਾਧਾ ਹੋਇਆ ਹੈ। ਇਸ ਤੋਂ ਇਲਾਵਾ 90% ਤੱਕ ਘਰੇਲੂ ਖਪਤਕਾਰਾਂ ਨੂੰ ਬਿਜਲੀ ਦੇ ਜ਼ੀਰੋ ਬਿੱਲ ਮਿਲ ਰਹੇ ਹਨ।
ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵਿਦੇਸ਼ਾਂ ਵਿੱਚ ਵੱਸਦੇ ਪੰਜਾਬੀਆਂ ਨੂੰ ਵੱਖ-ਵੱਖ ਦਸਤਾਵੇਜ਼ਾਂ ਜਿਵੇਂ ਕਿ ਜਨਮ ਸਰਟੀਫਿਕੇਟ, ਜਨਮ ਦਾ ਨਾ ਉਪਲੱਬਧਤਾ ਸਰਟੀਫਿਕੇਟ ਸਰਟੀਫਿਕੇਟ, ਲੇਟ ਜਨਮ ਐਂਟਰੀ, ਪੁਲਿਸ ਕਲੀਅਰੈਂਸ, ਮੈਡੀਕਲ ਸਰਟੀਫਿਕੇਟ, ਵਿੱਦਿਅਕ ਯੋਗਤਾ ਸਰਟੀਫਿਕੇਟ, ਡਰਾਇਵਿੰਗ ਸਰਟੀਫਿਕੇਟ, ਮੌਤ ਦਾ ਸਰਟੀਫਿਕੇਟ, ਵਿਆਹ, ਤਲਾਕਨਾਮਾ, ਡਿਕਰੀਸ਼ੀਟ, ਅਡਾਪਸ਼ਨ ਡੀਡ, ਹਲਫੀਆ ਬਿਆਨ, ਫਿੰਗਰ ਪ੍ਰਿੰਟ ਅਤੇ ਹੋਰ ਸਰਟੀਫਿਕੇਟ ਆਦਿ ਦੀ ਸਹੂਲਤ ਦਿੱਤੀ ਜਾਂਦੀ ਹੈ। ਇਹ ਦਸਤਾਵੇਜ ਸਬੰਧਤ ਡਿਪਟੀ ਕਮਿਸ਼ਨਰ ਤੋਂ ਪ੍ਰਤੀ ਹਸਤਾਖਰ ਕਰਵਾਉਣ ਤੋਂ 06 ਮਹੀਨਿਆਂ ਦੀ ਮਿਆਦ ਦੇ ਅੰਦਰ-ਅੰਦਰ ਵਿਭਾਗ ਦੇ ਚੰਡੀਗੜ੍ਹ ਸਥਿਤ ਦਫ਼ਤਰ ਤੋਂ ਤਸਦੀਕ ਕਰਵਾਏ ਜਾ ਸਕਦੇ ਹਨ। ਹੁਣ ਇਹ ਸੇਵਾ ਆਨਲਾਈਨ ਈ-ਸਨਦ ਪੋਰਟਲ ਰਾਹੀਂ ਸਾਰੇ ਪੰਜਾਬ ਵਿੱਚ ਮੁਹੱਈਆ ਕਰਵਾਈ ਗਈ ਹੈ, ਜਿਸ ਨਾਲ ਪ੍ਰਾਰਥੀ ਘਰ ਬੈਠੇ ਹੀ ਆਪਣੇ ਦਸਤਾਵੇਜ਼ਾਂ ਨੂੰ ਕਾਊਂਟਰਸਾਈਨ ਕਰਵਾਉਣ ਸਬੰਧੀ ਅਪਲਾਈ ਕਰ ਸਕਦੇ ਹਨ।
ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਪ੍ਰਵਾਸੀ ਪੰਜਾਬੀਆਂ ਵੱਲੋਂ ਪ੍ਰਾਪਤ ਸ਼ਿਕਾਇਤਾਂ ਦਾ ਨਿਪਟਾਰਾ ਕਰਨ ਲਈ ਸਬੰਧਤ ਵਿਭਾਗਾਂ ਅਤੇ ਏ. ਡੀ. ਜੀ. ਪੀ., ਐੱਨ. ਆਰ. ਆਈ. ਵਿੰਗ ਨੂੰ ਲੋੜੀਂਦੀ ਕਾਰਵਾਈ ਹਿੱਤ ਭੇਜਿਆ ਜਾਂਦਾ ਹੈ। ਪੰਜਾਬ ਸਰਕਾਰ ਵੱਲੋਂ ਐਨ. ਆਰ. ਆਈਜ਼ ਨੂੰ ਆਪਣੀਆਂ ਸਮੱਸਿਆਵਾਂ ਲਈ ਵੱਟਸਅੱਪ ਨੰਬਰ 90560-09884 ਜਾਰੀ ਕੀਤਾ ਗਿਆ ਹੈ।
ਉਹਨਾਂ ਕਿਹਾ ਕਿ ਨੌਜਵਾਨਾਂ ਨੂੰ ਰੋਜ਼ਗਾਰ ਦੇਣ ਦਾ ਵਾਅਦਾ ਪੂਰਾ ਕਰਦਿਆਂ ਸਾਡੀ ਸਰਕਾਰ ਵੱਲੋਂ ਹੁਣ ਤੱਕ 55 ਹਜ਼ਾਰ ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ ਅਤੇ ਇਹ ਸਿਲਸਿਲਾ ਜਾਰੀ ਹੈ। ਛੇਤੀ ਹੀ ਸ਼ੁਰੂ ਹੋਣ ਵਾਲੀ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਹਰੇਕ ਪੰਜਾਬ ਵਾਸੀ ਨੂੰ 10 ਲੱਖ ਰੁਪਏ ਦੀ ਬੀਮਾ ਸਹੂਲਤ ਦਿੱਤੀ ਜਾਵੇਗੀ।
ਕੈਬਨਿਟ ਮੰਤਰੀ ਨੇ ਕਿਹਾ ਕਿ ਸੂਬੇ ਦੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਦੇਣ ਦੇ ਵਾਅਦੇ ਨੂੰ ਪੂਰਾ ਕਰਦਿਆਂ 881 ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ ਗਏ ਹਨ। ਇਨ੍ਹਾਂ ਕਲੀਨਿਕਾਂ `ਚ 80 ਤਰ੍ਹਾਂ ਦੀਆਂ ਦਵਾਈਆਂ ਅਤੇ 38 ਲੈਬ ਟੈਸਟ ਦੀਆਂ ਸੇਵਾਵਾਂ ਮੁਫ਼ਤ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ।
ਲਾਲ ਚੰਦ ਕਟਾਰੂਚੱਕ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਸਾਡੀ ਸਰਕਾਰ ਵੱਲੋਂ "ਯੁੱਧ ਨਸ਼ਿਆ ਵਿਰੁੱਧ" ਮੁਹਿੰਮ ਦੇ ਤੀਜੇ ਪੜਾਅ ਦੇ ਹਿੱਸੇ ਵਜੋਂ ਸਾਰੇ ਸਰਕਾਰੀ ਸਕੂਲਾਂ ਵਿੱਚ ਨੌਵੀਂ ਤੋਂ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਲਈ ਇੱਕ ਨਿਵੇਕਲਾ ਨਸ਼ਾ ਰੋਕਥਾਮ ਪਾਠਕ੍ਰਮ ਸ਼ੁਰੂ ਕੀਤਾ ਗਿਆ, ਜਿਸ ਤਹਿਤ ਤਕਰੀਬਨ 08 ਲੱਖ ਵਿਦਿਆਰਥੀਆਂ ਨੂੰ ਨਸ਼ੀਲੇ ਪਦਾਰਥਾਂ ਦੇ ਸੇਵਨ ਤੋਂ ਬਚਣ ਦੀ ਜਾਣਕਾਰੀ ਦਿੱਤੀ ਜਾ ਰਹੀ ਹੈ।
ਉਹਨਾਂ ਕਿਹਾ ਕਿ ਅਸ਼ੀਰਵਾਦ ਸਕੀਮ ਅਧੀਨ, ਅਨੁਸੂਚਿਤ ਜਾਤੀ ਦੇ 15,777 ਲਾਭਪਾਤਰੀਆਂ ਨੂੰ ਇਸ ਸਾਲ ਹੁਣ ਤੱਕ 80 ਕਰੋੜ ਰੁਪਏ ਤੋਂ ਵੱਧ ਦੀ ਰਕਮ ਜਾਰੀ ਹੋ ਚੁੱਕੀ ਹੈ। ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ‘ਤੇ ਕਮਜ਼ੋਰ ਵਰਗਾਂ ਲਈ 25.90 ਕਰੋੜ ਰੁਪਏ ਜਾਰੀ ਕੀਤੇ ਗਏ ਹਨ।
ਉਹਨਾਂ ਕਿਹਾ ਕਿ ਸਾਡੀ ਸਰਕਾਰ ਨੇ 115 ਸਰਕਾਰੀ ਸਕੂਲਾਂ ਦਾ ਨਾਮ ਆਜ਼ਾਦੀ ਘੁਲਾਟੀਆਂ, ਸ਼ਹੀਦਾਂ ਅਤੇ ਕੌਮਾਂਤਰੀ ਪੱਧਰ `ਤੇ ਨਾਮਣਾ ਖੱਟਣ ਵਾਲੀਆਂ ਸ਼ਖ਼ਸੀਅਤਾਂ ਦੇ ਨਾਮ `ਤੇ ਰੱਖਿਆ ਹੈ। ਵਿਦਿਆਰਥੀਆਂ ਨੂੰ ਇਨ੍ਹਾਂ ਸ਼ਖ਼ਸੀਅਤਾਂ ਦੀਆਂ ਕੁਰਬਾਨੀਆਂ ਤੇ ਯੋਗਦਾਨ ਬਾਰੇ ਜਾਣੂੰ ਕਰਵਾਉਣ ਲਈ ਇਨ੍ਹਾਂ ਦੀਆਂ ਤਸਵੀਰਾਂ ਅਤੇ ਸੰਖੇਪ ਜੀਵਨੀਆਂ ਸਕੂਲਾਂ ਵਿੱਚ ਪ੍ਰਦਰਸ਼ਿਤ ਕੀਤੀਆਂ ਜਾਣਗੀਆਂ।
ਉਹਨਾਂ ਕਿਹਾ ਕਿ ਆਗਾਮੀ ਝੋਨੇ ਦੇ ਖ਼ਰੀਦ ਸੀਜ਼ਨ ਦੇ ਮੱਦੇਨਜ਼ਰ 15 ਸਤੰਬਰ ਤੱਕ ਪੁਖ਼ਤਾ ਪ੍ਰਬੰਧ ਯਕੀਨੀ ਬਣਾਏ ਜਾਣਗੇ। ਰਾਜ ਵਿੱਚੋਂ 190 ਲੱਖ ਮੀਟਰਿਕ ਟਨ ਝੋਨੇ ਦੀ ਖ਼ਰੀਦ ਲਈ ਜੰਗੀ ਪੱਧਰ `ਤੇ ਤਿਆਰੀਆਂ ਜ਼ੋਰਾਂ ਨਾਲ ਜਾਰੀ ਹਨ। ਆਗਾਮੀ ਖਰੀਦ ਸੀਜ਼ਨਾਂ ਦੇ ਮੱਦੇਨਜ਼ਰ ਸੁਚਾਰੂ ਢੰਗ ਨਾਲ ਖਰੀਦ ਯਕੀਨੀ ਬਣਾਉਣ ਲਈ ਚਾਰ ਮੈਂਬਰੀ ਮੰਤਰੀ ਸਮੂਹ ਦਾ ਗਠਨ ਕੀਤਾ ਗਿਆ ਹੈ।
ਕੈਬਨਿਟ ਮੰਤਰੀ ਨੇ ਕਿਹਾ ਕਿ “ਸ੍ਰੀ ਗੁਰੂ ਤੇਗ਼ ਬਹਾਦਰ ਜੀ ਹਰਿਆਵਲ ਸੰਕਲਪ” ਤਹਿਤ 2025-26 ਦੌਰਾਨ ਹਰੇਕ ਜ਼ਿਲ੍ਹੇ ਵਿੱਚ 3.50 ਲੱਖ ਬੂਟੇ ਲਗਾਉਣ ਦੀ ਯੋਜਨਾ ਉਲੀਕੀ ਗਈ ਹੈ। ਸ੍ਰੀ ਗੁਰੂ ਤੇਗ ਬਹਾਦਰ “ਪਵਿੱਤਰ ਵਣ” ਯੋਜਨਾ ਦੇ ਹਿੱਸੇ ਵਜੋਂ 52 “ਪਵਿੱਤਰ ਵਣ” ਸਥਾਪਤ ਕੀਤੇ ਜਾਣਗੇ। ਇਸ ਤੋਂ ਇਲਾਵਾ ਵਿੱਦਿਅਕ ਸੰਸਥਾਵਾਂ ਵਿੱਚ 289 ਅਤੇ ਉਦਯੋਗਿਕ ਖੇਤਰਾਂ ਵਿੱਚ 83 “ਨਾਨਕ ਬਗੀਚੀਆਂ” ਸਥਾਪਿਤ ਕੀਤੀਆਂ ਜਾਣਗੀਆਂ।
ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਆਮ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਤਹਿਤ ਜ਼ਿਲ੍ਹਾ ਤਰਨ ਤਾਰਨ ਦੇ ਸਿਵਲ ਹਸਪਤਾਲ ਵਿੱਚ 16 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲਾ ਕਰੀਟੀਕਲ ਕੇਅਰ ਬਲਾਕ/ਟਰੌਮਾਂ ਸੈਂਟਰ ਇਸ ਸਾਲ ਦੇ ਅੰਤ ਵਿੱਚ ਆਮ ਲੋਕਾਂ ਦੀ ਸੇਵਾ ਵਿੱਚ ਸਮਰਪਿਤ ਕੀਤਾ ਜਾਵੇਗਾ। ਇਸ ਤੋਂ ਇਲਾਵਾ ਸਬ ਡਵੀਜ਼ਨ ਹਸਪਤਾਲ, ਪੱਟੀ ਵਿਖੇ 07 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਜੱਚਾ-ਬੱਚਾ ਸਿਹਤ ਸੰਭਾਲ ਕੇਂਦਰ ਦੀ ਇਮਾਰਤ ਲੱਗਭੱਗ ਮੁਕੰਮਲ ਹੈ ਅਤੇ 30 ਬੈੱਡਾਂ ਵਾਲਾ ਜੱਚਾ-ਬੱਚਾ ਸਿਹਤ ਸੰਭਾਲ ਕੇਂਦਰ ਜਲਦੀ ਹੀ ਇਲਾਕਾ ਨਿਵਾਸੀਆਂ ਨੂੰ ਸਮਰਪਿਤ ਕਰ ਦਿੱਤਾ ਜਾਵੇਗਾ।
ਇਸ ਮੌਕੇ ਮੁੱਖ ਮਹਿਮਾਨ ਕੈਬਨਿਟ ਮੰਤਰੀ ਪੰਜਾਬ ਸ੍ਰੀ ਲਾਲ ਚੰਦ ਕਟਾਰੂਚੱਕ ਵੱਲੋਂ ਆਜ਼ਾਦੀ ਘੁਲਾਟੀਆਂ ਅਤੇ ਸ਼ਹੀਦ ਸੈਨਿਕਾਂ ਦੇ ਪਰਿਵਾਰਾਂ ਨੂੰ ਸਨਮਾਨਿਤ ਕੀਤਾ ਗਿਆ ਅਤੇ ਲੋੜਵੰਦਾਂ ਨੂੰ ਸਿਲਾਈ ਮਸ਼ੀਨਾਂ ਤੇ ਟਰਾਈ ਸਾਈਕਲ ਵੀ ਭੇਂਟ ਕੀਤੇ ਗਏ। ਇਸ ਤੋਂ ਇਲਾਵਾ ਵੱਖ-ਵੱਖ ਖੇਤਰਾਂ ਵਿੱਚ ਪ੍ਰਾਪਤੀਆਂ ਕਰਨ ਵਾਲੀਆਂ ਸਖਸ਼ੀਅਤਾਂ ਦਾ ਵਿਸ਼ੇਸ ਸਨਮਾਨ ਕੀਤਾ ਗਿਆ।
ਇਸ ਮੌਕੇ ਕੈਬਨਿਟ ਮੰਤਰੀ ਨੇ ਜ਼ਿਲ੍ਹਾ ਤਰਨ ਤਾਰਨ ਦੇ ਹਲਕਾ ਖੇਮਕਰਨ ਵਿੱਚ, ਸ਼ਹੀਦ-ਏ-ਆਜ਼ਮ ਸ੍ਰ. ਭਗਤ ਸਿੰਘ ਦੇ ਪੁਰਖਿਆ ਦੇ ਪਿੰਡ ਨਾਰਲੀ ਵਿਖੇ ਨੇਚਰ ਪਾਰਕ ਬਣਾਉਣ ਲਈ 25 ਲੱਖ ਰੁਪਏ ਦੀ ਗ੍ਰਾਂਟ ਦੇਣ ਦਾ ਵੀ ਐਲਾਨ ਕੀਤਾ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਜਨਰਲ ਸ੍ਰੀ ਰਾਜਦੀਪ ਸਿੰਘ ਬਰਾੜ, ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ੍ਰੀ ਸੰਜੀਵ ਸ਼ਰਮਾ, ਡਾਇਰੈਕਟਰ ਪ੍ਰਬੰਧਕੀ ਪੀ. ਐੱਸ. ਪੀ. ਸੀ. ਐੱਲ, ਸ੍ਰੀ ਜਸਬੀਰ ਸਿੰਘ ਸੁਰਸਿੰਘ, ਚੇਅਰਮੈਨ ਜ਼ਿਲਾ ਯੋਜਨਾ ਕਮੇਟੀ ਸ੍ਰੀ ਗੁਰਵਿੰਦਰ ਸਿੰਘ ਬਹਿੜਵਾਲ, ਸ੍ਰੀ ਗੁਰਦੇਵ ਸਿੰਘ ਲਾਖਣਾ ਚੇਅਰਮੈਨ ਵੇਅਰ ਹਾਊਸ ਕਾਰਪੋਰੇਸ਼ਨ, ਸ੍ਰੀ ਗੁਰਦੇਵ ਸਿੰਘ ਸੰਧੂ ਵਾਈਸ ਚੇਅਰਮੈਨ ਜੰਗਲਾਤ ਵਿਭਾਗ, ਸ੍ਰੀ ਅੰਗਦਦੀਪ ਸਿੰਘ ਸੋਹਲ ਡਾਇਰੈਕਟਰ ਪੰਜਾਬ ਯੂਥ ਡਿਵੈੱਲਪਮੈਂਟ, ਸ੍ਰੀ ਰਜਿੰਦਰ ਸਿੰਘ ਉਸਮਾਂ ਚੇਅਰਮੈਨ ਨਗਰ ਸੁਧਾਰ ਟਰੱਸਟ ਤਰਨ ਤਾਰਨ, ਚੇਅਰਮੈਨ ਸ੍ਰੀ ਬਲਜੀਤ ਸਿੰਘ ਖਹਿਰਾ, ਚੇਅਰਮੈਨ ਹਰਜੀਤ ਸਿੰਘ ਸੰਧੂ ਅਤੇ ਰੁਪਿੰਦਰ ਕੌਰ ਸੰਧੂ ਵਾਈਸ ਚੇਅਰਮੈਨ ਨਗਰ ਸੁਧਾਰ ਟਰੱਸਟ ਤੋਂ ਇਲਾਵਾ ਸਿਵਲ ਤੇ ਪੁਲਿਸ ਅਧਿਕਾਰੀ ਤੇ ਮੋਹਤਬਰ ਵਿਅਕਤੀ ਹਾਜ਼ਰ ਸਨ।