ਬਠਿੰਡਾ ਜ਼ਿਲ੍ਹੇ ਦੇ ਹੌਟਸਪੋਟ ਇਲਾਕਿਆਂ ਵਿੱਚ ਨਸ਼ਿਆਂ ਵਿਰੁੱਧ ਮੁਹਿੰਮ
ਅਸ਼ੋਕ ਵਰਮਾ
ਬਠਿੰਡਾ, 19 ਅਗਸਤ 2025 : ਮੁੱਖ ਮੰਤਰੀ ਪੰਜਾਬ ਸ੍ਰ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਦੇ ਤਹਿਤ ਡੀ ਆਈ ਜੀ ਬਠਿੰਡਾ ਰੇਂਜ ਸ. ਹਰਜੀਤ ਸਿੰਘ ਅਤੇ ਐਸਐਸਪੀ ਮੈਡਮ ਅਮਨੀਤ ਕੌਂਡਲ ਦੀ ਅਗਵਾਈ ਹੇਠ ਅੱਜ ਜ਼ਿਲ੍ਹੇ ਦੇ ਹੌਟਸਪੋਟ ਇਲਾਕਿਆਂ ਵਿੱਚ ਨਸ਼ਿਆ ਵਿਰੁੱਧ ਸਰਚ ਅਭਿਆਨ ਚਲਾਇਆ ਗਿਆ।
ਇਸ ਮੌਕੇ ਡੀ ਆਈ ਜੀ ਬਠਿੰਡਾ ਰੇਂਜ ਸ. ਹਰਜੀਤ ਸਿੰਘ ਨੇ ਕਿਹਾ ਕਿ ਇਸ ਸਰਚ ਅਭਿਆਨ ਦਾ ਮੁੱਖ ਮੰਤਵ ਜ਼ਿਲ੍ਹੇ ਅੰਦਰ ਕਾਨੂੰਨ-ਵਿਵਸਥਾ ਨੂੰ ਬਰਕਰਾਰ ਰੱਖਣਾ ਹੈ ਤਾਂ ਜੋ ਨਸ਼ਾ ਤਸਕਰਾਂ ਤੇ ਮਾੜੇ ਅਨਸਰਾਂ 'ਤੇ ਨੱਥ ਪਾਈ ਜਾ ਸਕੇ। ਇਸ ਮੌਕੇ ਉਨ੍ਹਾਂ ਇਹ ਵੀ ਕਿਹਾ ਕਿ ਬਠਿੰਡਾ ਪੁਲਿਸ ਸੁਰੱਖਿਆ ਅਤੇ ਨਸ਼ਾ ਮੁਕਤ ਸਮਾਜ ਲਈ ਵਚਨਬੱਧ ਹੈ।
ਇਸ ਮੌਕੇ ਐਸਐਸਪੀ ਮੈਡਮ ਅਮਨੀਤ ਕੌਂਡਲ ਨੇ ਕਿਹਾ ਕਿ ਨਸ਼ੇ ਨੂੰ ਠੱਲ੍ਹ ਪਾਉਣ ਲਈ ਸਿਵਲ ਤੇ ਪੁਲਿਸ ਪ੍ਰਸ਼ਾਸਨ ਵਲੋਂ ਵਿਆਪਕ ਪੱਧਰ ‘ਤੇ ਲਗਾਤਾਰ ਕਾਰਵਾਈਆਂ ਅਮਲ ਵਿੱਚ ਲਿਆਂਦੀਆਂ ਜਾ ਰਹੀਆਂ ਹਨ, ਜਿਸ ਦੇ ਸਾਰਥਿਕ ਨਤੀਜੇ ਸਾਹਮਣੇ ਆ ਰਹੇ ਹਨ।
ਉਨ੍ਹਾਂ ਆਮ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜੇਕਰ ਪਿੰਡਾਂ ਜਾਂ ਸ਼ਹਿਰਾਂ ਚ ਤੁਹਾਡੇ ਆਲੇ-ਦੁਆਲੇ ਕੋਈ ਵੀ ਤਸਕਰ ਨਸ਼ਾ ਵੇਚਦਾ ਹੈ ਤਾਂ ਉਸ ਸਬੰਧੀ ਪੁਲਿਸ ਦੇ ਐਂਟੀ ਡਰੱਗ ਵਟਸਐਪ ਚੈਟਬੋਟ ਨੰਬਰ 97791-00200 ‘ਤੇ ਸੰਪਰਕ ਕਰ ਸਕਦੇ ਹਨ। ਉਨ੍ਹਾਂ ਇਹ ਵੀ ਕਿਹਾ ਕਿ ਨਸ਼ੇ ਦੇ ਸੌਦਾਗਰ ਦਾ ਪਤਾ ਦੱਸਣ ਵਾਲੇ ਵਿਅਕਤੀ ਦੀ ਪਹਿਚਾਣ ਤੇ ਨਾਮ ਗੁਪਤ ਰੱਖਿਆ ਜਾਵੇਗਾ।