ਵੋਟਰ ਸੂਚੀ ਮਾਮਲਾ: ਡਿਪਟੀ ਕਮਿਸ਼ਨਰ ਵੱਲੋਂ ਵੱਖ-ਵੱਖ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ
ਅਸ਼ੋਕ ਵਰਮਾ
ਬਠਿੰਡਾ, 20 ਅਗਸਤ 2025: ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ਼੍ਰੀ ਸ਼ੌਕਤ ਅਹਿਮਦ ਪਰੇ ਵੱਲੋਂ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ (ਐਸ.ਆਈ.ਆਰ.), ਬੂਥ ਲੈਵਲ ਏਜੰਟ (ਬੀ.ਐੱਲ.ਏ.) ਦੀ ਨਿਯੁਕਤੀ ਅਤੇ ਪੋਲਿੰਗ ਸਟੇਸ਼ਨਾਂ ਦੀ ਰੈਸ਼ਨੇਲਾਈਜੇਸ਼ਨ ਦੇ ਮੱਦੇਨਜ਼ਰ ਵੱਖ-ਵੱਖ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਕੀਤੀ ਗਈ।
ਇਸ ਦੌਰਾਨ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ, ਨਵੀ ਦਿੱਲੀ ਵੱਲੋਂ ਭਵਿੱਖ ਵਿੱਚ ਕਿਸੇ ਵੀ ਸਮੇਂ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ ਦਾ ਐਲਾਨ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ ਦੌਰਾਨ ਰਾਜਨੀਤਿਕ ਪਾਰਟੀਆਂ ਦਾ ਅਹਿਮ ਰੋਲ ਹੁੰਦਾ ਹੈ। ਉਨ੍ਹਾਂ ਰਾਜਨੀਤਿਕ ਪਾਰਟੀਆਂ ਨੂੰ ਬੂਥ ਲੈਵਲ ਏਜੰਟ (ਬੀਐੱਲਏ) ਨਿਯੁਕਤ ਕਰਨ ਅਤੇ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ ਬਾਰੇ ਜਾਣਕਾਰੀ ਸਾਂਝੀ ਕੀਤੀ। ਇਸ ਦੌਰਾਨ ਉਨ੍ਹਾਂ ਸਮੂਹ ਨੁਮਾਇੰਦਿਆਂ ਨੂੰ ਬੂਥ ਲੈਵਲ ਏਜੰਟ ਨਿਯੁਕਤ ਕਰਨ ਲਈ ਅਪੀਲ ਵੀ ਕੀਤੀ।
ਉਨ੍ਹਾਂ ਕਿਹਾ ਕਿ ਬੂਥ ਲੈਵਲ ਅਫਸਰ (ਬੀ.ਐਲ.ਓ.) ਅਤੇ ਬੂਥ ਲੈਵਲ ਏਜੰਟ (ਬੀ.ਐਲ.ਏ.) ਮਿਲ ਕੇ ਵੋਟਰ ਸੂਚੀ ਨੂੰ ਦਰੁਸੱਤ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਇੱਕ ਬੀਐਲਏ ਇੱਕ ਦਿਨ ਵਿੱਚ 10 ਫਾਰਮ ਅਤੇ ਪੂਰੀ ਸੁਧਾਈ ਦੌਰਾਨ 30 ਫਾਰਮ ਬੂਥ ਲੈਵਲ ਅਫਸਰ ਕੋਲ ਜਮ੍ਹਾ ਕਰਵਾ ਸਕਦਾ ਹੈ। ਇਸ ਮੌਕੇ ਮੀਟਿੰਗ ਦੌਰਾਨ ਸਮੂਹ ਰਾਜੀਨੀਤਿਕ ਪਾਰਟੀਆਂ ਨੂੰ ਫਾਰਮ ਬੀਐਲਏ 1 ਅਤੇ ਬੀਐਲਏ 2 ਦੀ ਕਾਪੀ ਵੀ ਮੁਹੱਈਆ ਕਰਵਾਈ ਗਈ।
ਇਸ ਮੌਕੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਨੇ ਭਵਿੱਖ ਵਿੱਚ ਹੋਣ ਵਾਲੇ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ ਦੌਰਾਨ ਨਵੀਂ ਵੋਟ ਬਣਾਉਣ ਲਈ ਫਾਰਮ ਨੰਬਰ 6, ਪਹਿਲਾਂ ਦਰਜ ਵੋਟ ਕਟਵਾਉਣ ਲਈ ਫਾਰਮ ਨੰਬਰ 7 ਅਤੇ ਇੰਦਰਾਜਾਂ ਵਿੱਚ ਸੋਧ ਕਰਵਾਉਣ ਲਈ ਫਾਰਮ ਨੰਬਰ 8 ਆਨਲਾਈਨ/ਆਫਲਾਈਨ ਭਰਿਆ ਜਾ ਸਕਦਾ ਹੈ। ਪ੍ਰਵਾਸੀ ਭਾਰਤੀ ਫਾਰਮ ਨੰਬਰ 6-ਏ ਭਰਕੇ ਆਪਣੀ ਵੋਟ ਬਣਵਾ ਸਕਦੇ ਹਨ ।
ਉਨ੍ਹਾਂ ਕਿਹਾ ਕਿ ਭਾਰਤ ਚੋਣ ਕਮਿਸ਼ਨ, ਨਵੀਂ ਦਿੱਲੀ ਵੱਲੋਂ ਇੱਕ ਪੋਲਿੰਗ ਸਟੇਸ਼ਨ ਤੇ ਵੋਟਰਾਂ ਦੀ ਗਿਣਤੀ 1400 ਤੋਂ ਘਟਾ ਕੇ 1200 ਕਰ ਦਿੱਤੀ ਗਈ ਹੈ। ਜ਼ਿਲ੍ਹੇ ਵਿੱਚ 1200 ਤੋਂ ਵੱਧ ਵੋਟਰਾਂ ਵਾਲੇ 35 ਪੋਲਿੰਗ ਸਟੇਸ਼ਨ ਹਨ। ਜਿਨ੍ਹਾਂ ਨੂੰ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ ਦੌਰਾਨ ਰੈਸ਼ਨੇਲਾਈਜੇਸ਼ਨ ਕਰਨ ਉਪਰੰਤ 22 ਨਵੇਂ ਪੋਲਿੰਗ ਸਟੇਸ਼ਨ ਬਣਨ ਦੀ ਸੰਭਾਵਨਾ ਹੈ। ਅਖੀਰ ਵਿੱਚ ਡਿਪਟੀ ਕਮਿਸ਼ਨਰ ਨੇ ਵੱਖ-ਵੱਖ ਰਾਜਨੀਤਿਕ ਪਾਰਟੀਆਂ ਤੋਂ ਪੁੱਛਿਆ ਕਿ ਜੇਕਰ ਕੋਈ ਵੀ ਸ਼ਿਕਾਇਤ ਜਾਂ ਸੁਝਾਅ ਹੋਵੇ ਤਾਂ ਇਸ ਉਨ੍ਹਾਂ ਦੇ ਧਿਆਨ ਵਿੱਚ ਲਿਆ ਦਿੱਤਾ ਜਾਵੇ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਮੈਡਮ ਕੰਚਨ, ਵਧੀਕ ਡਿਪਟੀ ਕਮਿਸ਼ਨਰ (ਜਨਰਲ) ਮੈਡਮ ਪੂਨਮ ਸਿੰਘ, ਤਹਿਸੀਲਦਾਰ ਚੋਣਾਂ ਮੈਡਮ ਹਰਜਿੰਦਰ ਕੌਰ ਤੋਂ ਇਲਾਵਾ ਸ਼੍ਰੋਮਣੀ ਅਕਾਲੀ ਦਲ ਤੋਂ ਸ਼੍ਰੀ ਗੁਰਪ੍ਰੀਤ ਸਿੰਘ, ਇੰਡੀਅਨ ਨੈਸ਼ਨਲ ਕਾਂਗਰਸ ਪਾਰਟੀ ਤੋਂ ਸ਼੍ਰੀ ਸੁਨਿਲ ਕੁਮਾਰ ਤੇ ਸ਼੍ਰੀ ਰਣਜੀਤ ਸਿੰਘ, ਭਾਰਤੀਯ ਜਨਤਾ ਪਾਰਟੀ ਤੋਂ ਸ਼੍ਰੀ ਰਵੀ ਮੌਰੀਆ, ਆਮ ਆਦਮੀ ਪਾਰਟੀ ਤੋਂ ਸ਼੍ਰੀ ਬੱਲੀ ਬਲਜੀਤ ਤੇ ਸ਼੍ਰੀ ਬਲਵਿੰਦਰ ਸਿੰਘ, ਸੀ.ਪੀ.ਆਈ (ਐਮ) ਤੋਂ ਸ਼੍ਰੀ ਬਨਵਾਰੀ ਲਾਲ ਅਤੇ ਬਹੁਜਨ ਸਮਾਜ ਪਾਰਟੀ ਸ਼੍ਰੀ ਸੁਰਿੰਦਰ ਕੁਮਾਰ ਆਦਿ ਹਾਜ਼ਰ ਸਨ।