ਪੰਜਾਬ-ਹਰਿਆਣਾ ਹਾਈ ਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ
ਚੰਡੀਗੜ੍ਹ: ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੂੰ ਇੱਕ ਵਾਰ ਫਿਰ ਤੋਂ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਸਵੇਰੇ ਚੀਫ਼ ਜਸਟਿਸ ਨੂੰ ਈਮੇਲ ਰਾਹੀਂ ਇਹ ਧਮਕੀ ਦਿੱਤੀ ਗਈ ਸੀ। ਈਮੇਲ ਵਿੱਚ ਲਿਖਿਆ ਸੀ ਕਿ ਦੁਪਹਿਰ 1.35 ਵਜੇ ਹਾਈ ਕੋਰਟ ਕੰਪਲੈਕਸ ਨੂੰ ਬੰਬ ਨਾਲ ਉਡਾ ਦਿੱਤਾ ਜਾਵੇਗਾ।
ਇਸ ਧਮਕੀ ਤੋਂ ਬਾਅਦ ਤੁਰੰਤ ਹੀ ਸੁਰੱਖਿਆ ਏਜੰਸੀਆਂ ਹਰਕਤ ਵਿੱਚ ਆ ਗਈਆਂ। ਚੰਡੀਗੜ੍ਹ ਪੁਲਿਸ ਨੇ ਹਾਈ ਕੋਰਟ ਕੰਪਲੈਕਸ ਨੂੰ ਖਾਲੀ ਕਰਵਾ ਕੇ ਸੁਰੱਖਿਆ ਵਧਾ ਦਿੱਤੀ ਹੈ। ਬੰਬ ਸਕੁਐਡ ਅਤੇ ਡਾਗ ਸਕੁਐਡ ਦੀਆਂ ਟੀਮਾਂ ਨੇ ਪੂਰੇ ਹਾਈ ਕੋਰਟ ਕੰਪਲੈਕਸ ਵਿੱਚ ਤਲਾਸ਼ੀ ਮੁਹਿੰਮ ਚਲਾਈ।
ਹਾਲਾਂਕਿ, ਤਲਾਸ਼ੀ ਦੌਰਾਨ ਕੋਈ ਵੀ ਸ਼ੱਕੀ ਵਸਤੂ ਨਹੀਂ ਮਿਲੀ। ਪੁਲਿਸ ਨੇ ਇਸ ਨੂੰ ਇੱਕ ਅਫਵਾਹ ਮੰਨਿਆ ਹੈ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਕਈ ਵਾਰ ਅਜਿਹੀਆਂ ਧਮਕੀਆਂ ਮਿਲ ਚੁੱਕੀਆਂ ਹਨ। ਧਮਕੀ ਦੇਣ ਵਾਲੇ ਦੀ ਪਛਾਣ ਕਰਨ ਲਈ ਜਾਂਚ ਜਾਰੀ ਹੈ।