ਹੜ੍ਹਾਂ ਵਰਗੀ ਸਥਿਤੀ ਨਾਲ ਨਜਿੱਠਣ ਲਈ ਜਲੰਧਰ ਪ੍ਰਸ਼ਾਸਨ ਪੂਰੀ ਤਰ੍ਹਾਂ ਤਿਆਰ : ਡਿਪਟੀ ਕਮਿਸ਼ਨਰ
- ਕਿਹਾ, ਘਬਰਾਉਣ ਦੀ ਲੋੜ ਨਹੀਂ, ਜ਼ਿਲ੍ਹੇ ਵਿੱਚ ਹੜ੍ਹਾਂ ਦਾ ਕੋਈ ਖ਼ਤਰਾ ਨਹੀਂ
- ਸ਼ਾਹਕੋਟ ਦੇ ਸੰਭਾਵਿਤ ਹੜ੍ਹ ਖੇਤਰ ’ਚ ਕਰਵਾਈ ਮੌਕ ਡਰਿੱਲ
- ਜ਼ਿਲ੍ਹੇ 'ਚ ਸਟੇਟ ਅਤੇ ਜ਼ਿਲ੍ਹਾ ਪੱਧਰੀ ਕੰਟਰੋਲ ਰੂਮ ਸਥਾਪਿਤ, 54 ਰਾਹਤ ਕੈਂਪਾਂ ਦੀ ਕੀਤੀ ਸ਼ਨਾਖਤ
ਜਲੰਧਰ, 29 ਅਗਸਤ 2025 - ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਹੜ੍ਹਾਂ ਵਰਗੀ ਸਥਿਤੀ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ ਹੈ। ਉਨ੍ਹਾਂ ਕਿਹਾ ਕਿ ਭਾਵੇਂ ਜ਼ਿਲ੍ਹੇ ਵਿੱਚ ਹੜ੍ਹਾਂ ਦਾ ਕੋਈ ਖ਼ਤਰਾ ਨਹੀਂ ਹੈ, ਪਰ ਜ਼ਿਲ੍ਹਾ ਪ੍ਰਸ਼ਾਸਨ ਪੂਰੀ ਤਰ੍ਹਾਂ ਚੌਕਸ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਲੋਕਾਂ ਨੂੰ ਘਬਰਾਉਣ ਦੀ ਬਿਲਕੁਲ ਲੋੜ ਨਹੀਂ ਹੈ, ਕਿਉਂਕਿ ਜ਼ਿਲ੍ਹਾ ਪ੍ਰਸ਼ਾਸਨ ਹੜ੍ਹਾਂ ਵਰਗੇ ਹਾਲਾਤ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਫਿਲਹਾਲ ਹੜ੍ਹਾਂ ਦਾ ਕੋਈ ਖਤਰਾ ਨਹੀਂ ਹੈ, ਪਰ ਇਸਦੇ ਬਾਵਜੂਦ ਜ਼ਿਲ੍ਹੇ ਦੇ ਅਧਿਕਾਰੀਆਂ ਨੂੰ ਪੂਰੀ ਤਰ੍ਹਾਂ ਚੌਕਸ ਰਹਿਣ ਦੀਆਂ ਹਦਾਇਤਾਂ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਸਬੰਧਿਤ ਐਸ.ਡੀ.ਐਮਜ਼ ਵਲੋਂ ਖੁਦ ਨਿੱਜੀ ਤੌਰ ’ਤੇ ਫੀਲਡ ਵਿੱਚ ਜਾ ਕੇ ਜਿਥੇ ਸਥਿਤੀ ਦਾ ਜਾਇਜ਼ਾ ਲਿਆ ਜਾ ਰਿਹਾ ਹੈ, ਉਥੇ ਲਗਾਤਾਰ ਲੋਕਾਂ ਨਾਲ ਰਾਬਤਾ ਕਾਇਮ ਰੱਖਿਆ ਜਾ ਰਿਹਾ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਬ ਡਵੀਜ਼ਨ ਸ਼ਾਹਕੋਟ ਦੇ ਸੰਭਾਵਿਤ ਹੜ੍ਹ ਖੇਤਰਾਂ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਐਸ.ਡੀ.ਐਮ ਸ਼ਾਹਕੋਟ ਸ਼ੁਭੀ ਆਂਗਰਾ ਦੀ ਅਗਵਾਈ ਵਿੱਚ ਮੌਕ ਡਰਿੱਲ ਕਰਵਾਈ ਗਈ। ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਇਕ ਮੌਕ ਡਰਿੱਲ 8 ਜੁਲਾਈ ਨੂੰ ਫਿਲੌਰ ਵਿਖੇ ਵੀ ਕਰਵਾਈ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਇਸ ਮੌਕ ਡਰਿੱਲ ਦੌਰਾਨ ਜਿੱਥੇ ਪ੍ਰਸ਼ਾਸਨ ਵਲੋਂ ਹੜ੍ਹ ਦੀ ਸਥਿਤੀ ਨਾਲ ਨਜਿੱਠਣ ਦਾ ਅਭਿਆਸ ਕੀਤਾ ਜਾਂਦਾ ਹੈ, ਉੱਥੇ ਅਜਿਹੀ ਸਥਿਤੀ ਲਈ ਤਿਆਰੀਆਂ ਨੂੰ ਹੋਰ ਮਜ਼ਬੂਤ ਕੀਤਾ ਜਾਂਦਾ ਹੈ। ਇਸ ਤੋਂ ਇਲਾਵਾ ਹੜ੍ਹਾਂ ਵਰਗੇ ਹਾਲਾਤ ਦੌਰਾਨ ਪ੍ਰਭਾਵਿਤ ਲੋਕਾਂ ਵਲੋਂ ਉਠਾਏ ਜਾਣ ਵਾਲੇ ਜ਼ਰੂਰੀ ਕਦਮਾਂ ਸਬੰਧੀ ਵੀ ਜਾਣੂੰ ਕਰਵਾਇਆ ਜਾਂਦਾ ਹੈ।
ਡਾ. ਅਗਰਵਾਲ ਨੇ ਦੱਸਿਆ ਕਿ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਵਿੱਚ ਹੜ੍ਹਾਂ ਦੀ ਕਿਸੇ ਵੀ ਸੰਭਾਵੀ ਸਥਿਤੀ ਨਾਲ ਨਜਿੱਠਣ ਅਤੇ ਪ੍ਰਭਾਵਿਤ ਖੇਤਰਾਂ ਵਿੱਚ ਤੁਰੰਤ ਰਾਹਤ ਪਹੁੰਚਾਉਣ ਲਈ ਜਲੰਧਰ ਦੇ ਸਰਕਟ ਹਾਊਸ ਵਿਖੇ ਇੱਕ ਸਟੇਟ ਦਾ ਹੜ੍ਹ ਕੰਟਰੋਲ ਰੂਮ ਸਥਾਪਤ ਕੀਤਾ ਗਿਆ ਹੈ। ਇਹ ਕੰਟਰੋਲ ਰੂਮ 24 ਘੰਟੇ ਕੰਮ ਕਰ ਰਿਹਾ ਹੈ। ਸਰਕਾਰ ਵਲੋਂ ਇੱਕ ਐਮਰਜੈਂਸੀ ਨੰਬਰ 0181-2240064 ਵੀ ਜਾਰੀ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਪਹਿਲਕਦਮੀ ਦਾ ਮੁੱਖ ਉਦੇਸ਼ ਹੜ੍ਹਾਂ ਦੀ ਰੋਕਥਾਮ ਅਤੇ ਪ੍ਰਬੰਧਨ ਨੂੰ ਹੋਰ ਮਜ਼ਬੂਤ ਕਰਨਾ ਹੈ। ਉਨ੍ਹਾਂ ਦੱਸਿਆ ਕਿ ਸਟੇਟ ਕੰਟਰੋਲ ਰੂਮ ਤੋਂ ਇਲਾਵਾ ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ ਪਹਿਲਾਂ ਹੀ ਜ਼ਿਲ੍ਹਾ ਪੱਧਰ ’ਤੇ ਹੜ੍ਹ ਕੰਟਰੋਲ ਰੂਮ ਵੀ ਸਥਾਪਤ ਕੀਤਾ ਗਿਆ ਹੈ, ਜਿਸ ਦਾ ਫੋਨ ਨੰਬਰ 0181-2224417 ਹੈ। ਉਨ੍ਹਾਂ ਕਿਹਾ ਕਿ ਹੜ੍ਹਾਂ ਵਰਗੀ ਸਥਿਤੀ ਨਾਲ ਨਜਿੱਠਣ ਲਈ ਜ਼ਿਲ੍ਹੇ ਵਿੱਚ 54 ਰਾਹਤ ਕੈਂਪਾਂ ਦੀ ਸ਼ਨਾਖ਼ਤ ਵੀ ਕਰ ਲਈ ਗਈ ਹੈ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਤਲੁਜ ਦਰਿਆ ਵਿੱਚ ਪਾਣੀ ਦਾ ਪੱਧਰ ਵਧਣ ਕਾਰਨ ਜੇਕਰ ਹੜ੍ਹ ਵਰਗੇ ਕੋਈ ਵੀ ਹਾਲਾਤ ਪੈਦਾ ਹੁੰਦੇ ਹਨ ਤਾਂ ਪ੍ਰਸ਼ਾਸਨ ਬਿਨਾਂ ਕਿਸੇ ਦੇਰੀ ਰਾਹਤ ਕਾਰਜ ਚਲਾਉਣ ਲਈ ਢੁੱਕਵੇਂ ਪ੍ਰਬੰਧਾਂ ਤੇ ਤਿਆਰੀ ਨਾਲ ਲੈਸ ਹੈ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਕੋਲ ਲੋੜੀਂਦੀ ਗਿਣਤੀ ਵਿੱਚ ਸੈਂਡ ਬੈਗ, ਜ਼ਰੂਰੀ ਮਸ਼ੀਨਰੀ ਅਤੇ ਰੈਸਕਿਊ ਟੀਮਾਂ ਤਿਆਰ ਹਨ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕਿਸ਼ਤੀਆਂ, ਲਾਈਫ਼ ਜੈਕਟਾਂ, ਤਰਪਾਲਾਂ, ਪਾਣੀ ਕੱਢਣ ਵਾਲੇ ਪੰਪਾਂ ਸਮੇਤ ਲੋੜੀਂਦੀ ਮਸ਼ੀਨੀ ਉਪਲਬਧ ਹੈ। ਇਸ ਤੋਂ ਇਲਾਵਾ ਜਿਥੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਦੀਆਂ ਡਿਊਟੀਆ ਲਗਾਈਆਂ ਜਾ ਚੁੱਕੀਆਂ ਹਨ, ਉਥੇ ਐਨ.ਡੀ.ਆਰ.ਐਫ, ਐਸ.ਡੀ.ਆਰ.ਐਫ ਅਤੇ ਆਰਮੀ ਨਾਲ ਵੀ ਤਾਲਮੇਲ ਕਰ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਦਵਾਈਆਂ ਆਦਿ ਦਾ ਪ੍ਰਬੰਧ ਕਰ ਲਿਆ ਗਿਆ ਹੈ, ਜਿਸ ਦੀ ਲੋੜ ਪੈਣ 'ਤੇ ਵਰਤੋਂ ਕੀਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਵਲੋਂ ਜਿੱਥੇ ਸਿਹਤ ਸਹੂਲਤਾਂ ਯਕੀਨੀ ਬਣਾਈਆਂ ਜਾਣਗੀਆਂ, ਉੱਥੇ ਖੇਤੀਬਾੜੀ ਵਿਭਾਗ ਵਲੋਂ ਪਸ਼ੂਆਂ ਲਈ ਚਾਰੇ ਆਦਿ ਦਾ ਬੰਦੋਬਸਤ ਵੀ ਕੀਤਾ ਜਾਵੇਗਾ।