ਸਿਹਤ ਵਿਭਾਗ ਲੋਕਾਂ ਨੂੰ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਹਰ ਵੇਲੇ ਤਿਆਰ : ਡਾ. ਨਵਰੂਪ ਕੌਰ
ਜ਼ਿਲ੍ਹਾ ਟੀਕਾਕਰਨ ਅਫ਼ਸਰ ਰੂਪਨਗਰ ਨੇ ਕੀਤਾ ਕੀਰਤਪੁਰ ਸਾਹਿਬ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ
ਕੀਰਤਪੁਰ ਸਾਹਿਬਃ- 30 ਅਗਸਤ 2025
ਰਵੀ ਜੱਖੂ
ਸਿਵਲ ਸਰਜਨ ਰੂਪਨਗਰ, ਡਾ. ਬਲਵਿੰਦਰ ਕੌਰ ਦੇ ਹੁਕਮਾਂ ਅਤੇ ਹੜ੍ਹ ਨੋਡਲ ਅਧਿਕਾਰੀ ਡਾਕਟਰ ਬੌਬੀ ਗੁਲਾਟੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਟੀਕਾਕਰਨ ਅਧਿਕਾਰੀ ਡਾ. ਨਵਰੂਪ ਕੌਰ ਨੇ ਹੈਲਥ ਇੰਸਪੈਕਟਰ ਬਲਵੰਤ ਰਾਏ, ਨਰੇਸ਼ ਕੁਮਾਰ ਅਤੇ ਸੁੱਚਾ ਸਿੰਘ ਨਾਲ਼ ਮਿਲ ਕੇ ਕੀਰਤਪੁਰ ਸਾਹਿਬ ਅਤੇ ਸ਼੍ਰੀ ਅਨੰਦਪੁਰ ਸਾਹਿਬ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ ਕੀਤਾ। ਪਿਛਲੇ ਕਈ ਦਿਨਾਂ ਤੋਂ ਪੰਜਾਬ, ਹਿਮਾਚਲ ਸਮੇਤ ਕਈ ਸੂਬਿਆਂ ਵਿੱਚ ਹੜ੍ਹ ਵਰਗੇ ਹਾਲਾਤ ਬਣੇ ਹੋਏ ਹਨ।
ਜਾਣਕਾਰੀ ਦਿੰਦਿਆਂ ਸੀਨੀਅਰ ਮੈਡੀਕਲ ਅਫ਼ਸਰ ਇੰ: ਕੀਰਤਪੁਰ ਸਾਹਿਬ, ਡਾ. ਜੰਗਜੀਤ ਸਿੰਘ ਨੇ ਦੱਸਿਆ ਕਿ ਪ੍ਰਭਾਵਿਤ ਪਿੰਡਾਂ ਵਿੱਚ ਲੋਕਾਂ ਦੀ ਸਿਹਤ ਨੂੰ ਮੁੱਖ ਰੱਖਦੇ ਹੋਏ ਲਗਾਤਾਰ ਸਿਹਤ ਮੁਲਾਜ਼ਮਾਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ ਤਾਂ ਜੋ ਕਿਸੀ ਵੀ ਵਿਅਕਤੀ ਨੂੰ ਸਿਹਤ ਪ੍ਰਤੀ ਕੋਈ ਸਮੱਸਿਆ ਨਾ ਆਵੇ। ਉਹਨਾਂ ਦੱਸਿਆ ਕਿ ਡਾ. ਨਵਰੂਪ ਕੌਰ ਨੇ ਬਲਾਕ ਕੀਰਤਪੁਰ ਸਾਹਿਬ ਅਧੀਨ ਪਿੰਡ ਲੋਦੀਪੁਰ ਅਤੇ ਬੁਰਜ ਦਾ ਦੌਰਾ ਕਰਕੇ ਲੋਕਾਂ ਨਾਲ਼ ਗੱਲਬਾਤ ਕੀਤੀ ਅਤੇ ਦਿੱਤੀਆਂ ਜਾ ਰਹੀਆਂ ਸਿਹਤ ਸਹੂਲਤਾਂ ਬਾਰੇ ਵੀ ਲੋਕਾਂ ਨੂੰ ਜਾਣਕਾਰੀ ਦਿੱਤੀ। ਉਹਨਾਂ ਲੋਕਾਂ ਨੂੰ ਕਿਹਾ ਕਿ ਇਸ ਮੁਸ਼ਕਿਲ ਦੀ ਘੜੀ ਵਿੱਚ ਸਿਹਤ ਵਿਭਾਗ ਹਰ ਵੇਲੇ ਲੋਕਾਂ ਦੇ ਨਾਲ਼ ਖੜ੍ਹਾ ਹੈ ਅਤੇ ਉਹਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਸਿਹਤ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ।
ਸੀਨੀਅਰ ਮੈਡੀਕਲ ਅਫਸਰ ਕੀਰਤਪੁਰ ਸਾਹਿਬ, ਡਾ. ਜੰਗਜੀਤ ਸਿੰਘ ਜੀ ਨੇ ਦੱਸਿਆ ਕਿ ਸਿਹਤ ਵਿਭਾਗ ਦੀ ਟੀਮ ਵੱਲੋਂ ਲੋਕਾਂ ਨੂੰ ਜਾਣਕਾਰੀ ਦਿੱਤੀ ਜਾ ਰਹੀ ਹੈ ਕਿ ਅਜਿਹੇ ਹਾਲਾਤ ਵਿੱਚ ਪੇਟ ਅਤੇ ਚਮੜੀ ਦੀਆਂ ਬਿਮਾਰੀਆਂ ਫ਼ੈਲਣ ਦਾ ਖ਼ਤਰਾ ਬਣਿਆ ਰਹਿੰਦਾ ਹੈ ਇਸ ਲਈ ਪੀਣ ਵਾਲ਼ਾ ਪਾਣੀ ਉਬਾਲ਼ ਕੇ ਠੰਢਾ ਕਰਕੇ ਪੀਤਾ ਜਾਵੇ। ਖਾਣ ਪੀਣ ਦੇ ਸਮਾਨ ਨੂੰ ਢੱਕ ਕੇ ਰੱਖਿਆ ਜਾਵੇ। ਉਹਨਾਂ ਇਹ ਵੀ ਦੱਸਿਆ ਕਿ ਪਾਣੀ ਨੂੰ ਕਲੋਰੀਨੇਟ ਕਰਨ ਲਈ ਮਲਟੀਪਰਪਜ਼ ਹੈਲਥ ਵਰਕਰਾਂ ਵਲ੍ਹੋਂ ਘਰ-ਘਰ ਕਲੋਰੀਨ ਦੀਆਂ ਗੋਲ਼ੀਆਂ ਵੰਡੀਆਂ ਜਾ ਰਹੀਆਂ ਹਨ ਅਤੇ ਲੋਕਾਂ ਨੂੰ ਡੇਂਗੂ ਅਤੇ ਮਲੇਰੀਆ ਤੋਂ ਬਚਾਅ ਬਾਰੇ ਵੀ ਜਾਗਰੂਕ ਕੀਤਾ ਜਾ ਰਿਹਾ ਹੈ।