MLA ਰੁਪਿੰਦਰ ਹੈਪੀ ਤੇ ਚੇਅਰਮੈਨ ਅਜੈ ਸਿੰਘ ਲਿਬੜਾ ਵੱਲੋਂ ਹੜ੍ਹ ਪੀੜਤਾਂ ਦੀ ਮਦਦ ਲਈ ਰਾਹਤ ਸਮੱਗਰੀ ਨਾਲ ਭਰਿਆ ਟਰੱਕ ਰਵਾਨਾ
ਦੀਦਾਰ ਗੁਰਨਾ
ਬਸੀ ਪਠਾਣਾ/ਫਤਹਿਗੜ੍ਹ ਸਾਹਿਬ, 30 ਅਗਸਤ 2025 - ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਹੇਠ ਹੜ੍ਹ ਪੀੜਤ ਇਲਾਕਿਆਂ ਵਿੱਚ ਮਦਦ ਵਜੋਂ ਰਾਹਤ ਸਮੱਗਰੀ ਭੇਜਣ ਦਾ ਸਿਲਸਿਲਾ ਜਾਰੀ ਹੈ। ਇਸੇ ਲੜੀ ਤਹਿਤ ਬੀਤੇ ਦਿਨੀਂ, ਵਿਧਾਇਕ ਰੁਪਿੰਦਰ ਸਿੰਘ ਹੈਪੀ ਅਤੇ ਜਿ਼ਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਅਜੈ ਸਿੰਘ ਲਿਬੜਾ ਵੱਲੋਂ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਤੇ ਵਿਧਾਇਕ ਅਮਲੋਹ ਗੁਰਿੰਦਰ ਸਿੰਘ ਗੈਰੀ ਬੜਿੰਗ ਦੇ ਸਹਿਯੋਗ ਸਦਕਾ ਜਿ਼ਲ੍ਹਾ ਵਾਸੀਆਂ ਤੇ ਪਾਰਟੀ ਵਰਕਰਾਂ ਵੱਲੋਂ ਇਕੱਤਰ ਰਾਸ਼ਨ ਸਮੱਗਰੀ ਦਾ ਟਰੱਕ ਹੜ੍ਹ ਪੀੜਤ ਪਰਿਵਾਰਾਂ ਦੀ ਮਦਦ ਵਜੋਂ ਰਵਾਨਾ ਕੀਤਾ ਗਿਆ।
ਇਸ ਮੌਕੇ ਵਿਧਾਨ ਸਭਾ ਹਲਕਾ ਬਸੀ ਪਠਾਣਾ ਦੇ ਵਿਧਾਇਕ ਰੁਪਿੰਦਰ ਸਿੰਘ ਹੈਪੀ ਨੇ ਕਿਹਾ ਕਿ ਸੰਕਟ ਦੀ ਘੜੀ ਵਿੱਚ ਪੰਜਾਬੀਆਂ ਨੇ ਰਲਮਿਲ ਕੇ ਇੱਕ ਦੂਜੇ ਦਾ ਸਾਥ ਦਿੱਤਾ ਹੈ ਅਤੇ ਇਨ੍ਹੀਂ ਦਿਨੀਂ ਹੜ੍ਹਾਂ ਦੀ ਮਾਰ ਹੇਠ ਆਏ ਪੰਜਾਬ ਦੇ ਜਿ਼ਲਿ੍ਹਆਂ ਵਿੱਚ ਜਿਥੇ ਖੁਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੌਰਾ ਕਰਕੇ ਲੋਕਾਂ ਨੂੰ ਸਰਕਾਰ ਦੀ ਤਰਫੋਂ ਡਟ ਕੇ ਸਾਥ ਦੇਣ ਦਾ ਵਿਸ਼ਵਾਸ ਦਿਵਾ ਰਹੇ ਹਨ ਉਥੇ ਹੀ ਰੋਜ਼ਾਨਾ ਵੱਖ—ਵੱਖ ਕੈਬਨਿਟ ਮੰਤਰੀ ਤੇ ਵੱਡੀ ਗਿਣਤੀ ਵਿਧਾਇਕ ਤੇ ਆਮ ਆਦਮੀ ਪਾਰਟੀ ਦੇ ਆਗੂ ਤੇ ਵਰਕਰ ਵੀ ਲੋੜਵੰਦਾਂ ਦੀ ਹਰ ਪੱਖੋਂ ਮਦਦ ਨੂੰ ਯਕੀਨੀ ਬਣਾ ਰਹੇ ਹਨ।
ਇਸ ਮੌਕੇ ਆਮ ਆਦਮੀ ਪਾਰਟੀ ਦੇ ਜਿ਼ਲ੍ਹਾ ਪ੍ਰਧਾਨ ਤੇ ਜਿ਼ਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਅਜੈ ਸਿੰਘ ਲਿਬੜਾ ਨੇ ਕਿਹਾ ਕਿ ਜਿ਼ਲ੍ਹਾ ਫਤਹਿਗੜ੍ਹ ਸਾਹਿਬ ਤੋਂ ਨਿਰੰਤਰ ਰਾਸ਼ਨ ਸਮੱਗਰੀ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਭੇਜੀ ਜਾ ਰਹੀ ਹੈ ਅਤੇ ਪਾਰਟੀ ਵਲੰਟੀਅਰ ਵੀ ਵਿਅਕਤੀਗਤ ਤੌਰ 'ਤੇ ਵੱਖ—ਵੱਖ ਜਿ਼ਲਿ੍ਹਆਂ ਵਿੱਚ ਪਹੁੰਚ ਕੇ ਰਾਹਤ ਕਾਰਜਾਂ ਵਿੱਚ ਪ੍ਰਸ਼ਾਸਨ ਦਾ ਸਹਿਯੋਗ ਦੇ ਰਹੇ ਹਨ।
ਇਸ ਮੌਕੇ ਮੌਜੂਦ ਨਸ਼ਾ ਮੁਕਤੀ ਮੋਰਚਾ ਦੇ ਜਿ਼ਲ੍ਹਾ ਪ੍ਰਧਾਨ ਓਂਕਾਰ ਸਿੰਘ ਚੌਹਾਨ ਨੇ ਕਿਹਾ ਕਿ ਪੰਜਾਬੀ ਆਪਣੀ ਦਰਿਆਦਿਲੀ ਤੇ ਸਹਾਇਤਾ ਲਈ ਦੁਨੀਆਂ ਦੇ ਹਰ ਕੋਨੇ ਵਿੱਚ ਵਿਸ਼ੇਸ਼ ਪਛਾਣ ਰੱਖਦੇ ਹਨ ਅਤੇ ਪਿਛਲੇ ਦਿਨਾਂ ਤੋਂ ਪੈ ਰਹੀ ਭਾਰੀ ਬਰਸਾਤ ਕਾਰਨ ਨੁਕਸਾਨ ਦਾ ਸਾਹਮਣਾ ਕਰ ਰਹੇ ਲੋਕਾਂ ਦੀ ਹਰ ਸੰਭਵ ਮਦਦ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ।