ਮੁੱਖ ਸਕੱਤਰ ਪੰਜਾਬ ਵੱਲੋਂ ਪੌਂਗ ਡੈਮ ਅਤੇ ਮੁਕੇਰੀਆਂ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਕਿਹਾ, ਪੰਜਾਬ ਸਰਕਾਰ ਹੜ੍ਹ ਪੀੜਤਾਂ ਦੀ ਹਰ ਸੰਭਵ ਮਦਦ ਯਕੀਨੀ ਬਣਾਉਣ ਲਈ ਵਚਨਬੱਧ
- ਰਾਹਤ ਕਾਰਜਾਂ ਲਈ 24 ਘੰਟੇ ਤਾਇਨਾਤ ਸਾਰੇ ਵਿਭਾਗਾਂ ਦੀਆਂ ਟੀਮਾਂ
- ਪੌਂਗ ਡੈਮ ਦੇ ਅਧਿਕਾਰੀਆਂ ਨੂੰ ਤਕਨੀਕੀ ਆਧਾਰ 'ਤੇ ਪਾਣੀ ਛੱਡਣ ਦੇ ਆਦੇਸ਼
ਤਲਵਾੜਾ/ਮੁਕੇਰੀਆਂ (ਹੁਸ਼ਿਆਰਪੁਰ), 30 ਅਗਸਤ 2025 - ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ 'ਤੇ ਮੁੱਖ ਸਕੱਤਰ ਪੰਜਾਬ ਕੇ.ਏ.ਪੀ ਸਿਨਹਾ ਨੇ ਅੱਜ ਪੌਂਗ ਡੈਮ ਅਤੇ ਮੁਕੇਰੀਆਂ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ। ਇਸ ਮੌਕੇ ਜਲ ਸਰੋਤ ਵਿਭਾਗ ਦੇ ਪ੍ਰਮੁੱਖ ਸਕੱਤਰ ਕ੍ਰਿਸ਼ਨ ਕੁਮਾਰ, ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਅਤੇ ਐਸ.ਐਸ.ਪੀ. ਸੰਦੀਪ ਕੁਮਾਰ ਮਲਿਕ ਵੀ ਉਨ੍ਹਾਂ ਨਾਲ ਮੌਜੂਦ ਸਨ।
ਮੁੱਖ ਸਕੱਤਰ ਨੇ ਪਹਿਲਾਂ ਪੌਂਗ ਡੈਮ ਦਾ ਨਿਰੀਖਣ ਕੀਤਾ ਅਤੇ ਉਥੇ ਮੌਜੂਦ ਅਧਿਕਾਰੀਆਂ ਤੋਂ ਡੈਮ ਦੇ ਮੌਜੂਦਾ ਪਾਣੀ ਦੇ ਪੱਧਰ ਅਤੇ ਛੱਡੇ ਜਾ ਰਹੇ ਪਾਣੀ ਬਾਰੇ ਵਿਸਥਾਰਪੂਰਵਕ ਜਾਣਕਾਰੀ ਪ੍ਰਾਪਤ ਕੀਤੀ। ਉਨ੍ਹਾਂ ਸਪੱਸ਼ਟ ਹਦਾਇਤਾਂ ਦਿੱਤੀਆਂ ਕਿ ਡੈਮ ਵਿਚ ਆਉਣ ਵਾਲੇ ਪਾਣੀ ਦੇ ਵਹਾਅ ਨੂੰ ਧਿਆਨ ਵਿਚ ਰੱਖਦੇ ਹੋਏ ਡਿਸਚਾਰਜ ਤਕਨੀਕੀ ਮਾਪਦੰਡਾਂ ਦੇ ਆਧਾਰ 'ਤੇ ਕੀਤਾ ਜਾਵੇ, ਤਾਂ ਜੋ ਹੇਠਲੇ ਖੇਤਰਾਂ ਵਿਚ ਰਹਿਣ ਵਾਲੇ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਅਧਿਕਾਰੀਆਂ ਨੂੰ ਲਗਾਤਾਰ ਸੁਚੇਤ ਰਹਿਣ ਅਤੇ ਸਥਿਤੀ ਦੀ 24 ਘੰਟੇ ਨਿਗਰਾਨੀ ਕਰਨ ਦੇ ਨਿਰਦੇਸ਼ ਵੀ ਦਿੱਤੇ।
ਇਸ ਤੋਂ ਬਾਅਦ ਮੁੱਖ ਸਕੱਤਰ ਸ੍ਰੀ ਸਿਨਹਾ ਨੇ ਮੁਕੇਰੀਆਂ ਸਬ-ਡਵੀਜ਼ਨ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਹਲੇੜ ਅਤੇ ਮੋਤਲਾ ਵਿਚਕਾਰ ਬਣੇ ਧੁੱਸੀ ਬੰਨ੍ਹ ਦਾ ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿ ਜਲ ਸਰੋਤ ਵਿਭਾਗ ਧੁੱਸੀ ਬੰਨ੍ਹਾਂ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਕੰਮ ਕਰ ਰਿਹਾ ਹੈ। ਮੁੱਖ ਸਕੱਤਰ ਨੇ ਪ੍ਰਭਾਵਿਤ ਇਲਾਕਿਆਂ ਦੇ ਲੋਕਾਂ ਨੂੰ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਉਨ੍ਹਾਂ ਦੇ ਨਾਲ ਹੈ ਅਤੇ ਉਨ੍ਹਾਂ ਨੂੰ ਹਰ ਸੰਭਵ ਸਹਾਇਤਾ ਪ੍ਰਦਾਨ ਕੀਤੀ ਜਾਵੇਗੀ।
ਉਨ੍ਹਾਂ ਡਿਪਟੀ ਕਮਿਸ਼ਨਰ ਤੋਂ ਮੌਕੇ 'ਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੇ ਜਾ ਰਹੇ ਬਚਾਅ ਅਤੇ ਰਾਹਤ ਕਾਰਜਾਂ ਬਾਰੇ ਜਾਣਕਾਰੀ ਲਈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪ੍ਰਭਾਵਿਤ ਲੋਕਾਂ ਨੂੰ ਹਰ ਸੰਭਵ ਸਹਾਇਤਾ ਯਕੀਨੀ ਬਣਾਉਣ ਲਈ ਪ੍ਰਸ਼ਾਸਨ ਵੱਲੋਂ ਵਿਆਪਕ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਪ੍ਰਸ਼ਾਸਨ ਰੈੱਡ ਕਰਾਸ ਦੀ ਅਗਵਾਈ ਹੇਠ ਸਮਾਜਿਕ ਸੰਗਠਨਾਂ ਅਤੇ ਵਲੰਟੀਅਰਾਂ ਦੀ ਮਦਦ ਨਾਲ ਪ੍ਰਭਾਵਿਤ ਪਰਿਵਾਰਾਂ ਨੂੰ ਰਾਹਤ ਸਮੱਗਰੀ, ਭੋਜਨ, ਡਾਕਟਰੀ ਸੇਵਾਵਾਂ ਅਤੇ ਹੋਰ ਜ਼ਰੂਰੀ ਸਹੂਲਤਾਂ ਲਗਾਤਾਰ ਪ੍ਰਦਾਨ ਕਰ ਰਿਹਾ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮਾਲ, ਸਿਹਤ, ਪਸ਼ੂ ਪਾਲਣ, ਜਲ ਸਰੋਤ ਅਤੇ ਹੋਰਨਾਂ ਸਬੰਧਤ ਵਿਭਾਗਾਂ ਦੀਆਂ ਟੀਮਾਂ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ 24 ਘੰਟੇ ਡਿਊਟੀ 'ਤੇ ਹਨ ਅਤੇ ਪੂਰੀ ਤਿਆਰੀ ਨਾਲ ਰਾਹਤ ਕਾਰਜਾਂ ਵਿਚ ਲੱਗੀਆਂ ਹੋਈਆਂ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਦੀ ਤਰਜੀਹ ਇਹ ਯਕੀਨੀ ਬਣਾਉਣਾ ਹੈ ਕਿ ਕਿਸੇ ਵੀ ਪ੍ਰਭਾਵਿਤ ਵਿਅਕਤੀ ਨੂੰ ਭੋਜਨ, ਦਵਾਈ ਜਾਂ ਰਿਹਾਇਸ਼ ਦੀ ਘਾਟ ਨਾ ਹੋਵੇ।
ਇਸ ਮੌਕੇ ਮੁੱਖ ਇੰਜੀਨੀਅਰ ਬਿਆਸ ਰਾਕੇਸ਼ ਗੁਪਤਾ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਨਿਕਾਸ ਕੁਮਾਰ, ਐਸ.ਪੀ ਡਾ. ਮੁਕੇਸ਼, ਐਸ.ਡੀ.ਐਮ ਮੁਕੇਰੀਆਂ ਅੰਕੁਰ ਮਹਿੰਦਰੂ, ਸੁਪਰਡੈਂਟ ਇੰਜੀਨੀਅਰ ਮਨਮੀਤ ਚੌਧਰੀ, ਵਧੀਕ ਐਸ.ਈ ਏ.ਪੀ.ਐਸ ਉੱਭੀ, ਕਾਰਜਕਾਰੀ ਇੰਜੀਨੀਅਰ ਗੌਰਵ ਲਾਂਬਾ, ਹਰਪ੍ਰੀਤ ਸਿੰਘ ਅਤੇ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।