DC ਵਲੋਂ ਤਲਵੰਡੀ ਸੀਬੂ, ਤਾਜੋਵਾਲ ਅਤੇ ਪੰਦਰਾਵਲ ਵਿਖੇ ਧੁੱਸੀ ਬੰਨ੍ਹ ਦਾ ਦੌਰਾ
ਪ੍ਰਮੋਦ ਭਾਰਤੀ
ਨਵਾਂਸ਼ਹਿਰ 1 ਸਤੰਬਰ,2025
ਡਿਪਟੀ ਕਮਿਸ਼ਨਰ ਅੰਕੁਰਜੀਤ ਸਿੰਘ ਨੇ ਅੱਜ ਪ੍ਰਸ਼ਾਸਨਿਕ ਅਧਿਕਾਰੀਆਂ ਸਮੇਤ ਧੁੱਸੀ ਬੰਨ੍ਹ ਦੀ ਮੌਜੂਦਾ ਸਥਿਤੀ ਦਾ ਜਾਇਜ਼ਾ ਲੈਣ ਲਈ ਤਲਵੰਡੀ ਸੀਬੂ, ਤਾਜੋਵਾਲ ਅਤੇ ਪੰਦਰਾਵਲ, ਬੁਰਜ ਟਹਿਲ ਦਾਸ ਦਾ ਦੌਰਾ ਕਰਦਿਆਂ ਕਿਹਾ ਕਿ ਸਤਲੁਜ ਦਰਿਆ ਵਿੱਚ ਪਾਣੀ ਦਾ ਪੱਧਰ ਪਹਿਲਾਂ ਨਾਲੋਂ ਵਧਿਆ ਹੈ ਪਰ ਸਥਿਤੀ ਪੂਰੀ ਤਰ੍ਹਾਂ ਕੰਟਰੋਲ ਵਿੱਚ ਹੈ।
ਡਿਪਟੀ ਕਮਿਸ਼ਨਰ ਅੰਕੁਰਜੀਤ ਸਿੰਘ ਨੇ ਮੌਕੇ ‘ਤੇ ਪਿੰਡਾਂ ਦੇ ਵਸਨੀਕਾਂ ਅਤੇ ਅਧਿਕਾਰੀਆਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਭਾਵੇਂ ਪਾਣੀ ਦਾ ਪੱਧਰ ਵਧਿਆ ਹੈ ਪਰ ਮੌਜੂਦਾ ਸਮੇਂ ਕਿਸੇ ਵੀ ਪਾਸਿਓਂ ਘਬਰਾਉਣ ਦੀ ਜ਼ਰੂਰਤ ਨਹੀਂ ਕਿਉਂਕਿ ਪ੍ਰਸ਼ਾਸਨਿਕ ਟੀਮਾਂ ਵੱਖੋ-ਵੱਖ ਥਾਵਾਂ ‘ਤੇ ਲਗਾਤਾਰ ਕਾਰਜਸ਼ੀਲ ਹਨ। ਉਨ੍ਹਾਂ ਕਿਹਾ ਕਿ ਤਲਵੰਡੀ ਸੀਬੂ ਵਿਖੇ ਬੰਨ੍ਹ ਦੀ ਮਜ਼ਬੂਤੀ ਕੀਤੀ ਗਈ ਹੈ ਤਾਂ ਜੋ ਹੜ੍ਹ ਦੀ ਸਥਿਤੀ ਨਾਲ ਸੁਚੱਜੇ ਢੰਗ ਨਾਲ ਨਜਿੱਠਿਆ ਜਾ ਸਕੇ। ਇਸੇ ਤਰ੍ਹਾਂ ਪਿੰਡ ਤਾਜੋਵਾਲ ਵਿਖੇ ਸਥਾਨਿਕ ਲੋਕਾਂ ਨਾਲ ਗੱਲਬਾਤ ਕਰਦਿਆਂ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਪਾਣੀ ਦੇ ਵਧੇ ਪੱਧਰ ਦੇ ਮੱਦੇਨਜ਼ਰ ਲਗਾਤਾਰ ਚੌਕਸ ਰਹਿਣ ਦੇ ਨਿਰਦੇਸ਼ ਦਿੱਤੇ। ਪੰਦਰਾਵਲ ਵਿਖੇ ਬੰਨ੍ਹ ਦੀ ਹੋਰ ਮਜ਼ਬੂਤੀ ਦੇ ਚੱਲ ਰਹੇ ਕਾਰਜਾਂ ਦੀ ਸਮੀਖਿਆ ਕਰਦਿਆਂ ਡਿਪਟੀ ਕਮਿਸ਼ਨਰ ਨੇ ਲੋਕਾਂ ਨੂੰ ਭਰੋਸਾ ਦਿੱਤਾ ਕਿ ਪ੍ਰਸ਼ਾਸਨ ਹਰ ਸਮੇਂ ਉਨ੍ਹਾਂ ਦੀ ਮਦਦ ਲਈ ਤਿਆਰ-ਬਰ-ਤਿਆਰ ਹੈ।
ਸਤਲੁਜ ਦਰਿਆ ‘ਚ ਪਾਣੀ ਦੇ ਵਧੇ ਪੱਧਰ ਬਾਰੇ ਗੱਲਬਾਤ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪਿਛਲੇ ਦਿਨੀਂ ਪਾਣੀ ਦਾ ਪੱਧਰ 40-45 ਹਜ਼ਾਰ ਕਿਊਸਿਕ ਸੀ ਜੋ ਗੁਆਂਢੀ ਸੂਬੇ ਅਤੇ ਇਥੇ ਹੋ ਰਹੀ ਲਗਾਤਾਰ ਭਾਰੀ ਬਰਸਾਤ ਕਾਰਨ 90 ਹਜ਼ਾਰ ਕਿਊਸਿਕ ਤੋਂ ਟੱਪ ਚੁੱਕਾ ਹੈ। ਉਨ੍ਹਾਂ ਕਿਹਾ ਕਿ ਜਿੱਥੇ-ਜਿੱਥੇ ਬੰਨ੍ਹ ਨੂੰ ਮਜ਼ਬੂਤੀ ਦੀ ਜ਼ਰੂਰਤ ਹੈ ਸਬੰਧਤ ਵਿਭਾਗਾਂ ਦੇ ਅਧਿਕਾਰੀ ਲਗਾਤਾਰ ਕੰਮ ਕਰ ਰਹੇ ਹਨ ਅਤੇ ਜੇ.ਸੀ.ਬੀ. ਮਸ਼ੀਨਾਂ ਦੇ ਨਾਲ-ਨਾਲ ਮਿੱਟੀ ਅਤੇ ਰੇਤਾ ਬੋਰਿਆਂ ਨਾਲ ਬੰਨ੍ਹ ਨੂੰ ਹੋਰ ਮਜਬੂਤ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਉਨ੍ਹਾਂ ਨੂੰ ਕਿਸੇ ਵੀ ਥਾਂ ‘ਤੇ ਹੜ੍ਹ ਦੀ ਸਥਿਤੀ ਦਾ ਖਦਸ਼ਾ ਜਾਹਰ ਹੁੰਦਾ ਹੈ ਤਾਂ ਉਹ ਤੁਰੰਤ ਪ੍ਰਸ਼ਾਸਨਿਕ ਅਧਿਕਾਰੀਆਂ ਜਾਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਥਾਪਿਤ 24×7 ਜ਼ਿਲ੍ਹਾ ਪੱਧਰੀ ਕੰਟਰੋਲ ਰੂਮ ਦੇ ਨੰਬਰ 01823-220645 ‘ਤੇ ਸੂਚਨਾ ਦੇਣ। ਜਿਕਰਯੋਗ ਹੈ ਕਿ ਨਵਾਂਸ਼ਹਿਰ ਤਹਿਸੀਲ ਲਈ ਸਥਾਪਿਤ ਕੰਟਰੋਲ ਰੂਮ ਦਾ ਨੰਬਰ 01823-299016, ਬਲਾਚੌਰ ਵਿਖੇ ਸਥਾਪਿਤ ਕੰਟਰੋਲ ਰੂਮ ਦਾ ਨੰਬਰ 01885-220075, ਤਹਿਸੀਲ ਬੰਗਾ ਵਿਖੇ ਸਥਾਪਿਤ ਕੰਟਰੋਲ ਰੂਮ ਦਾ ਨੰਬਰ 01823-264666 ‘ਤੇ ਜਾਣਕਾਰੀ ਦਿੱਤੀ ਜਾ ਸਕਦੀ ਹੈ। ਇਸੇ ਤਰ੍ਹਾਂ ਹੜ੍ਹਾਂ ਦੀ ਸਥਿਤੀ ਵਿੱਚ ਸਿਹਤ ਵਿਭਾਗ ਨਾਲ ਸਬੰਧਤ ਸੇਵਾਵਾਂ ਲਈ 01823-227471 ਨੰਬਰ ‘ਤੇ ਸੰਪਰਕ ਕੀਤਾ ਜਾ ਸਕਦਾ ਹੈ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ(ਜ) ਰਾਜੀਵ ਵਰਮਾ, ਐਸ.ਡੀ.ਐਮ. ਅਨਮਜਯੋਤ ਕੌਰ ਅਤੇ ਵੱਖ-ਵੱਖ ਪਿੰਡਾਂ ਦੇ ਲੋਕ ਵੀ ਮੌਜੂਦ ਸਨ।