ਹੜ੍ਹ ਪੀੜਤਾਂ ਦੀ ਸਹਾਇਤਾ ਲਈ ਬਠਿੰਡਾ ਜ਼ਿਲ੍ਹੇ ਦੇ ਕੈਮਿਸਟਾਂ ਵੱਲੋਂ ਡਿਪਟੀ ਕਮਿਸ਼ਨਰ ਨਾਲ ਮੁਲਾਕਾਤ
ਅਸ਼ੋਕ ਵਰਮਾ
ਬਠਿੰਡਾ, 1 ਸਤੰਬਰ 2025 : ਬਠਿੰਡਾ ਜ਼ਿਲ੍ਹੇ ਦੇ ਕੈਮਿਸਟ ਵੀ ਹੜ੍ਹ ਪੀੜਤਾਂ ਦੀ ਮਦਦ ਲਈ ਅੱਗੇ ਆਏ ਹਨ। ਅੱਜ ਜ਼ਿਲ੍ਹਾ ਪ੍ਰਧਾਨ ਅਸ਼ੋਕ ਬਾਲਿਆਂਵਾਲੀ ਦੀ ਅਗਵਾਈ ਹੇਠ ਬਠਿੰਡਾ ਜ਼ਿਲ੍ਹੇ ਦੇ ਕੈਮਿਸਟਾਂ ਨੇ ਡਿਪਟੀ ਕਮਿਸ਼ਨਰ ਬਠਿੰਡਾ ਸ੍ਰੀ ਰਾਜੇਸ਼ ਧੀਮਾਨ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਸਾਰੇ ਕੈਮਿਸਟਾਂ ਨੇ ਡਿਪਟੀ ਕਮਿਸ਼ਨਰ ਦਾ ਸਵਾਗਤ ਵੀ ਕੀਤਾ। ਇਸ ਮੌਕੇ ਸੀਐਮਓ ਡਾ. ਤਪਿੰਦਰਜੋਤ ਕੌਸ਼ਲ ਵੀ ਮੌਜੂਦ ਸਨ। ਜਾਣਕਾਰੀ ਦਿੰਦੇ ਹੋਏ ਅਸ਼ੋਕ ਬਾਲਿਆਂਵਾਲੀ ਨੇ ਕਿਹਾ ਕਿ ਪੰਜਾਬ ਵਿੱਚ ਹੜ੍ਹਾਂ ਕਾਰਨ ਬਹੁਤ ਸਾਰਾ ਜਾਨੀ-ਮਾਲੀ ਨੁਕਸਾਨ ਹੋਇਆ ਹੈ, ਅਜਿਹੀ ਸਥਿਤੀ ਵਿੱਚ ਸਥਾਨਕ ਪ੍ਰਸ਼ਾਸਨ ਦੇ ਨਾਲ-ਨਾਲ ਹੜ੍ਹ ਪੀੜਤਾਂ ਦੀ ਮਦਦ ਕਰਨਾ ਹਰ ਵਿਅਕਤੀ ਦਾ ਫਰਜ਼ ਬਣਦਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਡਿਪਟੀ ਕਮਿਸ਼ਨਰ ਨਾਲ ਮੁਲਾਕਾਤ ਕਰਕੇ ਉਨ੍ਹਾਂ ਨਾਲ ਹੜ੍ਹ ਪੀੜਤਾਂ ਦੀ ਸਿਹਤ ਅਤੇ ਤੰਦਰੁਸਤੀ ਨੂੰ ਧਿਆਨ ਵਿੱਚ ਰੱਖਦੇ ਹੋਏ ਮੁਫ਼ਤ ਦਵਾਈਆਂ ਵੰਡਣ ਬਾਰੇ ਵਿਚਾਰ-ਵਟਾਂਦਰਾ ਕੀਤਾ।
ਉਨ੍ਹਾਂ ਦੱਸਿਆ ਕਿ ਡਿਪਟੀ ਕਮਿਸ਼ਨਰ ਨੇ ਹੜ੍ਹ ਪੀੜਤਾਂ ਨਾਲ ਸਬੰਧਤ ਦਵਾਈਆਂ ਦੀ ਸੂਚੀ ਮੁਹੱਈਆ ਕਰਵਾਈ ਹੈ ਅਤੇ ਜ਼ਿਲ੍ਹਾ ਬਠਿੰਡਾ ਦੇ ਸਾਰੇ ਕੈਮਿਸਟ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਲੋੜੀਂਦੀਆਂ ਦਵਾਈਆਂ ਮੁਫ਼ਤ ਸਪਲਾਈ ਕਰਨਗੇ। ਜ਼ਿਲ੍ਹਾ ਪ੍ਰਧਾਨ ਅਸ਼ੋਕ ਬਾਲਿਆਂਵਾਲੀ ਨੇ ਕਿਹਾ ਕਿ ਸੈਨੇਟਰੀ ਪੈਡ ਮੁੱਖ ਤੌਰ 'ਤੇ ਵੰਡੇ ਜਾਣਗੇ। ਇੱਥੇ ਇਹ ਦੱਸਣਾ ਜ਼ਰੂਰੀ ਹੈ ਕਿ ਕੋਵਿਡ-19 ਦੇ ਸਮੇਂ ਦੌਰਾਨ ਜ਼ਿਲ੍ਹਾ ਬਠਿੰਡਾ ਵਿੱਚ ਆਮ ਲੋਕਾਂ ਦੀ ਸਿਹਤ ਨੂੰ ਧਿਆਨ ਵਿੱਚ ਰੱਖਦੇ ਹੋਏ, ਜ਼ਿਲ੍ਹਾ ਕੈਮਿਸਟ ਐਸੋਸੀਏਸ਼ਨ ਨੇ ਜ਼ਿਲ੍ਹਾ ਪ੍ਰਸ਼ਾਸਨ ਨਾਲ ਤਾਲਮੇਲ ਕਰਕੇ ਮੁਫ਼ਤ ਦਵਾਈਆਂ ਸਪਲਾਈ ਕੀਤੀਆਂ ਸਨ, ਜਿਸ ਕਾਰਨ ਕਿਸੇ ਵੀ ਮਰੀਜ਼ ਨੂੰ ਸਿਹਤ ਸੰਬੰਧੀ ਕੋਈ ਸਮੱਸਿਆ ਦਾ ਸਾਹਮਣਾ ਨਹੀਂ ਕਰਨਾ ਪਿਆ। ਇਸ ਦੌਰਾਨ ਹੋਲਸੇਲ ਕੈਮਿਸਟ ਐਸੋਸੀਏਸ਼ਨ ਦੇ ਪ੍ਰਧਾਨ ਕ੍ਰਿਸ਼ਨ ਗੋਇਲ, ਸਾਬਕਾ ਪ੍ਰਧਾਨ ਦਰਸ਼ਨ ਜੋੜਾ, ਆਰਸੀਏ ਚੇਅਰਮੈਨ ਪ੍ਰੀਤਮ ਸਿੰਘ ਵਿਰਕ, ਸੀਨੀਅਰ ਮੀਤ ਪ੍ਰਧਾਨ ਗੁਰਜਿੰਦਰ ਸਾਹਨੀ, ਕੈਸ਼ੀਅਰ ਪੋਰਿੰਦਰ ਕੁਮਾਰ, ਰਾਜ ਸਿੰਗਲਾ, ਭਾਰਤ ਭੂਸ਼ਣ ਗੋਗਾ ਅਤੇ ਵਿਸ਼ਾਲ ਗੁਪਤਾ ਉਨ੍ਹਾਂ ਨਾਲ ਮੌਜੂਦ ਸਨ।