ਬਠਿੰਡਾ: ਹਰਸਿਮਰਤ ਕੌਰ ਬਾਦਲ ਵੱਲੋਂ ਸਮੱਗਰੀ ਹੜ੍ਹ ਪ੍ਰਭਾਵਿਤ ਇਲਾਕਿਆਂ ਲਈ ਰਵਾਨਾ
ਅਸ਼ੋਕ ਵਰਮਾ
ਬਠਿੰਡਾ, 2 ਸਤੰਬਰ 2025: ਸ਼੍ਰੋਮਣੀ ਅਕਾਲੀ ਦਲ ਵਿਧਾਨ ਸਭਾ ਹਲਕਾ ਬਠਿੰਡਾ ਸ਼ਹਿਰੀ ਦੇ ਹਲਕਾ ਇੰਚਾਰਜ ਇਕਬਾਲ ਸਿੰਘ ਬਬਲੀ ਢਿੱਲੋਂ ਦੀ ਅਗਵਾਈ ਹੇਠ ਸਮੂਹ ਸ਼ਹਿਰੀ ਲੀਡਰਸ਼ਿਪ ਵੱਲੋਂ ਇਕੱਤਰ ਕੀਤੀ ਰਾਸ਼ਨ ਦੇ ਰੂਪ ਵਿੱਚ ਰਾਹਤ ਸਮੱਗਰੀ ਅੱਜ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਹੜ੍ਹ ਪ੍ਰਭਾਵਿਤ ਇਲਾਕਿਆਂ ਵੱਲ ਰਵਾਨਾ ਕੀਤੀ।
ਇਸ ਮੌਕੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਹਲਕਾ ਇੰਚਾਰਜ ਇਕਬਾਲ ਸਿੰਘ ਬਬਲੀ ਢਿੱਲੋ ਸਮੇਤ ਸਮੁੱਚੀ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੀੜਤ ਪਰਿਵਾਰਾਂ ਦੇ ਨਾਲ ਹੈ ਅਤੇ ਉਨ੍ਹਾਂ ਦੀ ਹਰ ਸੰਭਵ ਮਦਦ ਕੀਤੀ ਜਾਏਗੀ।
ਉਹਨਾਂ ਕਿਹਾ ਕਿ ਮਾਨ ਸਰਕਾਰ ਦੀ ਕਾਰਗੁਜ਼ਾਰੀ ਕਿਤੇ ਨਜ਼ਰ ਨਹੀਂ ਆ ਰਹੀ ਅਤੇ ਹੁਣ ਵਿਧਾਇਕਾਂ ਵੱਲੋਂ ਵੀ ਪਾਰਟੀ ਸਵਾਲ ਉਠਾਏ ਜਾ ਰਹੇ ਹਨ ਜਿਸ ਲਈ ਮੁੱਖ ਮੰਤਰੀ ਭਗਵੰਤ ਮਾਨ ਨੂੰ ਤੁਰੰਤ ਅਸਤੀਫਾ ਦੇਣਾ ਚਾਹੀਦਾ ਹੈ।
ਉਹਨਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿੱਚ ਪੂਰੇ ਪੰਜਾਬ ਦੇ ਅਕਾਲੀ ਵਰਕਰ ਪੀੜਤ ਪਰਿਵਾਰਾਂ ਲਈ ਕੰਮ ਕਰ ਰਹੇ ਹਨ ਅਤੇ ਹਰ ਤਰ੍ਹਾਂ ਦਾ ਸਹਿਯੋਗ ਦਿੱਤਾ ਜਾ ਰਿਹਾ ਹੈ।
ਇਸ ਮੌਕੇ ਬਬਲੀ ਢਿੱਲੋਂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਆਪਣੀ ਖੇਤਰੀ ਪਾਰਟੀ ਹੈ, ਜਿਸ ਦਾ ਆਪਣਿਆਂ ਨਾਲ ਔਖੇ ਸਮੇਂ ਵਿੱਚ ਖੜਨਾ ਮੁਢਲਾ ਫਰਜ਼ ਬਣਦਾ ਹੈ ਅਤੇ ਇਸ ਮਾੜੇ ਹਾਲਾਤ ਵਿੱਚ ਸਮੁੱਚਾ ਅਕਾਲੀ ਦਲ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਨਾਲ ਲੋਕਾਂ ਦੇ ਨਾਲ ਚਟਾਨ ਵਾਂਗ ਖੜਾ ਹੈ ਅਤੇ ਹਰ ਤਰ੍ਹਾਂ ਦੀ ਮਦਦ ਕੀਤੀ ਜਾਵੇਗੀ।
ਉਹਨਾਂ ਦੱਸਿਆ ਕਿ ਇੱਕ ਟਰੱਕਾਂ 'ਚ ਰਵਾਨਾ ਕੀਤਾ ਗਿਆ ਹੈ ਅਤੇ ਆਉਂਦੇ ਦਿਨਾਂ ਵਿੱਚ ਹੋਰ ਰਾਹਤ ਸਮੱਗਰੀ ਇਕੱਠੀ ਕਰਕੇ ਹੋਰ ਸਹਿਯੋਗ ਦਿੱਤਾ ਜਾਵੇਗਾ। ਇਸ ਮੌਕੇ ਉਹਨਾਂ ਦੇ ਨਾਲ ਸਮੁੱਚੀ ਅਕਾਲੀ ਲੀਡਰਸ਼ਿਪ ਅਤੇ ਵਰਕਰ ਵੱਡੀ ਗਿਣਤੀ ਵਿੱਚ ਹਾਜ਼ਰ ਸਨ।