ਬਠਿੰਡਾ ਦੀਆਂ ਸੰਸਥਾਵਾਂ ਨੇ ਹੜ੍ਹ ਪੀੜਤਾਂ ਨੂੰ ਵੰਡਣ ਲਈ ਡਿਪਟੀ ਕਮਿਸ਼ਨਰ ਨੂੰ ਸੌਂਪੀ ਰਾਹਤ ਸਮੱਗਰੀ
ਅਸ਼ੋਕ ਵਰਮਾ
ਬਠਿੰਡਾ, 3 ਸਤੰਬਰ 2025: ਪੰਜਾਬ ‘ਚ ਆਏ ਹੜ੍ਹਾਂ ਤੇ ਬਰਸਾਤੀ ਮੌਸਮ ਦੇ ਮੱਦੇਨਜ਼ਰ ਜਿਥੇ ਹੜ੍ਹ ਪ੍ਰਭਾਵਿਤ ਖੇਤਰ ਦੇ ਲੋਕਾਂ ਦੀ ਮਦਦ ਲਈ ਜ਼ਿਲ੍ਹੇ ਦੀਆਂ ਵੱਖ-ਵੱਖ ਸਮਾਜ ਸੇਵੀ ਅਤੇ ਹੋਰ ਸਹਿਯੋਗੀ ਸੰਸਥਾਵਾਂ ਵਲੋਂ ਭਰਵਾ ਸਹਿਯੋਗ ਦਿੱਤਾ ਹੈ ਉਥੇ ਹੀ ਅੱਜ ਪੰਜਾਬ ਮੈਡੀਕਲ ਰੈਪ ਐਸੋਸ਼ੀਏਸ਼ਨ ਵਲੋਂ ਦਵਾਈਆਂ ਅਤੇ ਸ਼੍ਰੀ ਦੁਰਗਾ ਮੰਦਰ ਸੁਸਾਇਟੀ ਵਲੋਂ ਸੁੱਕਾ ਰਾਸ਼ਨ ਹੜ੍ਹ ਪ੍ਰਭਾਵਿਤ ਖੇਤਰ ਦੇ ਲੋਕਾਂ ਦੀ ਮਦਦ ਲਈ ਮੁਹੱਈਆ ਕਰਵਾਇਆ ਗਿਆ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼੍ਰੀ ਰਾਜੇਸ਼ ਧੀਮਾਨ ਨੇ ਸਾਂਝੀ ਕੀਤੀ।
ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਦੀ ਨੌਜਵਾਨ ਵੈਲਫੇਅਰ ਸੁਸਾਇਟੀ ਵਲੋਂ 3 ਅਤੇ ਸਿਵਲ ਡਿਫੈਸ ਵਲੋਂ 4 ਐਬੂਲੈਂਸਾਂ ਸਮੇਤ ਪੈਰਾਮੈਡਿਕ ਟੀਮਾਂ ਫ਼ਾਜ਼ਿਲਕਾ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਖੇਤਰਾਂ ‘ਚ ਭੇਜੀਆਂ ਹੋਈਆਂ ਹਨ।
ਉਨ੍ਹਾਂ ਇਹ ਵੀ ਕਿਹਾ ਕਿ ਹੜ੍ਹਾਂ ਦੀ ਮਾਰ ਝੱਲ ਰਹੇ ਲੋਕਾਂ ਲਈ ਨਿਸ਼ਕਾਮ ਸੇਵਾ ਕਰਨ ਵਾਲੀਆਂ ਜ਼ਿਲ੍ਹੇ ਦੀਆਂ ਸਾਰੀਆਂ ਸਮਾਜ ਸੇਵੀ ਸੰਸਥਾਵਾਂ ਸ਼ਲਾਘਾਯੋਗ ਕੰਮ ਕਰ ਰਹੀਆਂ ਹਨ। ਉਨ੍ਹਾਂ ਸਮਾਜ ਸੇਵੀ ਸੰਸਥਾਵਾਂ ਦੇ ਕੋਲੋਂ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਦੇ ਪੂਰਨ ਸਹਿਯੋਗ ਦੀ ਆਸ ਪ੍ਰਗਟਾਈ।
ਇਸ ਮੌਕੇ ਡਿਪਟੀ ਕਮਿਸ਼ਨਰ ਸ਼੍ਰੀ ਰਾਜੇਸ਼ ਧੀਮਾਨ ਨੂੰ ਸ਼੍ਰੀ ਦੁਰਗਾ ਮੰਦਰ ਸੁਸਾਇਟੀ ਤੇ ਪੰਜਾਬ ਮੈਡੀਕਲ ਰੈਪ ਐਸੋਸ਼ੀਏਸ਼ਨ ਦੇ ਨੁਮਾਇੰਦਿਆਂ ਵਲੋਂ ਵਿਸ਼ਵਾਸ਼ ਦਿਵਾਉਂਦਿਆਂ ਕਿਹਾ ਕਿ ਭਵਿੱਖ ਵਿੱਚ ਵੀ ਜੇਕਰ ਕਿਸੇ ਵੀ ਤਰ੍ਹਾਂ ਦੀ ਜ਼ਰੂਰਤ ਹੈ ਤਾਂ ਉਹ ਲੋਕਾਂ ਦੀ ਮਦਦ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਨੂੰ ਹਰ ਤਰ੍ਹਾਂ ਦਾ ਸਹਿਯੋਗ ਦੇਣ ਲਈ ਤਿਆਰ ਰਹਿਣਗੇ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਐਸੋਸ਼ੀਏਸ਼ਨ ਦੇ ਨੁਮਾਇੰਦਿਆਂ ਦਾ ਵਿਸ਼ੇਸ਼ ਤੌਰ ‘ਤੇ ਧੰਨਵਾਦ ਵੀ ਕੀਤਾ।
ਇਸ ਮੌਕੇ ਡਿਪਟੀ ਕਮਿਸ਼ਨਰ ਸ਼੍ਰੀ ਰਾਜੇਸ਼ ਧੀਮਾਨ ਨੇ ਜ਼ਿਲ੍ਹਾ ਵਾਸੀਆਂ ਨੂੰ ਪੁਰਜੋਰ ਅਪੀਲ ਕਰਦਿਆਂ ਕਿਹਾ ਕਿ ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਲੋਕਾਂ ਲਈ ਪੀਣ ਵਾਲੇ ਪਾਣੀ, ਸੁੱਕਾ ਦੁੱਧ, ਸੁੱਕਾ ਰਾਸ਼ਨ ਤੇ ਪਸ਼ੂਆਂ ਲਈ ਖੁਰਾਕ ਆਦਿ ਦਾ ਵੱਧ ਤੋਂ ਵੱਧ ਯੋਗਦਾਨ ਜ਼ਰੂਰ ਪਾਉਣ।