ਮਾਨਸਾ: DC ਵੱਲੋਂ ਹੜ੍ਹ ਪੀੜਤਾਂ ਦੀ ਸਹਾਇਤਾ ਲਈ ਬਣਾਏ ਰਾਹਤ ਕੇਂਦਰਾਂ ਦਾ ਦੌਰਾ
ਅਸ਼ੋਕ ਵਰਮਾ
ਮਾਨਸਾ, 3 ਸਤੰਬਰ 2025: ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀਮਤੀ ਨਵਜੋਤ ਕੌਰ, ਆਈ.ਏ.ਐਸ. ਨੇ ਹੜ੍ਹ ਪੀੜਤਾਂ ਦੀ ਸਹਾਇਤਾ ਲਈ ਸਥਾਪਿਤ ਕੀਤੇ ਰਾਹਤ ਕੇਂਦਰਾਂ ਦਾ ਦੌਰਾ ਕਰਕੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਉਨ੍ਹਾਂ ਰਾਹਤ ਕੇਂਦਰਾਂ ਵਿੱਚ ਤਾਇਨਾਤ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਪੂਰੀ ਲਗਨ ਅਤੇ ਮਿਹਨਤ ਨਾਲ ਡਿਊਟੀ ਨਿਭਾਉਣ ਦੇ ਆਦੇਸ਼ ਦਿੱਤੇ।
ਉਨ੍ਹਾਂ ਕਿਹਾ ਕਿ ਇਸ ਕੁਦਰਤੀ ਕਰੋਪੀ ਦੇ ਸਮੇਂ ਵਿੱਚ ਰਾਹਤ ਕੇਂਦਰਾਂ ਵਿੱਚ ਯੋਗ ਪ੍ਰਬੰਧ ਯਕੀਨੀ ਬਣਾਏ ਜਾਣ ਤਾਂ ਜੋ ਕਿਸੇ ਵੀ ਵਿਅਕਤੀ ਨੂੰ ਕੋਈ ਦਿੱਕਤ ਪੇਸ਼ ਨਾ ਆਵੇ ਅਤੇ ਲੋਕਾਂ ਨੂੰ ਸੁਚਾਰੂ ਢੰਗ ਨਾਲ ਰਾਹਤ ਪ੍ਰਦਾਨ ਕੀਤੀ ਜਾ ਸਕੇ। ਇਸ ਮੌਕੇ ਉਨ੍ਹਾਂ ਨਾਲ ਗੁਰਲੀਨ ਕੌਰ ਆਈ.ਏ.ਐਸ (ਯੂ.ਟੀ.) ਅਤੇ ਐਸ.ਡੀ.ਐਮ. ਬੁਢਲਾਡਾ ਸ੍ਰ ਗਗਨਦੀਪ ਸਿੰਘ ਵੀ ਮੌਜੂਦ ਸਨ।
ਸਰਕਾਰੀ ਪ੍ਰਾਇਮਰੀ ਸਕੂਲ ਖੱਤਰੀਵਾਲਾ ਦਾ ਦੌਰਾ ਕਰਦਿਆਂ ਉਨ੍ਹਾਂ ਸਕੂਲ ਅਤੇ ਵਾਲਮੀਕਿ ਧਰਮਸ਼ਾਲਾ ਵਿਖੇ ਰਹਿ ਰਹੇ ਲੋਕਾਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਦਾ ਹਾਲ-ਚਾਲ ਜਾਣਿਆ ।ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇੱਥੇ ਰਹਿਣ ਵਾਲੇ ਲੋਕਾਂ ਨੂੰ ਖਾਣ-ਪੀਣ, ਦਵਾਈਆਂ, ਪੀਣ ਵਾਲੇ ਸਾਫ ਪਾਣੀ ਅਤੇ ਅਤੇ ਬਿਸਤਰਿਆਂ ਦਾ ਢੁਕਵਾਂ ਪ੍ਰਬੰਧ ਰੱਖਿਆ ਜਾਵੇ ਤਾਂ ਜੋ ਲੋਕਾਂ ਨੂੰ ਕਿਸੇ ਪ੍ਰਕਾਰ ਦੀ ਕੋਈ ਸਮੱਸਿਆ ਪੇਸ਼ ਨਾ ਆਵੇ।
ਉਨ੍ਹਾਂ ਆਦੇਸ਼ ਦਿੱਤੇ ਕਿ ਰਾਹਤ ਕੇਂਦਰਾਂ ਅੰਦਰ ਪਖਾਨਿਆਂ ਅਤੇ ਰਹਿਣ ਵਾਲੀ ਥਾਂ ਦੀ ਸਾਫ ਸਫਾਈ ਯਕੀਨੀ ਬਣਾਈ ਜਾਵੇ ਤਾਂ ਜੋ ਹਰ ਨਾਗਰਿਕ ਦੀ ਤੰਦਰੁਸਤੀ ਦਾ ਖਾਸ ਖਿਆਲ ਰੱਖਿਆ ਜਾ ਸਕੇ ਅਤੇ ਬਿਮਾਰੀਆਂ ਫੈਲਣ ਤੋਂ ਬਚਾਅ ਹੋ ਸਕੇ। ਉਨ੍ਹਾਂ ਐਸ.ਐਮ.ਓ. ਨੂੰ ਹਦਾਇਤ ਕੀਤੀ ਕਿ ਰਾਹਤ ਕੇਂਦਰ ਅਤੇ ਹੜ੍ਹ ਪ੍ਰਭਾਵਿਤ ਲੋਕਾਂ ਲਈ ਦਵਾਈਆਂ ਦਾ ਮੁਕੰਮਲ ਪ੍ਰਬੰਧ ਰੱਖਿਆ ਜਾਵੇ ਤਾਂ ਜੋ ਕਿਸੇ ਵੀ ਗੰਭੀਰ ਬਿਮਾਰੀ ਦੀ ਹਾਲਤ ਵਿਚ ਮਰੀਜ਼ ਦਾ ਤੁਰੰਤ ਇਲਾਜ਼ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਮੈਡੀਕਲ ਟੀਮ ਸਵੇਰੇ 08 ਵਜੇ ਤੋਂ ਰਾਤ 08 ਵਜੇ ਤੱਕ ਕਾਰਜਸ਼ੀਲ ਰਹੇਗੀ।
ਉਨ੍ਹਾਂ ਸਬੰਧਤ ਥਾਣਾ ਮੁਖੀ ਨੂੰ ਹਦਾਇਤ ਕੀਤੀ ਕਿ ਰਾਹਤ ਕੇਂਦਰਾਂ 'ਤੇ ਪੁਲਿਸ ਕਰਮੀ ਦੀ ਤੈਨਾਤੀ ਕੀਤੀ ਜਾਵੇ ਤਾਂ ਜੋ ਰਾਹਤ ਕੇਂਦਰਾਂ ਵਿਚ ਰਹਿਣ ਵਾਲੇ ਬੱਚਿਆਂ ਅਤੇ ਔਰਤਾਂ ਦੀ ਸੁਰੱਖਿਆ ਦਾ ਵੀ ਖਾਸ ਖਿਆਲ ਰੱਖਿਆ ਜਾ ਸਕੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਹੜ੍ਹ ਸੰਭਾਵਿਤ ਖੇਤਰਾਂ ਵਿੱਚ ਰਹਿਣ ਵਾਲੇ ਲੋਕਾਂ ਦੀ ਸਹੂਲਤ ਲਈ ਜ਼ਿਲ੍ਹੇ ਵਿੱਚ 19 ਰਾਹਤ ਕੇਂਦਰ ਸਥਾਪਤ ਕੀਤੇ ਗਏ ਹਨ। ਜਿਨ੍ਹਾਂ ਵਿੱਚ 2 ਰਾਹਤ ਕੇਂਦਰ ਮਾਨਸਾ ਸਬ-ਡਵੀਜ਼ਨ, 09 ਬੁਢਲਾਡਾ ਸਬ-ਡਵੀਜ਼ਨ ਅਤੇ 8 ਰਾਹਤ ਕੇਂਦਰ ਸਰਦੂਲਗੜ੍ਹ ਸਬ-ਡਵੀਜ਼ਨ ਵਿਖੇ ਬਣਾਏ ਗਏ ਹਨ।
ਅੱਜ ਦੇ ਆਪਣੇ ਦੌਰੇ ਦੌਰਾਨ ਉਨ੍ਹਾਂ ਇੱਥੇ ਰਹਿ ਰਹੇ ਪਰਿਵਾਰਾਂ ਨਾਲ ਮੁਲਾਕਾਤ ਕਰਦਿਆਂ ਕਿਹਾ ਕਿ ਕਿਸੇ ਨੂੰ ਵੀ ਘਬਰਾਉਣ ਦੀ ਲੋੜ ਨਹੀਂ ਹੈ ਅਤੇ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਵੱਖ-ਵੱਖ ਟੀਮਾਂ ਦਾ ਗਠਨ ਕਰਕੇ ਹਰ ਤਰ੍ਹਾਂ ਦੇ ਸੁਚੱਜੇ ਪ੍ਰਬੰਧ ਕੀਤੇ ਗਏ ਹਨ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਹੜ੍ਹਾਂ ਸਬੰਧੀ ਜਾਣਕਾਰੀ ਅਤੇ ਸਹਾਇਤਾ ਲਈ ਜ਼ਿਲ੍ਹਾ ਪੱਧਰੀ ਹੜ੍ਹ ਕੰਟਰੋਲ ਰੂਮ ਸਥਾਪਿਤ ਕੀਤਾ ਗਿਆ ਹੈ, ਜਿਸਦਾ ਨੰਬਰ 01652-229082 ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਦਰਿਆ ਦੇ ਕੰਢਿਆਂ ਨੇੜੇ ਜਾਣ ਤੋਂ ਗੁਰੇਜ਼ ਕਰਨ।