DC ਅਤੇ SSP ਬਰਨਾਲਾ ਹੋਏ ਨੁਕਸਾਨ ਦਾ ਜਾਇਜ਼ਾ ਲੈਂਦੇ ਹੋਏ
ਦੀਦਾਰ ਗੁਰਨਾ
ਬਰਨਾਲਾ 3 ਸਤੰਬਰ 2025 : ਜ਼ਿਲਾ ਬਰਨਾਲਾ ਵਿੱਚ ਪਿਛਲੇ ਦਿਨੀਂ ਹੋਈ ਭਾਰੀ ਬਰਸਾਤ ਕਾਰਨ ਆਏ ਹੜ੍ਹਾਂ ਦੀ ਸਥਿਤੀ ਨੂੰ ਮੱਦੇਨਜ਼ਰ ਰੱਖਦੇ ਹੋਏ ਡਿਪਟੀ ਕਮਿਸ਼ਨਰ ਟੀ ਬੈਨਿਥ ਅਤੇ ਐਸਐਸਪੀ ਬਰਨਾਲਾ ਮੁਹੰਮਦ ਸਰਫ਼ਰਾਜ ਆਲਮ ਨੇ ਅੱਜ ਜ਼ਿਲ੍ਹੇ ਦੇ ਵੱਖ-ਵੱਖ ਪ੍ਰਭਾਵਿਤ ਪਿੰਡਾਂ ਦਾ ਦੌਰਾ ਕੀਤਾ , ਦੌਰੇ ਦੌਰਾਨ ਉਨ੍ਹਾਂ ਨੇ ਹੜ੍ਹ ਪੀੜਤ ਪਰਿਵਾਰਾਂ ਨਾਲ ਮੁਲਾਕਾਤ ਕਰਕੇ ਉਹਨਾਂ ਦੀਆਂ ਹਾਲਤਾਂ ਦੀ ਜਾਣਕਾਰੀ ਲਈ ਅਤੇ ਉਪਲੱਬਧ ਸਹੂਲਤਾਂ ਦੀ ਸਮੀਖਿਆ ਕੀਤੀ , ਅਧਿਕਾਰੀਆਂ ਨੇ ਪ੍ਰਭਾਵਿਤ ਪਰਿਵਾਰਾਂ ਦੀਆਂ ਮੁੱਖ ਸਮੱਸਿਆਵਾਂ ਨੂੰ ਧਿਆਨ ਨਾਲ ਸੁਣਿਆ ਅਤੇ ਉਹਨਾਂ ਨੂੰ ਵਿਸ਼ਵਾਸ ਦਵਾਇਆ ਕਿ ਪ੍ਰਸ਼ਾਸਨ ਵੱਲੋਂ ਹਰ ਸੰਭਵ ਮਦਦ ਮੁਹੱਈਆ ਕਰਵਾਈ ਜਾਵੇਗੀ ,ਮੌਕੇ 'ਤੇ ਉਨ੍ਹਾਂ ਨੇ ਸਿਹਤ ਸੇਵਾਵਾਂ, ਪੀਣ ਵਾਲੇ ਸਾਫ਼ ਪਾਣੀ, ਖਾਣ-ਪੀਣ ਦੀਆਂ ਵਸਤੂਆਂ ਅਤੇ ਹੋਰ ਅਨਿਵਾਰਤ ਸਹੂਲਤਾਂ ਦੀ ਉਪਲਬਧਤਾ ਦੀ ਜਾਂਚ ਕੀਤੀ
ਡਿਪਟੀ ਕਮਿਸ਼ਨਰ ਨੇ ਕਿਹਾ ਕਿ, "ਜਿਲ੍ਹੇ ਦੇ ਕਿਸੇ ਵੀ ਨਾਗਰਿਕ ਨੂੰ ਤਕਲੀਫ਼ ਨਾਂ ਆਵੇ, ਇਹ ਪ੍ਰਸ਼ਾਸਨ ਦੀ ਪਹਿਲੀ ਪ੍ਰਾਥਮਿਕਤਾ ਹੈ , ਪ੍ਰਭਾਵਿਤ ਖੇਤਰਾਂ ਵਿੱਚ ਰਾਹਤ ਅਤੇ ਬਚਾਵ ਕਾਰਜ ਤੇਜ਼ੀ ਨਾਲ ਚੱਲ ਰਹੇ ਹਨ" ਉਨ੍ਹਾਂ ਨੇ ਸਬੰਧਤ ਵਿਭਾਗਾਂ ਨੂੰ ਸਖ਼ਤ ਹਦਾਇਤਾਂ ਦਿੱਤੀਆਂ ਕਿ ਕੋਈ ਵੀ ਪਰਿਵਾਰ ਮਦਦ ਤੋਂ ਵਾਂਝਾ ਨਾ ਰਹੇ ,ਦੌਰੇ ਦੌਰਾਨ ਬਰਸਾਤੀ ਪਾਣੀ ਕਾਰਨ ਨੁਕਸਾਨ ਹੋਏ ਮਕਾਨਾਂ, ਸੜਕਾਂ ਅਤੇ ਖੇਤੀਬਾੜੀ ਨੂੰ ਵੀ ਵੇਖਿਆ ਗਿਆ , ਕਈ ਪਿੰਡਾਂ ਵਿੱਚ ਖੇਤ ਪਾਣੀ ਹੇਠਾਂ ਆ ਗਏ ਹਨ, ਜਿਸ ਕਾਰਨ ਕਿਸਾਨ ਭਾਰੀ ਨੁਕਸਾਨ ਦਾ ਸਾਹਮਣਾ ਕਰ ਰਹੇ ਹਨ , ਪ੍ਰਸ਼ਾਸਨ ਵੱਲੋਂ ਫਸਲ ਨੁਕਸਾਨ ਦੀ ਰਿਪੋਰਟ ਤਿਆਰ ਕੀਤੀ ਜਾ ਰਹੀ ਹੈ, ਜਿਸ ਦੇ ਆਧਾਰ 'ਤੇ ਸਰਕਾਰ ਵੱਲੋਂ ਮੁਆਵਜ਼ਾ ਦਿੱਤਾ ਜਾਵੇਗਾ
ਐਸਐਸਪੀ ਬਰਨਾਲਾ ਨੇ ਦੌਰੇ ਦੌਰਾਨ ਕਿਹਾ ਕਿ ਜ਼ਿਲ੍ਹੇ ਵਿੱਚ ਕਾਨੂੰਨ-ਵਿਵਸਥਾ ਨੂੰ ਯਥਾਵਤ ਰੱਖਣ ਲਈ ਪੁਲਿਸ ਵੱਲੋਂ ਵਾਧੂ ਗਸ਼ਤ ਕੀਤੀ ਜਾ ਰਹੀ ਹੈ ਅਤੇ ਜੇ ਕਿਸੇ ਨੂੰ ਕਿਸੇ ਤਰ੍ਹਾਂ ਦੀ ਸਹਾਇਤਾ ਦੀ ਲੋੜ ਹੋਵੇ ਤਾਂ ਉਹ ਬੇਝਿਜਕ ਆਪਣੇ ਨਜ਼ਦੀਕੀ ਥਾਣੇ ਜਾਂ ਹੈਲਪਲਾਈਨ 'ਤੇ ਸੰਪਰਕ ਕਰ ਸਕਦੇ ਹਨ
