ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਨੇ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਰਾਹਤ ਸਮਗਰੀ ਵੰਡੀ
100 ਰਾਸ਼ਨ ਦੀਆਂ ਕਿੱਟਾਂ, 100 ਤਰਪਾਲਾਂ ਅਤੇ 21 ਟਨ ਪਸ਼ੂਆਂ ਦਾ ਚਾਰਾ ਹੜ੍ਹ ਪ੍ਰਭਾਵਿਤਾਂ ਨੂੰ ਦਿੱਤਾ,ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਰਾਹਤ ਕਾਰਜਾਂ ਲਈ ਡਾ. ਐੱਸ.ਪੀ. ਸਿੰਘ ਉਬਰਾਏ ਦਾ ਧੰਨਵਾਦ ਕੀਤਾ
ਰੋਹਿਤ ਗੁਪਤਾ
ਡੇਰਾ ਬਾਬਾ ਨਾਨਕ/ਕਲਾਨੌਰ, 04 ਸਤੰਬਰ ਪੰਜਾਬ ਸਰਕਾਰ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਵੱਲੋਂ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਰਾਹਤ ਕਾਰਜ ਜੰਗੀ ਪੱਧਰ `ਤੇ ਜਾਰੀ ਹਨ। ਰਾਹਤ ਕਾਰਜਾਂ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਨੂੰ ਸਮਾਜ ਸੇਵੀ ਸੰਸਥਾਵਾਂ ਦਾ ਵੀ ਲਗਾਤਾਰ ਸਹਿਯੋਗ ਮਿਲ ਰਿਹਾ ਹੈ।
ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੁਖੀ ਡਾ. ਐੱਸ.ਪੀ. ਸਿੰਘ ਉਬਰਾਏ ਵੱਲੋਂ ਜ਼ਿਲ੍ਹਾ ਗੁਰਦਾਸਪੁਰ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਰਾਹਤ ਕਾਰਜਾਂ ਵਿੱਚ ਪੰਜਾਬ ਸਰਕਾਰ ਦਾ ਪੂਰਾ ਸਹਿਯੋਗ ਕੀਤਾ ਜਾ ਰਿਹਾ ਹੈ। ਅੱਜ ਇੱਕ ਵਾਰ ਫਿਰ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਡੇਰਾ ਬਾਬਾ ਨਾਨਕ ਦੇ ਹੜ੍ਹ ਪ੍ਰਭਾਵਿਤ ਇਲਾਕੇ ਲਈ 100 ਤਰਪਾਲਾਂ ਅਤੇ 100 ਰਾਸ਼ਨ ਕਿੱਟਾਂ ਦੀ ਵੰਡ ਕੀਤੀ ਗਈ। ਰਾਹਤ ਸਮਗਰੀ ਦੇ ਇਹ ਦੋ ਟਰੱਕ ਟਰੱਸਟ ਵੱਲੋਂ ਡੇਰਾ ਬਾਬਾ ਨਾਨਕ ਦੇ ਵਿਧਾਇਕ ਸ. ਗੁਰਦੀਪ ਸਿੰਘ ਰੰਧਾਵਾ ਦੀ ਹਾਜ਼ਰੀ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਨੂੰ ਸੌਂਪੇ। ਇਸ ਦੇ ਨਾਲ ਹੀ ਟਰੱਸਟ ਵੱਲੋਂ ਕਲਾਨੌਰ ਵਿਖੇ ਹੜ੍ਹ ਪ੍ਰਭਾਵਿਤ ਇਲਾਕੇ ਲਈ 21 ਟਨ ਪਸ਼ੂਆਂ ਦਾ ਚਾਰਾ ਵੰਡਿਆ ਗਿਆ।
ਇਸ ਮੌਕੇ ਵਿਧਾਇਕ ਸ. ਗੁਰਦੀਪ ਸਿੰਘ ਰੰਧਾਵਾ ਨੇ ਉੱਘੇ ਸਮਾਜ ਸੇਵੀ ਡਾ. ਐੱਸ.ਪੀ. ਸਿੰਘ ਉਬਰਾਏ ਵੱਲੋਂ ਮਨੁੱਖਤਾ ਦੇ ਭਲੇ ਲਈ ਕੀਤੇ ਜਾ ਰਹੇ ਕਾਰਜਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਇਹ ਸੇਵਾ ਹੜ੍ਹ ਪੀੜ੍ਹਤ ਲੋਕਾਂ ਲਈ ਵੱਡਾ ਸਹਾਰਾ ਬਣੀ ਹੈ। ਉਨ੍ਹਾਂ ਕਿਹਾ ਕਿ ਹੜ੍ਹ ਨੇ ਰਾਵੀ ਦਰਿਆ ਦੇ ਨਾਲ ਲੱਗਦੇ ਖੇਤਰ ਵਿੱਚ ਵੱਡੀ ਤਬਾਹੀ ਮਚਾਈ ਹੈ ਅਤੇ ਕਈ ਲੋਕ ਬੇਘਰ ਹੋ ਗਏ ਹਨ। ਉਨ੍ਹਾਂ ਨੇ ਹੜ੍ਹ ਪੀੜ੍ਹਤਾਂ ਦੀ ਮਦਦ ਕਰਨ ਲਈ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦਾ ਧੰਨਵਾਦ ਕੀਤਾ।
ਇਸ ਮੌਕੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਜ਼ਿਲ੍ਹਾ ਗੁਰਦਾਸਪੁਰ ਦੇ ਪ੍ਰਧਾਨ ਰਵਿੰਦਰ ਸਿੰਘ ਮਠਾਰੂ ਨੇ ਦੱਸਿਆ ਕਿ ਡਾ. ਐੱਸ.ਪੀ. ਸਿੰਘ ਉਬਰਾਏ ਦੀ ਅਗਵਾਈ ਵਿੱਚ ਉਨ੍ਹਾਂ ਦੀ ਟਰੱਸਟ ਵੱਲੋਂ ਦੋ ਦਿਨ ਪਹਿਲਾਂ ਵੀ ਹੜ੍ਹ ਪ੍ਰਭਾਵਿਤ ਖੇਤਰ ਵਿੱਚ 40 ਟਨ ਪਸ਼ੂਆਂ ਦਾ ਚਾਰਾ ਅਤੇ 100 ਰਾਸ਼ਨ ਦੀਆਂ ਕਿੱਟਾਂ ਵੰਡੀਆਂ ਜਾ ਚੁੱਕੀਆਂ ਹਨ। ਉਨ੍ਹਾਂ ਕਿਹਾ ਕਿ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਸਰਬੱਤ ਦੇ ਭਲੇ ਦੇ ਇਹ ਕਾਰਜ ਜਾਰੀ ਰਹਿਣਗੇ।
ਇਸ ਮੌਕੇ ਐੱਸ.ਡੀ.ਐੱਮ. ਕਲਾਨੌਰ ਜਯੋਤਸਨਾ ਸਿੰਘ, ਡੀ.ਪੀ.ਆਰ.ਓ. ਗੁਰਦਾਸਪੁਰ ਇੰਦਰਜੀਤ ਸਿੰਘ, ਤਹਿਸੀਲਦਾਰ ਰਜਿੰਦਰ ਸਿੰਘ, ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਜਨਰਲ ਸਕੱਤਰ ਰਜਿੰਦਰ ਸਿੰਘ ਹੈਪੀ, ਐਡਵੋਕੇਟ ਹਰਸ਼ਮੀਤ ਸਿੰਘ, ਜੋਧਵੀਰ ਸਿੰਘ, ਪਰਮਬੀਰ ਸਿੰਘ ਤੋਂ ਇਲਾਵਾ ਹੋਰ ਮੁਹਤਬਰ ਵੀ ਹਾਜ਼ਰ ਸਨ।