ਸਾਬਕਾ ਸਰਪੰਚ ਗੁਰਮੇਲ ਸਿੰਘ ਦੇ ਕਤਲ ਖ਼ਿਲਾਫ਼ ਰਾਜਾ ਵੜਿੰਗ ਦਾ ਡੀਸੀ ਦਫ਼ਤਰ ਅੱਗੇ ਧਰਨਾ, ‘ਆਪ’ ਸਰਕਾਰ 'ਤੇ ਲਾਏ ਗੰਭੀਰ ਦੋਸ਼
Baljit Singh
ਪੱਟੀ, ਤਰਨ ਤਾਰਨ: ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਬੀਤੀ ਰਾਤ ਗੋਲੀਆਂ ਮਾਰ ਕੇ ਕਤਲ ਕੀਤੇ ਗਏ ਕਾਂਗਰਸ ਆਗੂ ਅਤੇ ਸਾਬਕਾ ਸਰਪੰਚ ਗੁਰਮੇਲ ਸਿੰਘ ਤੂਤ ਦੇ ਪਰਿਵਾਰ ਨਾਲ ਪੱਟੀ ਹਸਪਤਾਲ ਵਿਖੇ ਮੁਲਾਕਾਤ ਕੀਤੀ। ਇਸ ਉਪਰੰਤ ਉਨ੍ਹਾਂ ਨੇ ਤਰਨ ਤਾਰਨ ਦੇ ਡੀਸੀ ਦਫ਼ਤਰ ਵਿਖੇ ਆਪਣੀ ਪਾਰਟੀ ਦੇ ਵਰਕਰਾਂ ਨਾਲ ਮਿਲ ਕੇ ਧਰਨਾ ਪ੍ਰਦਰਸ਼ਨ ਕੀਤਾ ਅਤੇ ਦੋਸ਼ੀਆਂ ਦੀ ਤੁਰੰਤ ਗ੍ਰਿਫ਼ਤਾਰੀ ਦੀ ਮੰਗ ਕੀਤੀ।
ਰਾਜਾ ਵੜਿੰਗ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਆਮ ਆਦਮੀ ਪਾਰਟੀ (ਆਪ) ਦੀ ਸਰਕਾਰ 'ਤੇ ਗੰਭੀਰ ਦੋਸ਼ ਲਾਏ। ਉਨ੍ਹਾਂ ਕਿਹਾ ਕਿ 'ਆਪ' ਸਰਕਾਰ ਦੇ ਕਾਰਜਕਾਲ ਦੌਰਾਨ ਸੂਬੇ ਵਿੱਚ ਕਤਲੋਗਾਰਦ ਦੀਆਂ ਘਟਨਾਵਾਂ ਵਿੱਚ ਬੇਹੱਦ ਵਾਧਾ ਹੋਇਆ ਹੈ। ਉਨ੍ਹਾਂ ਕਿਹਾ ਕਿ ਗੁਰਮੇਲ ਸਿੰਘ ਤੂਤ ਉਨ੍ਹਾਂ ਦੇ ਇੱਕ ਜੁਝਾਰੂ ਅਤੇ ਮਿਹਨਤੀ ਵਰਕਰ ਸਨ, ਜਿਨ੍ਹਾਂ ਨੂੰ ਅਣਪਛਾਤੇ ਵਿਅਕਤੀਆਂ ਨੇ 6 ਗੋਲੀਆਂ ਮਾਰ ਕੇ ਬੇਰਹਿਮੀ ਨਾਲ ਕਤਲ ਕਰ ਦਿੱਤਾ।
ਵੜਿੰਗ ਨੇ ਪਰਿਵਾਰ ਨੂੰ ਭਰੋਸਾ ਦਿਵਾਉਂਦਿਆਂ ਕਿਹਾ ਕਿ ਕਾਂਗਰਸ ਪਾਰਟੀ ਇਸ ਔਖੀ ਘੜੀ ਵਿੱਚ ਉਨ੍ਹਾਂ ਦੇ ਨਾਲ ਖੜ੍ਹੀ ਹੈ ਅਤੇ ਉਹ ਹਰ ਹਾਲਤ ਵਿੱਚ ਪਰਿਵਾਰ ਨੂੰ ਇਨਸਾਫ਼ ਦਿਵਾਉਣਗੇ।
ਜ਼ਿਕਰਯੋਗ ਹੈ ਕਿ ਕਾਂਗਰਸ ਪਾਰਟੀ ਦੇ ਪੱਟੀ ਬਲਾਕ ਦੇ ਪ੍ਰਧਾਨ ਅਤੇ ਸਾਬਕਾ ਸਰਪੰਚ ਗੁਰਮੇਲ ਸਿੰਘ ਤੂਤ ਨੂੰ ਬੀਤੀ ਦੇਰ ਰਾਤ ਉਸ ਸਮੇਂ ਗੋਲੀਆਂ ਮਾਰੀਆਂ ਗਈਆਂ ਜਦੋਂ ਉਹ ਬੰਨ੍ਹ ਤੋਂ ਮਿੱਟੀ ਪਾ ਕੇ ਟਰੈਕਟਰ 'ਤੇ ਆਪਣੇ ਘਰ ਵਾਪਸ ਆ ਰਹੇ ਸਨ। ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।