ਜੀਐਸਟੀ ਸਲੈਬ ਵਿੱਚ ਕਮੀ: ਕੈਮਿਸਟ ਐਸੋਸੀਏਸ਼ਨ ਬਠਿੰਡਾ ਵੱਲੋਂ ਕੇਂਦਰ ਸਰਕਾਰ ਦਾ ਧੰਨਵਾਦ
ਅਸ਼ੋਕ ਵਰਮਾ
ਬਠਿੰਡਾ, 4 ਸਤੰਬਰ 2025 :ਕੇਂਦਰ ਸਰਕਾਰ ਵੱਲੋਂ ਜੀਐਸਟੀ ਸਲੈਬ ਵਿੱਚ ਕਟੌਤੀ ਨਾਲ ਆਮ ਲੋਕਾਂ ਨੂੰ ਸਿੱਧੀ ਰਾਹਤ ਮਿਲੀ ਹੈ। ਹੁਣ ਦਵਾਈਆਂ ਦੇ ਨਾਲ-ਨਾਲ ਘਰੇਲੂ ਸਮਾਨ, ਸਟੇਸ਼ਨਰੀ ਅਤੇ ਹੋਰ ਰੋਜ਼ਾਨਾ ਦੀਆਂ ਚੀਜ਼ਾਂ ਸਸਤੀਆਂ ਹੋ ਗਈਆਂ ਹਨ। ਇਸ ਫੈਸਲੇ ਬਾਰੇ ਜ਼ਿਲ੍ਹਾ ਕੈਮਿਸਟ ਐਸੋਸੀਏਸ਼ਨ ਬਠਿੰਡਾ ਦੇ ਪ੍ਰਧਾਨ ਅਸ਼ੋਕ ਬਾਲਿਆਂਵਾਲੀ ਨੇ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਅਤੇ ਕੇਂਦਰ ਸਰਕਾਰ ਦਾ ਧੰਨਵਾਦ ਕੀਤਾ ਹੈ। ਇੱਕ ਪ੍ਰੈਸ ਰਿਲੀਜ਼ ਜਾਰੀ ਕਰਦਿਆਂ ਜ਼ਿਲ੍ਹਾ ਕੈਮਿਸਟ ਐਸੋਸੀਏਸ਼ਨ ਦੇ ਪ੍ਰਧਾਨ ਅਸ਼ੋਕ ਬਾਲਿਆਂਵਾਲੀ ਨੇ ਕਿਹਾ ਕਿ ਇਹ ਫੈਸਲਾ ਦੀਵਾਲੀ ਤੋਂ ਪਹਿਲਾਂ ਜਨਤਾ ਲਈ ਇੱਕ ਵੱਡਾ ਤੋਹਫ਼ਾ ਹੈ। ਉਨ੍ਹਾਂ ਕਿਹਾ ਕਿ ਸਿਹਤ ਬੀਮਾ ਸਮੇਤ ਖਤਰਨਾਕ ਬਿਮਾਰੀਆਂ ਲਈ 33 ਦਵਾਈਆਂ ਨੂੰ ਜੀਐਸਟੀ ਮੁਕਤ ਕਰ ਦਿੱਤਾ ਗਿਆ ਹੈ, ਜਿਸ ਨਾਲ ਖ਼ਤਰਨਾਕ ਬਿਮਾਰੀਆਂ ਤੋਂ ਪੀੜਤ ਮਰੀਜ਼ਾਂ ਨੂੰ ਵੱਡੀ ਰਾਹਤ ਮਿਲੇਗੀ।
ਬਾਲਿਆਂਵਾਲੀ ਨੇ ਕਿਹਾ ਕਿ ਪਹਿਲਾਂ ਸਾਰੀਆਂ ਦਵਾਈਆਂ ਸਮੇਤ ਡਾਕਟਰੀ ਉਪਕਰਣਾਂ ਅਤੇ ਘਰੇਲੂ ਵਸਤਾਂ 'ਤੇ 12 ਪ੍ਰਤੀਸ਼ਤ, 18 ਪ੍ਰਤੀਸ਼ਤ ਅਤੇ 28 ਪ੍ਰਤੀਸ਼ਤ ਜੀਐਸਟੀ ਲਗਾਇਆ ਜਾਂਦਾ ਸੀ, ਜਿਸ ਨੂੰ ਮੋਦੀ ਸਰਕਾਰ ਨੇ ਘਟਾ ਕੇ 5 ਪ੍ਰਤੀਸ਼ਤ ਕਰ ਦਿੱਤਾ ਹੈ। ਮੋਦੀ ਸਰਕਾਰ ਦੇ ਉਪਰੋਕਤ ਕਦਮ ਨਾਲ ਲੋਕਾਂ ਨੂੰ ਚੰਗੀਆਂ ਸਿਹਤ ਸਹੂਲਤਾਂ ਮਿਲਣਗੀਆਂ। ਉਨ੍ਹਾਂ ਕਿਹਾ ਕਿ ਸਰਕਾਰ ਦੇ ਇਸ ਕਦਮ ਨਾਲ ਆਮ ਲੋਕਾਂ ਦੇ ਖਰਚੇ ਘੱਟ ਹੋਣਗੇ ਅਤੇ ਖਾਸ ਕਰਕੇ ਦਵਾਈਆਂ ਅਤੇ ਸਿਹਤ ਬੀਮੇ ਦੀਆਂ ਕੀਮਤਾਂ ਵਿੱਚ ਕਮੀ ਕਾਰਨ ਮਰੀਜ਼ਾਂ ਨੂੰ ਰਾਹਤ ਮਿਲੇਗੀ। ਸਟੇਸ਼ਨਰੀ ਅਤੇ ਘਰੇਲੂ ਸਮਾਨ ਸਸਤਾ ਹੋਣ ਕਾਰਨ ਵਿਦਿਆਰਥੀਆਂ ਅਤੇ ਘਰੇਲੂ ਔਰਤਾਂ ਨੂੰ ਵੀ ਵੱਡਾ ਲਾਭ ਮਿਲੇਗਾ। ਅਸ਼ੋਕ ਬਾਲਿਆਂਵਾਲੀ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਏਆਈਓਸੀਡੀ ਵੱਲੋਂ ਰੱਖੀ ਗਈ ਮੰਗ ਨੂੰ ਸਵੀਕਾਰ ਕਰਦਿਆਂ ਜਨਤਾ ਨੂੰ ਕਾਫ਼ੀ ਹੱਦ ਤੱਕ ਵੱਡੀ ਰਾਹਤ ਦਿੱਤੀ ਹੈ। ਜੀਐਸਟੀ ਦਰਾਂ ਵਿੱਚ ਕਟੌਤੀ ਨਾਲ ਬਾਜ਼ਾਰ ਵਿੱਚ ਰੌਣਕ ਵਧੇਗੀ ਅਤੇ ਕਾਰੋਬਾਰ ਨੂੰ ਵੀ ਗਤੀ ਮਿਲੇਗੀ।