ਪੰਜਾਬ ਸਰਕਾਰ ਵੱਲੋਂ ਅਧਿਆਪਕ ਦਿਵਸ ਮੌਕੇ ਡਾ. ਐਸ. ਰਾਧਾਕ੍ਰਿਸ਼ਨਨ ਨੂੰ ਸ਼ਰਧਾਂਜਲੀ ਭੇਟ
ਚੰਡੀਗੜ੍ਹ, 5 ਸਤੰਬਰ 2025- ਅਧਿਆਪਕ ਦਿਵਸ ਮੌਕੇ ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਅੱਜ ਭਾਰਤ ਦੇ ਸਾਬਕਾ ਰਾਸ਼ਟਰਪਤੀ 'ਭਾਰਤ ਰਤਨ' ਡਾ. ਸਰਵਪੱਲੀ ਰਾਧਾਕ੍ਰਿਸ਼ਨਨ, ਜੋ ਉੱਘੇ ਦਾਰਸ਼ਨਿਕ ਅਤੇ ਸਿੱਖਿਆ ਸ਼ਾਸਤਰੀ ਸਨ, ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਅਧਿਆਪਕ ਦਿਵਸ ਹਰ ਸਾਲ 5 ਸਤੰਬਰ ਨੂੰ ਉਨ੍ਹਾਂ ਦੇ ਜਨਮ ਦਿਵਸ ਮੌਕੇ ਮਨਾਇਆ ਜਾਂਦਾ ਹੈ।
ਇਸ ਮੌਕੇ ਸਾਰੇ ਜ਼ਿਲ੍ਹਿਆਂ ਵਿੱਚ ਸ਼ਰਧਾਂਜਲੀ ਸਮਾਰੋਹ ਕਰਵਾਏ ਗਏ, ਜਿੱਥੇ ਅਧਿਕਾਰੀ, ਸਟਾਫ਼ ਅਤੇ ਅਧਿਆਪਕਾਂ ਨੇ ਡਾ. ਐਸ. ਰਾਧਾਕ੍ਰਿਸ਼ਨਨ ਦੇ ਯੋਗਦਾਨ ਨੂੰ ਯਾਦ ਕੀਤਾ। ਸਮਾਜ ਨੂੰ ਸੇਧ ਦੇਣ ਅਤੇ ਦੇਸ਼ ਦੇ ਭਵਿੱਖ ਨੂੰ ਸੰਵਾਰਨ ਵਿੱਚ ਅਧਿਆਪਕਾਂ ਦੀ ਭੂਮਿਕਾ ਬਾਰੇ ਚਾਨਣਾ ਪਾਇਆ ਗਿਆ ।
ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅਧਿਆਪਕ ਦਿਵਸ ਮੌਕੇ ਡਾ. ਐਸ. ਰਾਧਾਕ੍ਰਿਸ਼ਨਨ ਨੂੰ ਯਾਦ ਕੀਤਾ ਅਤੇ ਕਿਹਾ ਕਿ ਅਧਿਆਪਕ ਸਮਾਜ ਦੇ ਰੋਲ ਮਾਡਲ ਹਨ ਜੋ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ, ਗਿਆਨ ਪ੍ਰਦਾਨ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਬਿਹਤਰ ਇਨਸਾਨ ਬਣਨ ਲਈ ਪ੍ਰੇਰਿਤ ਅਤੇ ਉਤਸ਼ਾਹਿਤ ਕਰਕੇ ਉਨ੍ਹਾਂ ਦੇ ਜੀਵਨ ਨੂੰ ਸਹੀ ਦਿਸ਼ਾ ਦੇਣ ਵਿੱਚ ਵਿਸ਼ੇਸ਼ ਭੂਮਿਕਾ ਨਿਭਾਉਂਦੇ ਹਨ। ਸ. ਬੈਂਸ ਨੇ ਅਧਿਆਪਕਾਂ ਨੂੰ ਹੜ੍ਹਾਂ ਦੀ ਚੁਣੌਤੀ ਨਾਲ ਨਜਿੱਠਣ ਲਈ ਰਾਹਤ ਕਾਰਜਾਂ ਵਿੱਚ ਆਪਣਾ ਸਮਰਥਨ ਜਾਰੀ ਰੱਖਣ ਵਾਸਤੇ ਅਪੀਲ ਵੀ ਕੀਤੀ।
ਪੰਜਾਬ ਸਕੂਲ ਸਿੱਖਿਆ ਵਿਭਾਗ ਦੇ ਪ੍ਰਬੰਧਕੀ ਸਕੱਤਰ ਸ੍ਰੀਮਤੀ ਅਨਿੰਦਿਤਾ ਮਿੱਤਰਾ ਨੇ ਕਿਹਾ ਕਿ ਇਸ ਸਮੇਂ ਸਮੁੱਚਾ ਸੂਬਾ ਹੜ੍ਹਾਂ ਦੀ ਮਾਰ ਝੱਲ ਰਿਹਾ ਹੈ, ਜਿਸ ਕਾਰਨ ਆਏ ਸਾਲ ਕਰਵਾਇਆ ਜਾਣ ਵਾਲਾ ਰਾਜ ਪੱਧਰੀ ਅਧਿਆਪਕ ਦਿਵਸ ਸਮਾਗਮ, ਜਿਸ ਵਿੱਚ ਸ਼ਾਨਦਾਰ ਪ੍ਰਾਪਤੀਆਂ ਵਾਲੇ ਅਧਿਆਪਕਾਂ ਨੂੰ ਰਾਜ ਪੁਰਸਕਾਰ ਨਾਲ ਸਨਮਾਨਿਆ ਜਾਂਦਾ ਹੈ, ਨੂੰ ਮੁਲਤਵੀ ਕੀਤਾ ਗਿਆ ਹੈ।
ਉਨ੍ਹਾਂ ਕਿਹਾ ਕਿ ਰਸਮੀ ਰਾਜ ਪੱਧਰੀ ਸਮਾਰੋਹ ਮੁਲਤਵੀ ਕੀਤੇ ਗਏ ਹਨ, ਪਰ ਅਧਿਆਪਕ ਦਿਵਸ ਦੀ ਭਾਵਨਾ ਡਾ. ਰਾਧਾਕ੍ਰਿਸ਼ਨਨ ਦੇ ਆਦਰਸ਼ਾਂ ਨੂੰ ਦਿਲੋਂ ਯਾਦ ਕਰਕੇ ਬਰਕਰਾਰ ਰੱਖੀ ਗਈ ਹੈ, ਜੋ ਮਿਆਰੀ ਸਿੱਖਿਆ ਦੇ ਉਦੇਸ਼ ਪ੍ਰਤੀ ਵਿਭਾਗ ਦੀ ਵਚਨਬੱਧਤਾ ਅਤੇ ਨਵੀਂ ਪੀੜ੍ਹੀ ਨੂੰ ਪ੍ਰੇਰਿਤ ਕਰਨ ਵਾਲੇ ਅਧਿਆਪਕਾਂ ਦੇ ਅਣਥੱਕ ਯਤਨਾਂ ਦੀ ਪੁਸ਼ਟੀ ਕਰਦੀ ਹੈ।