ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰੂਪਨਗਰ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ 'ਚ ਰਾਹਤ ਸਮੱਗਰੀ ਦੀਆਂ ਗੱਡੀਆਂ ਕੀਤੀਆਂ ਰਵਾਨਾ
ਡੇਰਾ ਬਾਬਾ ਮੁਰਾਦ ਸ਼ਾਹ ਜੀ ਨਕੋਦਰ ਵਾਲਿਆਂ ਨੇ ਦਿੱਤਾ ਸਹਿਯੋਗ
ਰੂਪਨਗਰ, 6 ਸਤੰਬਰ: ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰੂਪਨਗਰ ਵੱਲੋਂ ਡੇਰਾ ਬਾਬਾ ਮੁਰਾਦ ਸ਼ਾਹ ਜੀ ਨਕੋਦਰ ਵਾਲਿਆਂ ਦੇ ਸਹਿਯੋਗ ਨਾਲ ਰੂਪਨਗਰ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਰਾਹਤ ਸਮੱਗਰੀ ਦੀਆਂ ਗੱਡੀਆਂ ਰਵਾਨਾ ਕੀਤੀਆਂ ਗਈਆਂ।
ਇਸ ਰਾਹਤ ਸਮੱਗਰੀ ਵਿੱਚ ਤਰਪਾਲਾਂ, ਲਾਈਫ ਜੈਕਟਾਂ, ਜ਼ਰੂਰੀ ਦਵਾਈਆਂ, ਸੈਨੇਟਰੀ ਪੇਡ, ਰੋਜ਼ਾਨਾ ਵਰਤੋਂ ਵਾਲੀਆਂ ਲੋੜੀਂਦੀਆਂ ਵਸਤਾਂ ਅਤੇ ਰਾਸ਼ਨ ਕਿੱਟਾਂ ਸ਼ਾਮਲ ਸਨ। ਇਹ ਸਾਰੀਆਂ ਵਸਤਾਂ ਹੜ੍ਹ ਕਾਰਨ ਪੀੜਤ ਪਰਿਵਾਰਾਂ ਦੀਆਂ ਬੁਨਿਆਦੀ ਲੋੜਾਂ ਪੂਰੀਆਂ ਕਰਨ ਲਈ ਵੰਡੀਆਂ ਗਈਆਂ।
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰੂਪਨਗਰ ਸਕੱਤਰ ਸ਼੍ਰੀਮਤੀ ਅਮਨਦੀਪ ਕੌਰ ਨੇ ਕਿਹਾ ਕਿ ਸੰਸਥਾ ਵਲੋਂ ਲੋਕਾਂ ਦੀ ਸਹਾਇਤਾ ਲਈ ਹਮੇਸ਼ਾ ਅੱਗੇ ਰਹਿਆ ਜਾਵੇਗਾ ਅਤੇ ਕਿਸੇ ਵੀ ਸੰਕਟ ਦੀ ਘੜੀ ਵਿੱਚ ਪ੍ਰਭਾਵਿਤ ਲੋਕਾਂ ਨੂੰ ਪੂਰਾ ਸਹਿਯੋਗ ਪ੍ਰਦਾਨ ਕੀਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਮੁਸ਼ਕਿਲ ਸਮੇਂ ਵਿੱਚ ਇੱਕ ਦੂਜੇ ਦੀ ਮੱਦਦ ਕਰਨਾ ਮਨੁੱਖਤਾ ਦਾ ਸਭ ਤੋਂ ਵੱਡਾ ਫ਼ਰਜ ਹੈ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਵੱਲੋਂ ਲੋਕਾਂ ਦੀ ਸਹਾਇਤਾ ਲਈ ਪੂਰੀ ਵਚਨਬੱਧਤਾ ਨਾਲ ਕੰਮ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਸਮਾਜ ਦੇ ਹਰ ਵਰਗ ਨੂੰ ਅਪੀਲ ਕੀਤੀ ਕਿ ਇਸ ਕੁਦਰਤੀ ਆਫ਼ਤ ਦੇ ਸਮੇਂ ਵਿੱਚ ਇੱਕ ਦੂਜੇ ਦਾ ਹੱਥ ਫੜ ਕੇ ਅੱਗੇ ਆਉਣ।