ਹੜ੍ਹਾਂਂ ਹੋਏ ਨੁਕਸਾਨ ਦੀ ਪੂਰਤੀ ਲਈ ਸਾਂਝੇ ਮਜ਼ਦੂਰ ਮੋਰਚੇ ਵੱਲੋਂ ਰੋਸ ਮੁਜ਼ਾਹਰਿਆਂ ਦਾ ਐਲਾਨ
ਅਸ਼ੋਕ ਵਰਮਾ
ਜਲੰਧਰ ,7 ਸਤੰਬਰ 2025: ਸਰਕਾਰਾਂ ਦੀ ਅਣਗਹਿਲੀ ਕਾਰਨ, ਪਿਛਲੇ ਦੋ ਹਫ਼ਤਿਆਂ ਤੋਂ ਪਾਣੀ ਨਾਲ ਆਫਰੇ ਨਦੀਆਂ ਨਾਲਿਆਂ ਵਲੋਂ ਮਚਾਈ ਤਬਾਹੀ ਨੇ ਜਿਥੇ ਪੰਜਾਬ ਦੇ ਦਰਿਆਵਾਂ ਵੇਈਆਂ ਦੇ ਨਾਲ ਲੱਗਦੇ ਇਲਾਕਿਆਂ ਵਿੱਚ ਭਾਰੀ ਤਬਾਹੀ ਮਚਾਈ ਹੈ ਉਥੇ ਭਾਰੀ ਬਾਰਸ਼ ਕਾਰਨ ਪੰਜਾਬ ਦੇ ਹੋਰਨਾਂ ਹਿੱਸਿਆਂ ਵਿਚ ਵੀ ਲੋਕਾਂ ਦਾ ਬਹੁਤ ਭਾਰੀ ਨੁਕਸਾਨ ਹੋਇਆ ਹੈ ਪਰ ਸੂਬਾ ਸਰਕਾਰ ਪੀੜਤਾਂ ਦੀ ਬਾਂਹ ਫੜਨ ਵਿਚ ਅਸਫਲ ਰਹੀ ਹੈ। ਅੱਜ ਇੱਥੇ ਦਿਹਾਤੀ ਮਜ਼ਦੂਰ ਸਭਾ ਦੇ ਸੂਬਾ ਦਫ਼ਤਰ ਵਿਖੇ, ਪੇਂਡੂ ਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਦੀ ਹੰਗਾਮੀ ਮੀਟਿੰਗ ਮੋਰਚੇ ਦੇ ਆਗੂ ਅਤੇ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਤਰਸੇਮ ਪੀਟਰ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਸਾਂਝੇ ਮਜ਼ਦੂਰ ਮੋਰਚੇ ਨੇ ਫੈਸਲਾ ਕੀਤਾ ਕਿ ਹੜਾਂ/ਬਾਰਸ਼ਾਂ ਕਾਰਨ ਹੋਏ ਮਜ਼ਦੂਰਾਂ ਕਿਸਾਨਾਂ ਦੇ ਅਤੇ ਆਮ ਲੋਕਾਂ ਦੇ ਭਾਰੀ ਨੁਕਸਾਨ ਦੀ ਭਰਪਾਈ ਲਈ 11-12 ਸਤੰਬਰ ਨੂੰ ਜ਼ਿਲ੍ਹਾ ਤੇ ਤਹਿਸੀਲ ਪੱਧਰਾਂ 'ਤੇ ਵਿਸ਼ਾਲ ਮੁਜ਼ਾਹਰੇ ਕਰਕੇ , ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਦੇ ਨਾਂਅ ਡਿਪਟੀ ਕਮਿਸ਼ਨਰਾਂ ਅਤੇ ਐੱਸ ਡੀ ਐੱਮਜ਼ ਨੂੰ ਮੰਗ ਪੱਤਰ ਦਿੱਤੇ ਜਾਣਗੇ।
ਸਾਂਝੇ ਮੋਰਚੇ ਦੇ ਆਗੂਆਂ, ਦਰਸ਼ਨ ਨਾਹਰ ਸੂਬਾ ਪ੍ਰਧਾਨ ਦਿਹਾਤੀ ਮਜ਼ਦੂਰ ਸਭਾ, ਹਰਮੇਸ਼ ਮਾਲੜੀ, ਸੂਬਾ ਵਿੱਤ ਸਕੱਤਰ ਪੰਜਾਬ ਖੇਤ ਮਜ਼ਦੂਰ ਯੂਨੀਅਨ, ਮੁਕੇਸ਼ ਮਲੌਦ, ਜ਼ੋਨਲ ਪ੍ਰਧਾਨ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ, ਸੋਢੀ ਲਾਲ, ਸੂਬਾ ਆਗੂ ਕੁਲ ਹਿੰਦ ਖੇਤ ਮਜਦੂਰ ਯੂਨੀਅਨ ਅਤੇ ਕਸ਼ਮੀਰ ਘੁਗਸੋ਼ਰ ਸੂਬਾ ਆਗੂ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਨੇ ਸਾਂਝੇ ਬਿਆਨ ਵਿੱਚ ਕਿਹਾ ਕਿ ਸੂਬਾ ਸਰਕਾਰ ਹੜਾਂ ਦੀ ਕ੍ਰੋਪੀ ਨੂੰ ਕੁਦਰਤੀ ਕ੍ਰੋਪੀ ਗ਼ਰਦਾਨ ਕੇ ਆਪਣੀ ਜ਼ਿੰਮੇਵਾਰੀ ਤੋਂ ਭੱਜ ਰਹੀ ਹੈ ਉਨ੍ਹਾਂ ਕੇਂਦਰ ਸਰਕਾਰ ਤੋਂ ਮੰਗ ਕੀਤੀ ਪੰਜਾਬ ਵਿੱਚ ਹੜਾਂ ਨੂੰ ਕੌਮੀ ਆਫ਼ਤ ਐਲਾਨ ਕੇ ਵੱਡੇ ਰਾਹਤ ਪੈਕੇਜ ਦਾ ਐਲਾਨ ਕੀਤਾ ਜਾਵੇ, ਹੜਾਂ ਕਾਰਨ ਜਾਨਾਂ ਗਵਾਉਣ ਵਾਲੇ ਇਨਸਾਨਾਂ ਦੇ ਪਰਿਵਾਰਾਂ ਨੂੰ ਘੱਟੋ ਘੱਟ 25ਲੱਖ ਰੁਪਏ ਦੀ ਮੁਆਵਜ਼ਾ ਰਾਸ਼ੀ ਦਿੱਤੀ ਜਾਵੇ, ਮਰੇ ਡੰਗਰਾਂ ਲਈ ਪ੍ਰਤੀ ਪਸ਼ੂ ਇਕ ਲੱਖ ਰੁਪਏ, ਮਜ਼ਦੂਰਾਂ ਦੇ ਢਹਿ ਗਏ ਘਰਾਂ ਦੀ ਮੁੜ ਉਸਾਰੀ ਲਈ 15 ਲੱਖ ਰੁਪਏ ਅਤੇ ਬਾਲੇ ਗਾਡਰਾਂ ਵਾਲੀਆਂ ਛੱਤਾਂ ਬਦਲਣ ਲਈ 5ਲੱਖ ਰੁਪਏ ਦੀ ਗਰਾਂਟ ਤੋਂ ਇਲਾਵਾ ਮਜ਼ਦੂਰਾਂ ਦੀਆਂ ਟੁੱਟੀਆਂ ਕੰਮ ਦਿਹਾੜੀਆਂ ਲਈ 50000/- ਰੁਪਏ ਪ੍ਰਤੀ ਪਰਿਵਾਰ ਦਿੱਤੇ ਜਾਣ।
ਸਾਂਝੇ ਮੋਰਚੇ ਨੇ ਮੰਗ ਕੀਤੀ ਹੈ ਕਿ ਹੜ੍ਹਾਂ ਤੋਂ ਰੋਕਥਾਮ ਦੇ ਸਥਾਈ ਹੱਲ ਲਈ ਦਰਿਆਵਾਂ , ਵੇਈਆਂ, ਬਰਸਾਤੀ ਨਾਲਿਆਂ ਦੀ ਸਫ਼ਾਈ ਲਈ ਪੱਕੇ ਮੁਲਾਜ਼ਮ ਭਰਤੀ ਕੀਤੇ ਜਾਣ ਅਤੇ ਫੌਰੀ ਸਫ਼ਾਈ ਲਈ ਮਨਰੇਗਾ ਬਜ਼ਟ ਵਧਾ ਕੇ ਮਜ਼ਦੂਰਾਂ ਨੂੰ ਕੰਮ ਦਿੱਤਾ ਜਾਵੇ ਅਤੇ ਪ੍ਰਤੀ ਦਿਨ ਕੰਮ ਲਈ 700/- ਦਿਹਾੜੀ ਦਿੱਤੀ ਜਾਵੇ, ਮਜ਼ਦੂਰਾਂ ਦੇ ਸਰਕਾਰੀ, ਸਹਿਕਾਰੀ ਅਤੇ ਮਾਈਕ੍ਰੋਫਨਾਂਸ ਕੰਪਨੀਆਂ ਦੇ ਸਮੁੱਚੇ ਕਰਜੇ ਮਾਫ਼ ਕੀਤੇ ਜਾਣ, ਹੜਾਂ ਬਾਰਸ਼ਾਂ ਕਾਰਨ ਫੈਲਣ ਵਾਲੀਆਂ ਬਿਮਾਰੀਆਂ ਦੀ ਰੋਕਥਾਮ ਲਈ ਉਚੇਚੇ ਪ੍ਰਬੰਧ ਕੀਤੇ ਜਾਣ,ਉਨ੍ਹਾਂ ਮੰਗ ਕੀਤੀ ਕਿ ਜਿਨ੍ਹਾਂ ਅਧਿਕਾਰੀਆਂ ਅਤੇ ਸਿਆਸਤਦਾਨਾਂ ਦੀ ਅਣਗਹਿਲੀ ਕਾਰਨ ਹੜਾਂ ਦੀ ਸਥਿਤੀ ਪੈਦਾ ਹੋਈ ਉਨ੍ਹਾਂ ਦੀ ਨਿਸ਼ਾਨਦੇਹੀ ਕਰਕੇ ਸਖ਼ਤ ਸਜ਼ਾਵਾਂ ਦਿੱਤੀਆਂ ਜਾਣ। ਅੱਜ ਦੀ ਮੀਟਿੰਗ 'ਚ ਹੋਰਨਾਂ ਤੋਂ ਇਲਾਵਾ ਸੂਬਾ ਆਗੂ ਗੁਰਨਾਮ ਸਿੰਘ ਦਾਊਦ ਅਤੇ ਬਲਦੇਵ ਸਿੰਘ ਨੂਰਪੁਰੀ ਵੀ ਹਾਜ਼ਰ ਸਨ, ਜ਼ਰੂਰੀ ਰੁਝੇਵਿਆਂ ਕਾਰਨ ਗੈਰਹਾਜ਼ਰ ਰਹੇ ਪੰਜਾਬ ਖੇਤ ਮਜ਼ਦੂਰ ਸਭਾ ਜਰਨਲ ਸਕੱਤਰ ਦੇਵੀ ਕੁਮਾਰੀ, ਮਜ਼ਦੂਰ ਮੁਕਤੀ ਮੋਰਚਾ ਪੰਜਾਬ ਦੇ ਸੂਬਾ ਪ੍ਰਧਾਨ ਗੋਬਿੰਦ ਸਿੰਘ ਛਾਜਲੀ ਅਤੇ ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਦੇ ਸੂਬਾ ਪ੍ਰਧਾਨ ਕੁਲਵੰਤ ਸਿੰਘ ਸੇਲਵਰਾ ਨੇ ਫੈਸਲਿਆਂ ਨਾਲ ਸਹਿਮਤੀ ਪ੍ਰਗਟ ਕੀਤੀ।