Punjab Cabinet ਦੀ ਅੱਜ 8 ਸਤੰਬਰ ਨੂੰ ਹੋਵੇਗੀ ਅਹਿਮ ਬੈਠਕ, CM ਮਾਨ ਹਸਪਤਾਲ ਤੋਂ ਕਰਨਗੇ ਪ੍ਰਧਾਨਗੀ
ਬਾਬੂਸ਼ਾਹੀ ਬਿਊਰੋ
ਚੰਡੀਗੜ੍ਹ, 8 ਸਤੰਬਰ: ਪੰਜਾਬ ਇਸ ਸਮੇਂ ਹੜ੍ਹਾਂ ਦੀ ਵਿਨਾਸ਼ਕਾਰੀ ਮਾਰ ਝੱਲ ਰਿਹਾ ਹੈ। ਹੁਣ ਇਸੇ ਗੰਭੀਰ ਸੰਕਟ ਦੇ ਵਿਚਕਾਰ, ਸੂਬਾ ਸਰਕਾਰ ਦੀ ਇੱਕ ਮਹੱਤਵਪੂਰਨ ਕੈਬਨਿਟ ਮੀਟਿੰਗ ਅੱਜ ਦੁਪਹਿਰ 12 ਵਜੇ ਹੋਣ ਜਾ ਰਹੀ ਹੈ। ਖਾਸ ਗੱਲ ਇਹ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ, ਜੋ ਇਸ ਸਮੇਂ ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਦਾਖਲ ਹਨ, ਵੀਡੀਓ ਕਾਨਫਰੰਸਿੰਗ ਰਾਹੀਂ ਇਸ ਮੀਟਿੰਗ ਦੀ ਪ੍ਰਧਾਨਗੀ ਕਰਨਗੇ ।
ਕੀ ਹੈ ਮੀਟਿੰਗ ਦਾ ਮੁੱਖ ਏਜੰਡਾ?
ਦੱਸ ਦਈਏ ਕਿ ਇਹ ਮੀਟਿੰਗ, ਪਹਿਲਾਂ ਸ਼ੁੱਕਰਵਾਰ ਨੂੰ ਹੋਣੀ ਸੀ ਪਰ CM ਮਾਨ ਦੀ ਸਿਹਤ ਵਿਗੜਨ ਕਾਰਨ ਇਸ ਨੂੰ ਮੁਲਤਵੀ ਕਰ ਦਿੱਤਾ ਗਿਆ ਸੀ, ਪਰ ਹੁਣ ਇਹ ਮੀਟਿੰਗ ਅੱਜ ਹੋ ਰਹੀ ਹੈ । ਸੂਤਰਾਂ ਅਨੁਸਾਰ, ਮੀਟਿੰਗ ਦਾ ਮੁੱਖ ਫੋਕਸ ਸੂਬੇ ਵਿੱਚ ਹੜ੍ਹਾਂ ਦੀ ਸਥਿਤੀ ਅਤੇ ਉਸ ਨਾਲ ਨਜਿੱਠਣ ਲਈ ਚੱਲ ਰਹੇ ਰਾਹਤ ਕਾਰਜਾਂ ਦੀ ਸਮੀਖਿਆ ਕਰਨਾ ਹੈ। ਇਸ ਮੀਟਿੰਗ ਵਿੱਚ ਕਈ ਵੱਡੇ ਅਤੇ ਮਹੱਤਵਪੂਰਨ ਫੈਸਲੇ ਲਏ ਜਾਣ ਦੀ ਸੰਭਾਵਨਾ ਹੈ।
ਹਸਪਤਾਲ ਤੋਂ ਕਿਉਂ ਜੁੜਨਗੇ CM ਮਾਨ?
ਤੁਹਾਨੂੰ ਦੱਸ ਦੇਈਏ ਕਿ ਮੁੱਖ ਮੰਤਰੀ ਭਗਵੰਤ ਮਾਨ ਨੂੰ ਪਿਛਲੇ ਸ਼ੁੱਕਰਵਾਰ ਨੂੰ ਸਿਹਤ ਸਬੰਧੀ ਸਮੱਸਿਆਵਾਂ ਕਾਰਨ ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ। ਹਾਲਾਂਕਿ, ਹੁਣ ਉਨ੍ਹਾਂ ਦੀ ਸਿਹਤ ਵਿੱਚ ਸੁਧਾਰ ਹੋ ਰਿਹਾ ਹੈ। ਸੂਬੇ ਦੀ ਗੰਭੀਰ ਸਥਿਤੀ ਨੂੰ ਦੇਖਦੇ ਹੋਏ, ਉਨ੍ਹਾਂ ਨੇ ਹਸਪਤਾਲ ਤੋਂ ਹੀ ਵੀਡੀਓ ਕਾਨਫਰੰਸਿੰਗ ਰਾਹੀਂ ਮੀਟਿੰਗ ਦੀ ਅਗਵਾਈ ਕਰਨ ਦਾ ਫੈਸਲਾ ਕੀਤਾ ਹੈ, ਤਾਂ ਜੋ ਮਹੱਤਵਪੂਰਨ ਫੈਸਲੇ ਲੈਣ ਵਿੱਚ ਕੋਈ ਦੇਰੀ ਨਾ ਹੋਵੇ ।
ਅੱਜ ਦੀ ਕੈਬਨਿਟ ਮੀਟਿੰਗ 'ਤੇ ਪੂਰੇ ਪੰਜਾਬ ਦੀਆਂ ਨਜ਼ਰਾਂ ਟਿਕੀਆਂ ਹੋਈਆਂ ਹਨ, ਕਿਉਂਕਿ ਇਸ ਨਾਲ ਨਾ ਸਿਰਫ਼ ਹੜ੍ਹ ਪ੍ਰਭਾਵਿਤਾਂ ਲਈ ਰਾਹਤ ਦੀ ਉਮੀਦ ਹੈ, ਸਗੋਂ ਸੂਬੇ ਦੀਆਂ ਨੀਤੀਆਂ ਵਿੱਚ ਵੀ ਕੁਝ ਵੱਡੇ ਬਦਲਾਅ ਦੇਖਣ ਨੂੰ ਮਿਲ ਸਕਦੇ ਹਨ।
MA