ਤਰਨ ਤਾਰਨ: ਨਸ਼ੇ ਦੀ ਓਵਰਡੋਜ਼ ਨਾਲ ਦੋ ਸਕੇ ਭਰਾਵਾਂ ਦੀ ਮੌਤ
ਬਲਜੀਤ ਸਿੰਘ
ਤਰਨ ਤਾਰਨ, 8 ਸਤੰਬਰ 2025 : ਜ਼ਿਲ੍ਹਾ ਤਰਨ ਤਾਰਨ ਦੇ ਪਿੰਡ ਜਾਮਾਰਾਏ ਵਿੱਚ ਨਸ਼ੇ ਦੀ ਓਵਰਡੋਜ਼ ਕਾਰਨ ਦੋ ਸਕੇ ਭਰਾਵਾਂ ਦੀ ਮੌਤ ਹੋਣ ਦੀ ਇੱਕ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਮ੍ਰਿਤਕ ਨੌਜਵਾਨਾਂ ਦੀ ਪਛਾਣ ਕੋਨੀ ਅਤੇ ਗੋਪੀ ਵਜੋਂ ਹੋਈ ਹੈ।
ਪਰਿਵਾਰਕ ਮੈਂਬਰਾਂ ਅਤੇ ਪਿੰਡ ਦੇ ਮੋਹਤਬਰ ਵਿਅਕਤੀਆਂ ਨੇ ਦੱਸਿਆ ਕਿ ਕੋਈ ਨੇੜਲੇ ਪਿੰਡ ਦਾ ਵਿਅਕਤੀ ਇਨ੍ਹਾਂ ਦੋਹਾਂ ਭਰਾਵਾਂ ਨੂੰ ਨਸ਼ਾ ਦੇ ਕੇ ਗਿਆ ਸੀ, ਜਿਸ ਨਾਲ ਉਨ੍ਹਾਂ ਦੀ ਮੌਤ ਹੋ ਗਈ।
ਸਰਕਾਰ ਦੀ ਨਸ਼ਾ ਮੁਕਤ ਮੁਹਿੰਮ 'ਤੇ ਸਵਾਲ
ਪਰਿਵਾਰਕ ਮੈਂਬਰਾਂ ਨੇ ਸਰਕਾਰ ਦੀ "ਪੰਜਾਬ ਨਸ਼ਾ ਮੁਕਤ" ਕਰਨ ਦੀ ਮੁਹਿੰਮ 'ਤੇ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਸਰਕਾਰ ਦੇ ਦਾਅਵਿਆਂ ਦੇ ਬਾਵਜੂਦ, ਜ਼ਮੀਨੀ ਪੱਧਰ 'ਤੇ ਨਸ਼ਾ ਘਰ-ਘਰ ਸਪਲਾਈ ਹੋ ਰਿਹਾ ਹੈ, ਜਿਸ ਕਾਰਨ ਹਰ ਰੋਜ਼ ਨੌਜਵਾਨ ਨਸ਼ੇ ਦੀ ਭੇਟ ਚੜ੍ਹ ਰਹੇ ਹਨ।
ਪਰਿਵਾਰ ਨੇ ਇਹ ਵੀ ਦੋਸ਼ ਲਗਾਇਆ ਕਿ ਪੁਲਿਸ ਨਸ਼ਾ ਵੇਚਣ ਵਾਲਿਆਂ ਨੂੰ ਫੜਨ ਤੋਂ ਬਾਅਦ ਪੈਸੇ ਲੈ ਕੇ ਛੱਡ ਦਿੰਦੀ ਹੈ। ਉਨ੍ਹਾਂ ਨੇ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਨੂੰ ਅਪੀਲ ਕੀਤੀ ਹੈ ਕਿ ਨਸ਼ੇ ਦੇ ਵਪਾਰੀਆਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ ਅਤੇ ਪੰਜਾਬ ਵਿੱਚੋਂ ਨਸ਼ਾ ਪੂਰੀ ਤਰ੍ਹਾਂ ਖ਼ਤਮ ਕੀਤਾ ਜਾਵੇ।