DC ਵੱਲੋਂ ਝੋਨੇ ਦੀ ਖਰੀਦ ਦੇ ਮੱਦੇਨਜ਼ਰ ਤਿਆਰੀਆਂ ਤੇ ਪ੍ਰਬੰਧ ਸਮੇਂ ਸਿਰ ਮੁਕੰਮਲ ਕਰਨ ਦੇ ਨਿਰਦੇਸ਼
ਜ਼ਿਲੇ ‘ਚ ਲਗਭਗ 3.88 ਲੱਖ ਮੀਟਰਿਕ ਟਨ ਝੋਨੇ ਦੀ ਖਰੀਦ ਹੋਣ ਦੀ ਸੰਭਾਵਨਾ
ਪ੍ਰਮੋਦ ਭਾਰਤੀ
ਨਵਾਂਸ਼ਹਿਰ 9 ਸਤੰਬਰ,2025
ਆਗਾਮੀ ਖਰੀਫ ਸੀਜ਼ਨ 2025-26 ਦੇ ਮੱਦੇਨਜਰ ਡਿਪਟੀ ਕਮਿਸ਼ਨਰ ਅੰਕੁਰਜੀਤ ਸਿੰਘ ਨੇ ਖਰੀਦ ਪ੍ਰਬੰਧਾਂ ਦੀ ਸਮੀਖਿਆ ਕਰਦਿਆਂ ਸੰਬੰਧਤ ਅਧਿਕਾਰੀਆਂ ਅਤੇ ਏਜੰਸੀਆਂ ਨੂੰ ਸਾਰੇ ਲੋੜੀਂਦੇ ਪ੍ਰਬੰਧ ਸਮੇਂ ਸਿਰ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ ।
ਅਧਿਕਾਰੀਆਂ ਨੇ ਡਿਪਟੀ ਕਮਿਸ਼ਨਰ ਨੂੰ ਦੱਸਿਆ ਕਿ ਇਸ ਸੀਜਨ ਦੌਰਾਨ ਜਿਲੇ ਵਿਚ ਲਗਭਗ 3,88000 ਮੀਟਰਿਕ ਟਨ ਝੋਨੇ ਦੀ ਖਰੀਦ ਹੋਣ ਦੀ ਸੰਭਾਵਨਾ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੱਕੀਆਂ ਅਤੇ ਆਰਜ਼ੀ ਤੌਰ ‘ਤੇ ਸਥਾਪਤ ਕੀਤੇ ਜਾਣ ਵਾਲੇ ਖ਼ਰੀਦ ਕੇਂਦਰਾਂ ਵਿਖੇ ਕਿਸਾਨਾਂ, ਆੜ੍ਹਤੀਆਂ ਅਤੇ ਲੇਬਰ ਦੀ ਸਹੂਲਤ ਲਈ ਢੁਕਵੇਂ ਪ੍ਰਬੰਧ ਅਮਲ ਵਿਚ ਲਿਆਂਦੇ ਜਾਣ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਆਪਣੀ ਫਸਲ ਵੇਚਣ ਵਿੱਚ ਕਿਸੇ ਕਿਸਮ ਦੀ ਪ੍ਰੇਸ਼ਾਨੀ ਨਹੀਂ ਆਉਣੀ ਚਾਹੀਦੀ। ਉਨ੍ਹਾਂ ਨੇ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਝੋਨਾ ਚੰਗੀ ਤਰਾਂ ਸੁਕਾ ਕੇ ਹੀ ਮੰਡੀਆਂ ਵਿੱਚ ਲੈ ਕੇ ਆਉਣ ਤਾਂ ਜੋ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਇਆ ਜਾ ਸਕੇ।
ਡਿਪਟੀ ਕਮਿਸ਼ਨਰ ਅੰਕੁਰਜੀਤ ਸਿੰਘ ਨੇ ਦੱਸਿਆ ਕਿ ਜਿਲ੍ਹੇ ਵਿੱਚ 30 ਪੱਕੀਆਂ ਅਤੇ 10 ਆਰਜੀ ਮੰਡੀਆਂ ਸਥਾਪਤ ਕੀਤੀਆਂ ਜਾ ਰਹੀਆਂ ਹਨ ਜਿੱਥੇ ਸਮੁੱਚੇ ਖਰੀਦ ਪ੍ਰਬੰਧ ਯਕੀਨੀ ਬਣਾਏ ਜਾਣਗੇ। ਉਨ੍ਹਾਂ ਕਿਹਾ ਕਿ ਖਰੀਦ ਏਜੰਸੀਆਂ ਕੋਲ ਲੋੜ ਅਨੁਸਾਰ ਬਾਰਦਾਨਾਂ ਉਪਲਬਧ ਹੈ ਅਤੇ ਬਾਰਦਾਨੇ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜਿਲਾ ਪ੍ਰਸ਼ਾਸਨ ਵੱਲੋਂ ਪਹਿਲਾਂ ਹੀ ਆੜ੍ਹਤੀਆਂ, ਕਿਸਾਨਾਂ ਅਤੇ ਕੰਬਾਈਨ ਮਾਲਕਾਂ ਨੂੰ ਜਾਣੂ ਕਰਵਾਇਆ ਜਾ ਚੁੱਕਾ ਹੈ ਕਿ ਜ਼ਿਲੇ ਵਿੱਚ ਝੋਨੇ ਦੀ ਕਟਾਈ ਲਈ ਸਵੇਰੇ 10 ਵਜੇ ਤੋਂ ਸ਼ਾਮ 6 ਵਜੇ ਤੱਕ ਹੀ ਕੰਬਾਈਨ ਮਸ਼ੀਨਾਂ ਚਲਾਈਆਂ ਜਾਣਗੀਆਂ । ਉਨ੍ਹਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਝੋਨੇ ਦੀ ਖਰੀਦ ਸ਼ੁਰੂ ਹੋਣ ‘ਤੇ ਮੰਡੀਆਂ ਵਿੱਚ 17 ਨਮੀਂ ਵਾਲਾ ਝੋਨਾ ਹੀ ਲੈ ਕੇ ਆਉਣ । ਉਨ੍ਹਾਂ ਕਿਹਾ ਕਿ ਸੁੱਕਾ ਝੋਨਾ ਲਿਆਉਣ ਨਾਲ ਕਿਸਾਨਾਂ ਨੂੰ ਮੰਡੀ ਵਿੱਚ ਕਿਸੇ ਤਰ੍ਹਾਂ ਦੀ ਪਰੇਸ਼ਾਨੀ ਦਾ ਸਾਹਮਣਾ ਨਹੀਂ ਕਰਨਾ ਪਵੇਗਾ।
ਜਿਕਰਯੋਗ ਹੈ ਕਿ ਝੋਨੇ ਦੀ ਐਮ.ਐਸ.ਪੀ. 2389 ਰੁਪਏ ਪ੍ਰਤੀ ਕੁਇੰਟਲ ਹੈ ਅਤੇ ਜਿਲ੍ਹੇ ਵਿੱਚ ਕੁੱਲ 55 ਸੈਂਲਰ ਹਨ ।