ਖੇਤ ਮਜ਼ਦੂਰ ਆਗੂਆਂ ਵੱਲੋਂ ਸਰਕਾਰ 'ਤੇ ਹੜ੍ਹ ਪ੍ਰਭਾਵਿਤ ਖੇਤ ਮਜ਼ਦੂਰਾਂ ਨਾਲ਼ ਵਿਤਕਰੇਬਾਜ਼ੀ ਕਰਨ ਦੇ ਦੋਸ਼
ਹੜ੍ਹ ਪੀੜਤਾਂ ਦੀਆਂ ਮੰਗਾਂ ਲਈ ਸਾਂਝੇ ਮਜ਼ਦੂਰ ਮੋਰਚੇ ਵੱਲੋਂ 11-12 ਨੂੰ ਦਿੱਤੇ ਜਾਣਗੇ ਧਰਨੇ
ਅਸ਼ੋਕ ਵਰਮਾ
ਬਠਿੰਡਾ ,9 ਸਤੰਬਰ 2025:ਹੜ੍ਹ ਪੀੜਤਾਂ ਦੀ ਮਦੱਦ ਲਈ ਪੰਜਾਬ ਕੈਬਨਿਟ ਵੱਲੋਂ ਕੀਤੇ ਐਲਾਨਾਂ ਨੂੰ ਗੋਂਗਲੂਆਂ ਤੋਂ ਮਿੱਟੀ ਝਾੜਨ ਦੀ ਕਾਰਵਾਈ ਕਰਾਰ ਦਿੰਦਿਆਂ ਪੰਜਾਬ ਖੇਤ ਮਜ਼ਦੂਰ ਯੂਨੀਅਨ ਨੇ ਕੈਬਨਿਟ ਵੱਲੋਂ ਸਭ ਤੋਂ ਵੱਧ ਪੀੜਤ ਖੇਤ ਮਜ਼ਦੂਰਾਂ ਲਈ ਕੋਈ ਐਲਾਨ ਨਾਂ ਕਰਨ ਦੀ ਸਖ਼ਤ ਸ਼ਬਦਾਂ ਚ ਨਿਖੇਧੀ ਕਰਦਿਆਂ ਇਸ ਨੂੰ ਜਾਤਪਾਤੀ ਵਿਤਕਰੇਬਾਜ਼ੀ ਕਰਾਰ ਦਿੱਤਾ। ਯੂਨੀਅਨ ਦੇ ਸੂਬਾ ਪ੍ਰਧਾਨ ਜੋਰਾ ਸਿੰਘ ਨਸਰਾਲੀ, ਸੂਬਾ ਜਨਰਲ ਸਕੱਤਰ ਲਛਮਣ ਸਿੰਘ ਸੇਵੇਵਾਲਾ ਤੇ ਵਿੱਤ ਸਕੱਤਰ ਹਰਮੇਸ਼ ਮਾਲੜੀ ਨੇ ਜ਼ਾਰੀ ਕੀਤੇ ਬਿਆਨ ਰਾਹੀਂ ਹੜ੍ਹਾਂ ਚ ਜਾਨਾਂ ਗੁਆਉਣ ਵਾਲੇ ਲੋਕਾਂ ਦੇ ਵਾਰਸਾਂ ਨੂੰ ਪੰਜਾਬ ਸਰਕਾਰ ਵੱਲੋਂ ਚਾਰ ਲੱਖ ਰੁਪਏ ਦੇਣ ਦੇ ਐਲਾਨ ਨੂੰ ਨਿਗੂਣਾ ਕ਼ਰਾਰ ਦਿੰਦਿਆਂ ਮਿਰਤਕਾਂ ਦੇ ਵਾਰਸਾਂ ਨੂੰ 25 ਲੱਖ ਰੁਪਏ ਮੁਆਵਜ਼ਾ ਦੇਣ ਤੋਂ ਇਲਾਵਾ ਮਜ਼ਦੂਰਾਂ ਦੇ ਤਬਾਹ ਹੋਏ ਘਰਾਂ ਦੀ ਮੁੜ ਉਸਾਰੀ ਲਈ 15 ਲੱਖ ਰੁਪਏ ਤੇ ਟੁੱਟੀਆਂ ਕੰਮ ਦਿਹਾੜੀਆਂ ਦੀ ਭਰਪਾਈ ਕਰਨ ਦੀ ਮੰਗ ਕੀਤੀ ਗਈ।
ਉਹਨਾਂ ਆਖਿਆ ਕਿ ਭਾਵੇਂ ਫਸਲਾਂ ਦੀ ਬਰਬਾਦੀ ਦਾ ਕਿਸਾਨ 20 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਬੇਸ਼ੱਕ ਬੇਹੱਦ ਨਿਗੂਣੀ ਰਾਸ਼ੀ ਹੈ ਪਰ ਇਸ ਵਿਚ ਮਜ਼ਦੂਰ ਕਿਸਾਨ ਜਥੇਬੰਦੀਆਂ ਵੱਲੋਂ ਲੰਬਾ ਸੰਘਰਸ਼ ਲੜ ਕੇ ਮਜ਼ਦੂਰਾਂ ਨੂੰ ਦਸ ਫੀਸਦੀ ਮੁਆਵਜ਼ਾ ਦੇਣ ਦੀ ਪ੍ਰਵਾਨ ਕਰਾਈ ਮੰਗ ਤਹਿਤ ਮਜ਼ਦੂਰਾਂ ਨੂੰ ਮੁਆਵਜ਼ਾ ਦੇਣ ਦਾ ਉੱਕਾ ਹੀ ਜ਼ਿਕਰ ਨਾ ਕਰਨਾ ਆਪ ਸਰਕਾਰ ਦੀ ਦਲਿਤ ਵਿਰੋਧੀ ਮਾਨਸਿਕਤਾ ਦਾ ਮੂੰਹ ਬੋਲਦਾ ਸਬੂਤ ਹੈ। ਉਹਨਾਂ ਆਖਿਆ ਕਿ ਭਾਵੇਂ ਹੜ੍ਹਾਂ ਤੇ ਬਾਰਸ਼ਾਂ ਕਾਰਨ ਕਿਸਾਨਾਂ ਸਮੇਤ ਸਭਨਾਂ ਲੋਕਾਂ ਦਾ ਭਾਰੀ ਨੁਕਸਾਨ ਹੋਇਆ ਹੈ ਪਰ ਇਸਦੀ ਸਭ ਤੋਂ ਜ਼ਿਆਦਾ ਮਾਰ ਖੇਤ ਮਜ਼ਦੂਰ ਵਰਗ ਨੂੰ ਝੱਲਣੀ ਪੈ ਰਹੀ ਹੈ। ਉਹਨਾਂ ਇਹ ਵੀ ਮੰਗ ਕੀਤੀ ਕਿ ਕਰਜ਼ਾ ਮੋੜਨ ਤੋਂ ਅਸਮਰਥ ਖੇਤ ਮਜ਼ਦੂਰਾਂ, ਔਰਤਾਂ ਤੇ ਕਿਸਾਨਾਂ ਸਿਰ ਚੜ੍ਹੇ ਮਾਈਕਰੋ ਫਾਈਨਾਂਸ ਕੰਪਨੀਆਂ ਸਮੇਤ ਸਾਰੇ ਕਰਜ਼ੇ ਮੁਆਫ਼ ਕੀਤੇ ਜਾਣ ਅਤੇ ਹੜ੍ਹਾਂ ਕਾਰਨ ਨੁਕਸਾਨੇ ਸਕੂਲਾਂ ਕਾਲਜਾਂ, ਦਫ਼ਤਰਾਂ ਤੇ ਸੜਕਾਂ ਦੀ ਮੁੜ ਉਸਾਰੀ ਤੇ ਮੁਰੰਮਤ ਆਦਿ ਦੇ ਕੰਮ ਮਨਰੇਗਾ ਵਰਕਰਾਂ ਰਾਹੀਂ ਕਰਵਾਏ ਜਾਣ।
ਉਹਨਾਂ ਜ਼ੋਰਦਾਰ ਮੰਗ ਕੀਤੀ ਕਿ ਮੌਸਮ ਵਿਭਾਗ ਦੀਆਂ ਚਿਤਾਵਨੀਆਂ ਦੇ ਬਾਵਜੂਦ ਹੜ੍ਹਾਂ ਦੀ ਰੋਕਥਾਮ ਕਰਨ ਚ ਲਾਪ੍ਰਵਾਹੀ ਵਰਤਣ ਵਾਲੇ ਸਿਆਸਤਦਾਨਾਂ ਤੇ ਉੱਚ ਅਧਿਕਾਰੀਆਂ ਦੀ ਸ਼ਨਾਖਤ ਕਰਕੇ ਸਖਤ ਸਜ਼ਾਵਾਂ ਦਿੱਤੀਆਂ ਜਾਣ। ਉਹਨਾਂ ਐਲਾਨ ਕੀਤਾ ਕਿ ਹੜ੍ਹ ਪ੍ਰਭਾਵਿਤ ਮਜ਼ਦੂਰਾਂ, ਕਿਸਾਨਾਂ ਤੇ ਹੋਰਨਾਂ ਲੋਕਾਂ ਦੀਆਂ ਮੰਗਾਂ ਨੂੰ ਲੈ ਕੇ ਪੇਂਡੂ ਤੇ ਖੇਤ ਮਜ਼ਦੂਰ ਜਥੇਬੰਦੀਆਂ ਵੱਲੋਂ 11-12 ਸਤੰਬਰ ਨੂੰ ਜ਼ਿਲ੍ਹਾ ਤੇ ਤਹਿਸੀਲ ਹੈਡਕੁਆਰਟਰਾਂ ਤੇ ਰੋਹ ਭਰਪੂਰ ਪ੍ਰਦਰਸ਼ਨਾਂ ਕੀਤੇ ਜਾਣਗੇ ਜਿਨ੍ਹਾਂ ਚ ਪੰਜਾਬ ਖੇਤ ਮਜ਼ਦੂਰ ਯੂਨੀਅਨ ਜ਼ੋਰਦਾਰ ਢੰਗ ਨਾਲ ਸ਼ਮੂਲੀਅਤ ਕਰੇਗੀ।