ਪੰਜਾਬ ਨੂੰ 1,600 ਕਰੋੜ ਰੁਪਏ ਦੀ ਹੜ੍ਹ ਰਾਹਤ ਲਈ ਪ੍ਰਨੀਤ ਕੌਰ ਨੇ PM ਮੋਦੀ ਦਾ ਕੀਤਾ ਧੰਨਵਾਦ
ਪਟਿਆਲਾ ਦੇ ਵਾਰ-ਵਾਰ ਆਉਣ ਵਾਲੇ ਹੜ੍ਹਾਂ ਲਈ ਸਥਾਈ ਹੱਲ ਦੀ ਅਪੀਲ ਕੀਤੀ
"ਘੱਗਰ, ਟਾਂਗਰੀ ਅਤੇ ਮਾਰਕੰਡਾ ਨਦੀਆਂ ਵਿੱਚ ਹਰ ਸਾਲ ਆਉਣ ਵਾਲੇ ਹੜ੍ਹਾਂ ਦਾ ਪੱਕਾ ਹੱਲ ਕੱਢਣ ਲਈ ਕੇਂਦਰੀ ਜਲ ਕਮਿਸ਼ਨ ਤੋਂ ਮੰਗੀ ਮਦਦ"
ਸਾਬਕਾ ਸੰਸਦ ਮੈਂਬਰ ਸ਼੍ਰੀਮਤੀ ਪ੍ਰਨੀਤ ਕੌਰ ਨੇ ਪੰਜਾਬ ਲਈ 1,600 ਕਰੋੜ ਰੁਪਏ ਦੇ ਰਾਹਤ ਪੈਕੇਜ ਦਾ ਐਲਾਨ ਕਰਨ ਲਈ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਦਾ ਤਹਿ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਇਹ ਰਾਸ਼ੀ ਪਹਿਲਾਂ ਹੀ ਮਨਜ਼ੂਰ ਹੋਏ 12,000 ਕਰੋੜ ਰੁਪਏ ਤੋਂ ਇਲਾਵਾ ਦਿੱਤੀ ਗਈ ਹੈ,ਪ੍ਰਧਾਨ ਮੰਤਰੀ ਦੇ ਇਸ ਐਲਾਨ ਨਾਲ ਪੰਜਾਬ ਦੇ ਲੋਕਾਂ ਨੂੰ ਭਰੋਸਾ ਮਿਲਿਆ ਹੈ ਕਿ ਕੇਂਦਰ ਸਰਕਾਰ ਮੁਸ਼ਕਲ ਸਮੇਂ ਵਿੱਚ ਉਨ੍ਹਾਂ ਦੇ ਨਾਲ ਖੜ੍ਹੀ ਹੈ।
ਪਟਿਆਲਾ ਜ਼ਿਲ੍ਹੇ ਦੀ ਸਥਿਤੀ ਬਾਰੇ ਗੱਲ ਕਰਦਿਆਂ, ਪ੍ਰਨੀਤ ਕੌਰ ਨੇ ਪ੍ਰਧਾਨ ਮੰਤਰੀ ਨੂੰ ਦੱਸਿਆ ਕਿ ਲਗਾਤਾਰ ਮੀਂਹ ਅਤੇ ਹੜ੍ਹਾਂ ਕਾਰਨ ਲਗਭਗ 133 ਪਿੰਡ ਤਬਾਹ ਹੋ ਗਏ ਹਨ ਅਤੇ 42,000 ਏਕੜ ਤੋਂ ਵੱਧ ਉਪਜਾਊ ਖੇਤੀਬਾੜੀ ਜ਼ਮੀਨ ਨੂੰ ਨੁਕਸਾਨ ਪਹੁੰਚਿਆ ਹੈ। ਉਨ੍ਹਾਂ ਨੇ ਪਟਿਆਲਾ ਵੱਲ ਵਿਸ਼ੇਸ਼ ਧਿਆਨ ਦੇਣ ਦੀ ਅਪੀਲ ਕੀਤੀ, ਕਿਉਂਕਿ ਘੱਗਰ, ਟਾਂਗਰੀ ਅਤੇ ਮਾਰਕੰਡਾ ਦਰਿਆਵਾਂ ਦੇ ਕਾਰਨ ਇਹ ਜ਼ਿਲ੍ਹਾ ਲਗਭਗ ਹਰ ਸਾਲ ਹੜ੍ਹਾਂ ਦਾ ਸ਼ਿਕਾਰ ਹੁੰਦਾ ਹੈ।
ਪ੍ਰਨੀਤ ਕੌਰ ਨੇ ਪ੍ਰਧਾਨ ਮੰਤਰੀ ਨੂੰ ਕਿਹਾ ਹੈ ਕਿ "ਉਹ ਕੇਂਦਰੀ ਜਲ ਕਮਿਸ਼ਨ ਨੂੰ ਘੱਗਰ ਨਦੀ ਬਾਰੇ ਪੂਰੀ ਜਾਂਚ ਕਰਨ ਅਤੇ ਪੱਕਾ ਹੱਲ ਲੱਭਣ ਦਾ ਹੁਕਮ ਦੇਣ, ਤਾਂ ਜੋ ਪਟਿਆਲਾ ਅਤੇ ਨੇੜਲੇ ਇਲਾਕਿਆਂ ਦੇ ਲੋਕਾਂ ਨੂੰ ਵਾਰ-ਵਾਰ ਆਉਂਦੇ ਹੜ੍ਹਾਂ ਤੋਂ ਰਾਹਤ ਮਿਲ ਸਕੇ।"
ਅੰਤ ਵਿੱਚ,ਪ੍ਰਨੀਤ ਕੌਰ ਨੇ ਪ੍ਰਧਾਨ ਮੰਤਰੀ ਦਾ ਉਨ੍ਹਾਂ ਦੇ ਦੌਰੇ ਲਈ ਦੁਬਾਰਾ ਧੰਨਵਾਦ ਕੀਤਾ ਅਤੇ ਭਰੋਸਾ ਦਿੱਤਾ ਕਿ ਕੇਂਦਰ ਸਰਕਾਰ ਦੇ ਸਹਿਯੋਗ ਨਾਲ ਪੰਜਾਬ ਇਸ ਮੁਸ਼ਕਿਲ ਸਮੇਂ ਵਿੱਚੋਂ ਬਾਹਰ ਨਿਕਲ ਆਵੇਗਾ।ਸਾਬਕਾ ਸੰਸਦ ਮੈਂਬਰ ਪ੍ਰਨੀਤ ਕੌਰ ਨੇ ਪੰਜਾਬ ਨੂੰ 1,600 ਕਰੋੜ ਰੁਪਏ ਦੀ ਹੜ੍ਹ ਰਾਹਤ ਲਈ ਪ੍ਰਧਾਨ ਮੰਤਰੀ ਮੋਦੀ ਦਾ ਕੀਤਾ ਧੰਨਵਾਦ; ਪਟਿਆਲਾ ਦੇ ਵਾਰ-ਵਾਰ ਆਉਣ ਵਾਲੇ ਹੜ੍ਹਾਂ ਲਈ ਸਥਾਈ ਹੱਲ ਦੀ ਅਪੀਲ ਕੀਤੀ।