ਸੁਖਬੀਰ ਬਾਦਲ ਨੇ PM ਮੋਦੀ ਨੂੰ ਵਿੱਤੀ ਸਹਾਇਤਾ ਵਧਾਉਣ ਦੀ ਕੀਤੀ ਮੰਗ
ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਕਿਸਾਨਾਂ ਦਾ ਸਾਰਾ ਕਰਜ਼ਾ ਮੁਆਫ ਕੀਤਾ ਜਾਵੇ: ਸੁਖਬੀਰ ਸਿੰਘ ਬਾਦਲ
ਸੁਖਜਿੰਦਰ ਸਿੰਘ ਪੰਜਗਰਾਈਂ
ਪੰਜਗਰਾਈਂ ਕਲਾਂ,10 ਸਤੰਬਰ 2025- ਬੀਤੇ 9 ਸਤੰਬਰ ਨੂੰ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਪੰਜਾਬ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਕੀਤੇ ਗਏ ਦੌਰੇ ਦੌਰਾਨ ਹੜ੍ਹ ਪ੍ਰਭਾਵਿਤ ਲੋਕਾਂ ਲਈ ਕੇਂਦਰ ਸਰਕਾਰ ਵੱਲੋਂ ਐਲਾਨੀ ਗਈ 1600 ਕਰੋੜ ਰੁਪਏ ਦੀ ਮੁਆਵਜ਼ਾ ਰਾਸ਼ੀ ਨੂੰ ਲੈ ਕੇ ਕਈ ਤਰ੍ਹਾਂ ਦੀ ਚਰਚਾ ਹੋ ਰਹੀ ਹੈ, ਜਿਆਦਾਤਰ ਲੋਕਾਂ ਦਾ ਕਹਿਣਾ ਹੈ ਕੇ ਪੰਜਾਬ ਵਿਚ ਹੜ੍ਹਾਂ ਨਾਲ ਨੁਕਸਾਨ ਹਜ਼ਾਰਾਂ ਕਰੋੜ ਰੁਪਏ ਦਾ ਹੋਇਆ ਹੈ ਤੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮਹਿਜ 1600 ਕਰੋੜ ਰੁਪਏ ਦਾ ਮੁਆਵਜ਼ਾ ਪੰਜਾਬ ਲਈ ਐਲਾਨ ਕੇ 'ਊਠ ਦੇ ਮੂੰਹ ਵਿੱਚ ਜੀਰਾ ਦੇਣ' ਦੀ ਗੱਲ ਕਰਕੇ ਪੰਜਾਬ ਨਾਲ ਵਿਤਕਰਾ ਕੀਤਾ ਹੈ।
ਇਸੇ ਹੀ ਤਰ੍ਹਾਂ ਸ੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਤੇ ਪੰਜਾਬ ਦੇ ਸਾਬਕਾ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੰਜਾਬ ਲਈ ਐਲਾਨੀ ਗਈ 1600 ਕਰੋੜ ਦੀ ਰਾਸ਼ੀ ਨੂੰ ਹੋਰ ਵਧਾਉਣ ਦੀ ਮੰਗ ਕੀਤੀ ਹੈ।
ਸੁਖਬੀਰ ਸਿੰਘ ਬਾਦਲ ਨੇ ਆਪਣੇ ਐਕਸ ਤੇ ਪੋਸਟ ਸ਼ੇਅਰ ਕਰਦਿਆਂ ਲਿਖਿਆ ਹੈ ਕੇ ਮੈਂ (ਸੁਖਬੀਰ ਸਿੰਘ ਬਾਦਲ) ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ਨੂੰ ਅਪੀਲ ਕਰਦਾ ਹਾਂ ਕੇ ਪੰਜਾਬ ਲਈ ਐਲਾਨੀ ਗਈ ਵਿੱਤੀ ਮੁਆਵਜ਼ਾ ਸਹਾਇਤਾ ਨੂੰ ਹੋਰ ਵਧਾਇਆ ਜਾਵੇ ਤੇ ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਕਿਸਾਨਾਂ ਦਾ ਸਾਰਾ ਕਰਜ਼ਾ ਮੁਆਫ ਕੀਤਾ ਜਾਵੇ।
ਉਹਨਾਂ ਅੱਗੇ ਲਿਖਿਆ ਹੈ ਕੇ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਸਪੱਸ਼ਟੀਕਰਨ ਦੇਵੇ , ਕਿਉਂਕਿ ਪ੍ਰਧਾਨ ਮੰਤਰੀ ਦੇ ਦੌਰੇ ਦੌਰਾਨ ਇਹ ਹੈਰਾਨ ਕਰਨ ਵਾਲਾ ਖੁਲਾਸਾ ਹੋਇਆ ਹੈ ਕਿ ਆਫ਼ਤ ਪ੍ਰਬੰਧਨ ਫੰਡ ਅਧੀਨ 12,000 ਕਰੋੜ ਰੁਪਏ ਹੋਣ ਦੇ ਬਾਵਜੂਦ ਇਹ ਸਹਾਇਤਾ ਜਾਰੀ ਕਰਨ ਵਿੱਚ ਸਰਕਾਰ ਅਸਫਲ ਰਹੀ ਜਦਕਿ ਹੁਣ ਇਸਦੀ ਪੰਜਾਬ ਨੂੰ ਸਭ ਤੋਂ ਵੱਧ ਲੋੜ ਸੀ।
ਬਾਦਲ ਨੇ ਅੱਗੇ ਸ਼ੋਸ਼ਲ ਮੀਡੀਆ ਤੇ ਲਿਖਿਆ ਹੈ ਕੇ 'ਆਪ' ਸਰਕਾਰ ਦੀ ਇਸ ਨਲਾਇਕੀ ਨੇ ਪੰਜਾਬੀਆਂ ਦੀਆਂ ਮੁਸੀਬਤਾਂ ਨੂੰ ਹੋਰ ਵਧਾ ਦਿੱਤਾ ਹੈ। ਇਸ ਨਾਲਾਇਕੀ ਦਾ ਖਮਿਆਜ਼ਾ ਆਮ ਆਦਮੀ ਪਾਰਟੀ ਨੂੰ ਭੁਗਤਾਨਾ ਪਵੇਗਾ। ਜਿਕਰਯੋਗ ਹੈ ਕੇ ਸੁਖਬੀਰ ਸਿੰਘ ਬਾਦਲ ਵੱਲੋਂ ਹੜ੍ਹ ਪੀੜਤਾਂ ਨੂੰ ਹਜ਼ਾਰਾਂ ਲੀਟਰ ਡੀਜ਼ਲ ਵੰਡਣਾ ਤੇ ਲੱਖਾਂ ਰੁਪਏ ਦੇ ਬੰਡਲਾਂ ਨਾਲ ਹੜ੍ਹ ਪੀੜਤਾਂ ਦੀ ਕੀਤੀ ਜਾ ਰਹੀ ਸਹਾਇਤਾ ਕਰਨਾ ਖੂਬ ਚਰਚਾ ਦਾ ਵਿਸ਼ਾ ਬਣੀ ਹੋਈ ਹੈ ਤੇ ਲੋਕ ਇਸ ਨੂੰ ਸ਼ਲਾਘਾਯੋਗ ਕਾਰਜ ਦੱਸ ਕੇ ਸੁਖਬੀਰ ਸਿੰਘ ਬਾਦਲ ਦੀ ਖੂਬ ਸਰਾਹਣਾ ਕਰ ਰਹੇ ਹਨ।