ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਰਾਸ਼ਟਰੀ ਰਾਜਮਾਰਗ ਦੀ ਮੁਰੰਮਤ ’ਚ ਤੇਜ਼ੀ ਲਿਆਉਣ ਦੇ ਦਿੱਤੇ ਨਿਰਦੇਸ਼
- ਕਿਹਾ, ਜਨਤਾ ਦੀ ਸਹੂਲਤ ਸਭ ਤੋਂ ਮਹੱਤਵਪੂਰਨ ਹੈ, ਵਿਕਾਸ ਕਾਰਜ ਸਮੇਂ ਸਿਰ ਕੀਤੇ ਜਾਣ ਮੁਕੰਮਲ
ਹੁਸ਼ਿਆਰਪੁਰ, 12 ਸਤੰਬਰ 2025- ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਮੀਟਿੰਗ ਵਿੱਚ ਰਾਸ਼ਟਰੀ ਰਾਜਮਾਰਗ ਦੀਆਂ ਸੜਕਾਂ ਦੀ ਮੁਰੰਮਤ ਅਤੇ ਲੋਕ ਨਿਰਮਾਣ ਵਿਭਾਗ ਦੇ ਚੱਲ ਰਹੇ ਕੰਮਾਂ ਦਾ ਵਿਸ਼ੇਸ਼ ਤੌਰ 'ਤੇ ਜਾਇਜ਼ਾ ਲਿਆ ਗਿਆ। ਵਿਧਾਇਕ ਜਿੰਪਾ ਨੇ ਕਿਹਾ ਕਿ ਮੰਗੂਵਾਲ ਤੋਂ ਹੁਸ਼ਿਆਰਪੁਰ ਸਰਹੱਦ ਅਤੇ ਸਾਧੂ ਆਸ਼ਰਮ ਤੋਂ ਵਣਖੰਡੀ ਤੱਕ ਊਨਾ ਰੋਡ 'ਤੇ ਸੜਕ ਦੀ ਹਾਲਤ ਬਹੁਤ ਮਾੜੀ ਹੈ, ਜਿਸ ਕਾਰਨ ਆਮ ਲੋਕਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਨੇ ਰਾਸ਼ਟਰੀ ਰਾਜਮਾਰਗ ਅਥਾਰਟੀ ਦੇ ਅਧਿਕਾਰੀਆਂ ਨੂੰ ਇਨ੍ਹਾਂ ਸੜਕਾਂ ਦੀ ਮੁਰੰਮਤ ਦਾ ਕੰਮ ਤੁਰੰਤ ਸ਼ੁਰੂ ਕਰਨ ਦੇ ਨਿਰਦੇਸ਼ ਦਿੱਤੇ, ਤਾਂ ਜੋ ਆਵਾਜਾਈ ਸੁਚਾਰੂ ਢੰਗ ਨਾਲ ਚੱਲ ਸਕੇ ਅਤੇ ਲੋਕਾਂ ਨੂੰ ਰਾਹਤ ਮਿਲ ਸਕੇ।
ਇਸ ਤੋਂ ਇਲਾਵਾ ਵਿਧਾਇਕ ਨੇ ਲੋਕ ਨਿਰਮਾਣ ਵਿਭਾਗ ਨੂੰ ਸੁਤੈਹਰੀ ਸੜਕ ਦੇ ਨਿਰਮਾਣ ਕਾਰਜ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਵਿਕਾਸ ਕਾਰਜਾਂ ਵਿੱਚ ਲਾਪ੍ਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਸਾਰੇ ਪ੍ਰੋਜੈਕਟ ਸਮੇਂ ਸਿਰ ਪੂਰੇ ਕੀਤੇ ਜਾਣ। ਵਿਧਾਇਕ ਨੇ ਅਧਿਕਾਰੀਆਂ ਨੂੰ ਆਮ ਲੋਕਾਂ ਦੀ ਸਹੂਲਤ ਨੂੰ ਸਭ ਤੋਂ ਵੱਧ ਤਰਜੀਹ ਦੇਣ ਦਾ ਸੱਦਾ ਦਿੱਤਾ ਅਤੇ ਕਿਹਾ ਕਿ ਸੜਕਾਂ ਕਿਸੇ ਵੀ ਖੇਤਰ ਦੀ ਵਿਕਾਸ ਰੇਖਾ ਹੁੰਦੀਆਂ ਹਨ, ਇਸ ਲਈ ਉਨ੍ਹਾਂ ਦੇ ਰੱਖ-ਰਖਾਅ ਵੱਲ ਵਿਸ਼ੇਸ਼ ਧਿਆਨ ਦੇਣਾ ਜ਼ਰੂਰੀ ਹੈ। ਇਸ ਮੌਕੇ ਏ.ਡੀ.ਸੀ ਨਿਕਾਸ ਕੁਮਾਰ, ਐਸ.ਡੀ.ਐਮ ਗੁਰਸਿਮਰਨਜੀਤ ਕੌਰ, ਐਕਸੀਅਨ ਗੁਰਮੀਤ ਸਿੰਘ ਅਤੇ ਹੋਰ ਅਧਿਕਾਰੀ ਵੀ ਮੌਜੂਦ ਸਨ।