ਦੇਸ਼ ਵਿੱਚ ਸਭ ਤੋਂ ਵੱਧ ਮੁਆਵਜ਼ਾ ਕਿਸਾਨਾਂ ਨੂੰ ਦਵੇਗੀ ਪੰਜਾਬ ਸਰਕਾਰ : -ਵਿਧਾਇਕ ਸ਼ੈਰੀ ਕਲਸੀ
ਕਿਹਾ- ਇਹ ਪੰਜਾਬ ਦੇ ਇਤਿਹਾਸ ਵਿੱਚ ਸਭ ਤੋਂ ਵੱਧ ਮੁਆਵਜਾ ਹੈ
ਸੰਕਟ ਦੀ ਇਸ ਘੜੀ ਵਿੱਚ ਪੰਜਾਬ ਸਰਕਾਰ ਲੋਕਾਂ ਨਾਲ ਖੜੀ
ਰੋਹਿਤ ਗੁਪਤਾ
ਬਟਾਲਾ,13 ਸਤੰਬਰ
ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਪੰਜਾਬ ਨੇ ਕਿਹਾ ਕਿ ਪੰਜਾਬ ਸਰਕਾਰ 45 ਦਿਨਾਂ ਦੇ ਅੰਦਰ ਸੂਬੇ ਦੇ ਸਾਰੇ ਹੜ ਪੀੜਤਾਂ ਨੂੰ ਮੁਆਵਜਾ ਦੇਣਾ ਯਕੀਨੀ ਬਣਾਏਗੀ।
ਇਹ ਪ੍ਰਗਟਾਵਾ ਕਰਦਿਆਂ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਦੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਮੁੱਖ ਮੰਤਰੀ ਪੰਜਾਬ ਵਲੋਂ ਕੁਝ ਦਿਨ ਪਹਿਲਾਂ ਐਲਾਨ ਕੀਤਾ ਗਿਆ ਸੀ ਕਿ ਉਨਾਂ ਦੀ ਸਰਕਾਰ ਕਿਸਾਨਾਂ ਨੂੰ ਫਸਲਾਂ ਦੇ ਖਰਾਬੇ ਦਾ 20,000 ਰੁਪਏ ਪ੍ਰਤੀ ਏਕੜ ਮੁਆਵਜਾ ਦੇਵੇਗੀ, ਜੋ ਦੇਸ਼ ਵਿੱਚ ਸਭ ਤੋਂ ਵੱਧ ਹੈ। ਉਨਾਂ ਕਿਹਾ ਕਿ ਅਸਲ ਵਿੱਚ ਇਹ ਪੰਜਾਬ ਦੇ ਇਤਿਹਾਸ ਵਿੱਚ ਸਭ ਤੋਂ ਵੱਧ ਮੁਆਵਜਾ ਹੈ।
ਵਿਧਾਇਕ ਸ਼ੈਰੀ ਕਲਸੀ ਨੇ ਦੱਸਿਆ ਕਿ ਹੜ ਪੀੜਤਾਂ ਦੀ ਮਦਦ ਲਈ ਉਲੀਕੀ ਯੋਜਨਾ ਤਹਿਤ ਗਿਰਦਾਵਰੀ ਦੀ ਸਮੁੱਚੀ ਪ੍ਰਕਿਰਿਆ 45 ਦਿਨਾਂ ਦੇ ਅੰਦਰ ਪੂਰੀ ਕਰ ਲਈ ਜਾਵੇਗੀ। ਇਸ ਤੋਂ ਤੁਰੰਤ ਬਾਅਦ ਕਿਸਾਨਾਂ ਨੂੰ ਆਪਣੇ ਮੁਆਵਜੇ ਦੇ ਚੈੱਕ ਮਿਲਣੇ ਸੁਰੂ ਹੋ ਜਾਣਗੇ।
ਉਨਾਂ ਕਿਹਾ ਕਿ ਜਿਨਾਂ ਪਿੰਡਾਂ ਵਿੱਚ ਫਸਲ 100 ਫੀਸਦੀ ਬਰਬਾਦ ਹੋ ਗਈ ਹੈ, ਉੱਥੇ ਇਹ ਪ੍ਰਕਿਰਿਆ ਸਿਰਫ ਇਕ ਮਹੀਨੇ ਵਿੱਚ ਪੂਰੀ ਕਰ ਲਈ ਜਾਵੇਗੀ ਅਤੇ ਤੁਰੰਤ ਬਾਅਦ ਚੈੱਕ ਸੌਂਪਣੇ ਸੁਰੂ ਕਰ ਦਿੱਤੇ ਜਾਣਗੇ।
ਇਸੇ ਤਰਾਂ ਜਿਨਾਂ ਘਰਾਂ ਨੂੰ ਨੁਕਸਾਨ ਪਹੁੰਚਿਆ ਹੈ, ਉਨਾਂ ਨੂੰ ਵੀ ਸਰਕਾਰ ਵੱਲੋਂ ਮੁਆਵਜਾ ਦਿੱਤਾ ਜਾਵੇਗਾ। ਉਨਾਂ ਕਿਹਾ ਕਿ ਜਿਨਾਂ ਲੋਕਾਂ ਦਾ ਪੂਰਾ ਘਰ ਢਹਿ ਗਿਆ ਹੈ, ਉਨਾਂ ਨੂੰ 1,20,000 ਰੁਪਏ ਮਿਲਣਗੇ, ਅਤੇ ਜਿਨਾਂ ਨੂੰ ਘੱਟ ਨੁਕਸਾਨ ਹੋਇਆ ਹੈ, ਉਨਾਂ ਨੂੰ 40,000 ਰੁਪਏ ਮਿਲਣਗੇ। ਉਨ੍ਹਾਂ ਦੱਸਿਆ ਕਿ ਪਹਿਲੀਆਂ ਸਰਕਾਰਾਂ ਘਰਾਂ ਦੇ ਘੱਟ ਨੁਕਸਾਨ ਲਈ ਸਿਰਫ 6,800 ਰੁਪਏ ਮੁਆਵਜਾ ਦਿੰਦੀਆਂ ਸਨ, ਪਰ ਹੁਣ ਇਹ ਰਕਮ ਵਧਾ ਕੇ 40,000 ਰੁਪਏ ਕਰ ਦਿੱਤੀ ਗਈ ਹੈ। ਇਸੇ ਤਰਾਂ ਜਿਨਾਂ ਲੋਕਾਂ ਦੇ ਪਸੂ ਹੜਾਂ ਵਿੱਚ ਵਹਿ ਗਏ ਸਨ ਜਾਂ ਮਰ ਗਏ ਸਨ, ਉਨਾਂ ਨੂੰ ਵੀ ਮੁਆਵਜਾ ਦਿੱਤਾ ਜਾਵੇਗਾ।
ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਇਸ ਸੰਕਟ ਦੀ ਘੜੀ ਵਿੱਚ ਸੂਬਾ ਸਰਕਾਰ ਲੋਕਾਂ ਦੇ ਨਾਲ ਖੜੀ ਹੈ ਅਤੇ ਲੋਕਾਂ ਦੀ ਸਿਹਤ ਸਹੂਲਤਾਂ ਨੂੰ ਮੁੱਖ ਰੱਖਦਿਆਂ ਪਿੰਡਾਂ ਵਿੱਚ ਮੈਡੀਕਲ ਕੈਂਪ ਲਗਾਏ ਜਾ ਰਹੇ ਹਨ।