ਭਾਰਤ ਸਰਕਾਰ ਆਪਣੇ ਫੈਸਲੇ ਤੇ ਮੁੜ ਵਿਚਾਰ ਕਰੇ: ਬਾਬਾ ਬਲਬੀਰ ਸਿੰਘ
ਸ੍ਰੀ ਫਤਿਹਗੜ੍ਹ ਸਾਹਿਬ:- 15 ਸਤੰਬਰ : ਨਿਹੰਗ ਸਿੰਘਾਂ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਸ਼੍ਰੋਮਣੀ ਸੇਵਾ ਰਤਨ, ਸ਼੍ਰੋਮਣੀ ਪੰਥ ਰਤਨ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ 96 ਕਰੋੜੀ ਨੇ ਕਿਹਾ ਕਿ ਸਿੱਖਾਂ ਦੇ ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਅਸਥਾਨ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਵਿਖੇ ਮਨਾਏ ਜਾਂਦੇ ਵਿਸ਼ਾਲ ਪੱਧਰ ਤੇ ਪ੍ਰਕਾਸ਼ ਪੁਰਬ ਮੌਕੇ ਭਾਰਤ ਤੋਂ ਜਾਣ ਵਾਲੇ ਸਿੱਖ ਸ਼ਰਧਾਲੂਆਂ ਦੇ ਸਮੁੱਚੇ ਜਥੇ ਨੂੰ ਭੇਜਣ `ਤੇ ਰੋਕ ਲਗਾਇਆ ਜਾਣਾ ਮੰਦਭਾਗਾ ਹੈ। ਪੰਜਾਬ, ਹਰਿਆਣਾ, ਦਿੱਲੀ, ਰਾਜਸਥਾਨ, ਗੁਜਰਾਤ, ਜੰਮੂ ਕਸ਼ਮੀਰ, ਉੱਤਰਾਖੰਡ, ਉੱਤਰ ਪ੍ਰਦੇਸ਼ ਸਮੇਤ ਹੋਰਨਾਂ ਰਾਜਾਂ ਤੋਂ ਇਕੱਤਰ ਹੋ ਕੇ ਭਾਰਤ ਤੋਂ ਪਾਕਿਸਤਾਨ ਜਾਣ ਵਾਲੇ ਸਿੱਖ ਸ਼ਰਧਾਲੂਆਂ ਦੇ ਸਮੁੱਚੇ ਜਥੇ ਨੂੰ ਪਾਕਿਸਤਾਨ ਅੰਦਰ ਸੁਰੱਖਿਆ ਕਾਰਨਾਂ ਦਾ ਹਵਾਲਾ ਦਿੱਤਾ। ਇਸ ਸੰਬੰਧੀ ਅੰਮ੍ਰਿਤਸਰ ਤੋਂ ਸਮੇਤ ਹੋਰ ਗੁਰਧਾਮਾਂ ਦੀ ਯਾਤਰਾ ਲਈ ਪਾਕਿਸਤਾਨ ਜਾਣ ਵਾਲੇ ਸਿੱਖ ਸ਼ਰਧਾਲੂਆਂ ਦੇ ਜਥੇ `ਤੇ ਭਾਰਤ ਸਰਕਾਰ ਵਲੋਂ ਰੋਕ ਲਗਾਏ ਜਾਣ ਦੀ ਕਰੜੀ ਨਿੰਦਾ ਕੀਤੀ ਹੈ। ਬਾਬਾ ਬਲਬੀਰ ਸਿੰਘ 96 ਕਰੋੜੀ ਨੇ ਕਿਹਾ ਕਿ ਇਸ ਨਾਲ ਸਿੱਖ ਸ਼ਰਧਾਲੂਆਂ ਵਿੱਚ ਭਾਰੀ ਰੋਸ ਰੋਹ ਤੇ ਨਿਰਾਸ਼ਾ ਹੈ ਇਹ ਸਿੱਖ ਕੌਮ ਦੇ ਕੇਂਦਰੀ ਸਥਾਨ ਹਨ। ਇਸਦੀ ਧਾਰਮਿਕ ਮਹਾਨਤਾ ਨਿਵੇਕਲੀ ਤੇ ਮਾਣਯੋਗ ਹੈ ਇਹ ਸਿੱਖਾਂ ਦੇ ਹਿਰਦੇ ਤੇ ਭਾਰੀ ਸੱਟ ਮਾਰਨ ਵਾਲੀ ਕਾਰਵਾਈ ਹੈ। ਉਨ੍ਹਾਂ ਕਿਹਾ ਕਿ ਇਕ ਪਾਸੇ ਭਾਰਤ ਪਾਕਿਸਤਾਨ ਦੀਆਂ ਟੀਮਾਂ ਵਿਚਕਾਰ ਮੈਚ ਖੇਡੇ ਜਾ ਰਹੇ ਹਨ ਪਰ ਆਪਣੇ ਧਾਰਮਿਕ ਅਸਥਾਨਾਂ ਦੀ ਯਾਤਰਾ ਕਰਨ ਦੀ ਭਾਵਨਾ ਰੱਖਣ ਵਾਲਿਆਂ ਨਾਲ ਸੁਰੱਖਿਆ ਦੇ ਨਾਂਅ `ਤੇ ਵਿਤਕਰਾ ਕੀਤਾ ਜਾ ਰਿਹਾ ਹੈ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਸਿੱਖ ਸ਼ਰਧਾਲੂਆਂ ਦੀਆਂ ਭਾਵਨਾਵਾਂ ਨੂੰ ਧਿਆਨ `ਚ ਰੱਖਦਿਆਂ ਬਿਨਾਂ ਦੇਰੀ ਜਥਾ ਭੇਜਣ ਦਾ ਐਲਾਨ ਕੀਤਾ ਜਾਵੇ।