ਤਰਨ ਤਾਰਨ : ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ
Baljit Singh
ਪੱਟੀ, ਤਰਨ ਤਾਰਨ - ਪਿੰਡ ਛਾਪੜੀ ਸਾਹਿਬ ਤੋਂ ਇੱਕ ਦੁਖਦਾਈ ਖ਼ਬਰ ਸਾਹਮਣੇ ਆਈ ਹੈ, ਜਿੱਥੇ ਨਸ਼ੇ ਦੀ ਓਵਰਡੋਜ਼ ਕਾਰਨ ਇੱਕ 27 ਸਾਲਾ ਨੌਜਵਾਨ ਦੀ ਮੌਤ ਹੋ ਗਈ ਹੈ। ਮ੍ਰਿਤਕ ਦੀ ਪਛਾਣ ਗੁਰਬੀਰ ਸਿੰਘ ਪੁੱਤਰ ਰਵੇਲ ਸਿੰਘ ਵਾਸੀ ਪਿੰਡ ਛਾਪੜੀ ਸਾਹਿਬ ਵਜੋਂ ਹੋਈ ਹੈ। ਉਹ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ।
ਪਰਿਵਾਰ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਭਰੇ ਮਨ ਨਾਲ ਦੱਸਿਆ ਕਿ ਉਨ੍ਹਾਂ ਦੇ ਪਿੰਡ ਵਿੱਚ ਨਸ਼ੇ ਸ਼ਰੇਆਮ ਵਿਕ ਰਹੇ ਹਨ, ਜਿਸ ਕਾਰਨ ਨੌਜਵਾਨ ਨਸ਼ੇ ਦੀ ਭੇਟ ਚੜ੍ਹ ਰਹੇ ਹਨ। ਉਨ੍ਹਾਂ ਪੁਲਿਸ ਪ੍ਰਸ਼ਾਸਨ 'ਤੇ ਵੀ ਸਵਾਲ ਚੁੱਕੇ ਅਤੇ ਕਿਹਾ ਕਿ ਜਿੱਥੇ ਕੋਈ ਲੜਾਈ-ਝਗੜਾ ਹੋਵੇ, ਪੁਲਿਸ ਤੁਰੰਤ ਪਹੁੰਚ ਜਾਂਦੀ ਹੈ, ਪਰ ਨਸ਼ਾ ਤਸਕਰਾਂ ਵੱਲ ਕੋਈ ਧਿਆਨ ਨਹੀਂ ਦਿੱਤਾ ਜਾਂਦਾ।
ਪਰਿਵਾਰ ਨੇ ਕਿਹਾ ਕਿ ਭਾਵੇਂ ਸਰਕਾਰ ਪੰਜਾਬ ਨੂੰ ਨਸ਼ਾ ਮੁਕਤ ਕਰਨ ਦੇ ਵੱਡੇ-ਵੱਡੇ ਦਾਅਵੇ ਕਰ ਰਹੀ ਹੈ, ਪਰ ਜ਼ਮੀਨੀ ਪੱਧਰ 'ਤੇ ਨਸ਼ਿਆਂ ਦਾ ਕਾਰੋਬਾਰ ਉਸੇ ਤਰ੍ਹਾਂ ਚੱਲ ਰਿਹਾ ਹੈ। ਉਨ੍ਹਾਂ ਨੇ ਪ੍ਰਸ਼ਾਸਨ ਤੋਂ ਨਸ਼ਾ ਵੇਚਣ ਵਾਲੇ ਲੋਕਾਂ ਖਿਲਾਫ਼ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ, ਤਾਂ ਜੋ ਹੋਰ ਨੌਜਵਾਨਾਂ ਦੀ ਜ਼ਿੰਦਗੀ ਬਚਾਈ ਜਾ ਸਕੇ।