ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਵਿਸ਼ੇਸ਼ ਗਿਰਦਾਵਰੀ ਜਾਰੀ
ਜ਼ਿਲ੍ਹਾ ਗੁਰਦਾਸਪੁਰ 343 ਪਟਵਾਰੀ ਵਿਸ਼ੇਸ਼ ਗਿਰਦਾਵਰੀ ਉੱਪਰ ਲੱਗੇ - ਰਮਨ ਬਹਿਲ
ਰੋਹਿਤ ਗੁਪਤਾ
ਗੁਰਦਾਸਪੁਰ, 16 ਸਤੰਬਰ ਪੰਜਾਬ ਵਿੱਚ ਆਏ ਭਿਆਨਕ ਹੜ੍ਹਾਂ ਕਾਰਨ ਹੋਏ ਨੁਕਸਾਨ ਦਾ ਮੁਲਾਂਕਣ ਕਰਨ ਲਈ ਸੂਬੇ ਭਰ ਵਿੱਚ ਵਿਸ਼ੇਸ਼ ਗਿਰਦਾਵਰੀ ਜਾਰੀ ਹੈ ਅਤੇ ਸੂਬੇ ਦੇ ਹਰ ਹੜ੍ਹ ਪੀੜਤ ਨੂੰ ਪੰਜਾਬ ਸਰਕਾਰ ਵੱਲੋਂ 45 ਦਿਨਾਂ ਦੇ ਅੰਦਰ ਮੁਆਵਜ਼ਾ ਦਿੱਤਾ ਜਾਵੇਗਾ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸੀਨੀਅਰ ਆਪ ਆਗੂ ਅਤੇ ਵਿਧਾਨ ਸਭਾ ਹਲਕਾ ਗੁਰਦਾਸਪੁਰ ਦੇ ਇੰਚਾਰਜ ਸ੍ਰੀ ਰਮਨ ਬਹਿਲ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਵਿਸ਼ੇਸ਼ ਗਿਰਦਾਵਰੀ ਕਰਵਾਉਣ ਲਈ ਕੁੱਲ 2167 ਪਟਵਾਰੀਆਂ ਨੂੰ ਤਾਇਨਾਤ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਗੁਰਦਾਸਪੁਰ 343 ਪਟਵਾਰੀ ਵਿਸ਼ੇਸ਼ ਗਿਰਦਾਵਰੀ ਉੱਪਰ ਲੱਗੇ ਹੋਏ ਹਨ। ਉਨ੍ਹਾਂ ਕਿਹਾ ਕਿ ਵਿਸ਼ੇਸ਼ ਗਿਰਦਾਵਰੀ ਲਈ ਤਾਇਨਾਤ ਟੀਮਾਂ ਪਿੰਡ-ਪਿੰਡ ਜਾ ਕੇ ਖੇਤਾਂ ਦਾ ਨਿਰੀਖਣ ਕਰ ਰਹੀਆਂ ਹਨ ਅਤੇ ਫ਼ਸਲਾਂ ਤੇ ਘਰਾਂ ਦੇ ਨੁਕਸਾਨ ਅਤੇ ਪਸੂਆਂ ਦੀ ਮੌਤ ਬਾਰੇ ਵੀ ਰਿਪੋਰਟਾਂ ਤਿਆਰ ਕਰ ਰਹੀਆਂ ਹਨ।
ਪੰਜਾਬ ਸਰਕਾਰ ਵੱਲੋਂ ਸੂਬੇ ਦੇ ਇਤਿਹਾਸ ਵਿੱਚ ਹੁਣ ਤੱਕ ਦੀ ਸਭ ਤੋਂ ਵੱਧ ਮੁਆਵਜ਼ਾ ਰਾਸ਼ੀ ਦੇਣ ਦੇ ਮੁੱਖ ਮੰਤਰੀ ਦੇ ਐਲਾਨ ਨੂੰ ਦੁਹਰਾਉਂਦਿਆਂ ਸ੍ਰੀ ਰਮਨ ਬਹਿਲ ਨੇ ਦੱਸਿਆ ਕਿ ਇਸ ਸਬੰਧੀ ਕਿਸਾਨਾਂ ਅਤੇ ਵਸਨੀਕਾਂ ਨੂੰ ਇੱਕ ਹਫ਼ਤੇ ਦੇ ਅੰਦਰ-ਅੰਦਰ ਇਤਰਾਜ਼, ਜੇ ਕੋਈ ਹੈ, ਉਠਾਉਣ ਦਾ ਮੌਕਾ ਦਿੱਤਾ ਜਾਵੇਗਾ ਤਾਂ ਜੋ ਸੁਧਾਰ ਲਈ ਬਿਨਾਂ ਕਿਸੇ ਦੇਰੀ ਦੇ ਕਦਮ ਚੁੱਕੇ ਜਾ ਸਕਣ। ਉਨ੍ਹਾਂ ਦੱਸਿਆ ਕਿ ਕਿਸਾਨਾਂ ਨੂੰ ਫ਼ਸਲਾਂ ਦੇ ਨੁਕਸਾਨ ਲਈ ਪ੍ਰਤੀ ਏਕੜ 20,000 ਰੁਪਏ, ਜਿਨ੍ਹਾਂ ਪਰਿਵਾਰਾਂ ਦੇ ਘਰ ਢਹਿ ਗਏ ਹਨ ਉਨ੍ਹਾਂ ਨੂੰ 1,20,000 ਰੁਪਏ ਅਤੇ ਅੰਸਕ ਤੌਰ 'ਤੇ ਨੁਕਸਾਨੇ ਗਏ ਘਰਾਂ ਨੂੰ 40,000 ਰੁਪਏ ਦਿੱਤੇ ਜਾਣਗੇ। ਇਸੇ ਤਰ੍ਹਾਂ ਪਸੂਆਂ ਦੇ ਨੁਕਸਾਨ ਦਾ ਵੀ ਪ੍ਰਵਾਨਿਤ ਨਿਯਮਾਂ ਅਨੁਸਾਰ ਮੁਆਵਜ਼ਾ ਦਿੱਤਾ ਜਾਵੇਗਾ, ਜਿਸ ਵਿੱਚ ਗਾਵਾਂ ਜਾਂ ਮੱਝਾਂ ਲਈ 37,500 ਰੁਪਏ ਅਤੇ ਬੱਕਰੀਆਂ ਲਈ 4,000 ਰੁਪਏ ਸ਼ਾਮਲ ਹਨ।
ਉਨ੍ਹਾਂ ਅੱਗੇ ਕਿਹਾ ਕਿ ਮਾਨ ਸਰਕਾਰ 45 ਦਿਨਾਂ ਦੇ ਅੰਦਰ ਪ੍ਰਭਾਵਿਤ ਲੋਕਾਂ ਨੂੰ ਮੁਆਵਜ਼ਾ ਰਾਸ਼ੀ ਦੇ ਚੈੱਕ ਸੌਂਪਣ ਲਈ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ ਜਿਨ੍ਹਾਂ ਪਿੰਡਾਂ ਵਿੱਚ ਪੂਰੀ ਫ਼ਸਲ ਤਬਾਹ ਹੋ ਗਈ ਹੈ, ਉੱਥੇ ਤੁਰੰਤ ਰਾਹਤ ਪ੍ਰਦਾਨ ਕਰਨ ਲਈ ਇਹ ਪ੍ਰਕਿਰਿਆ ਸਿਰਫ਼ ਇੱਕ ਮਹੀਨੇ ਵਿੱਚ ਪੂਰੀ ਕੀਤੀ ਜਾਵੇਗੀ। ਇਸ ਦੇ ਨਾਲ ਹੀ ਘਰਾਂ ਅਤੇ ਪਸੂਆਂ ਦੇ ਨੁਕਸਾਨ ਦਾ ਮੁਆਵਜ਼ਾ 15 ਸਤੰਬਰ ਤੋਂ ਦੇਣਾ ਸ਼ੁਰੂ ਕਰਦਿਆਂ ਇਸ ਨੂੰ ਨਿਰਧਾਰਿਤ ਸਮਾਂ-ਸੀਮਾ ਦੇ ਅੰਦਰ ਪੂਰਾ ਕੀਤਾ ਜਾਵੇਗਾ।