ਜ਼ਮੀਨ ਦੀ ਸਿਹਤ ਸੁਧਾਰਨ ਲਈ ਝੋਨੇ ਦੀ ਪਰਾਲੀ ਨੂੰ ਖੇਤਾਂ ਵਿੱਚ ਹੀ ਸੰਭਾਲ ਕਰਨ ਦੀ ਜ਼ਰੂਰਤ : ਮੁੱਖ ਖੇਤੀਬਾੜੀ ਅਫ਼ਸਰ
ਫ਼ਸਲੀ ਰਹਿੰਦ ਖੁੰਹਦ ਦੀ ਸੁਚੱਜੀ ਸੰਭਾਲ ਕਰਨ ਵਿਚ ਠੇਕੇ ਤੇ ਜ਼ਮੀਨਾਂ ਦੇਣ ਵਾਲੇ ਕਿਸਾਨ ਅਹਿਮ ਭੂਮਿਕਾ ਨਿਭਾਅ ਸਕਦੇ ਹਨ
ਰੋਹਿਤ ਗੁਪਤਾ
ਗੁਰਦਾਸਪੁਰ : 17 ਸਤੰਬਰ 2025 ਜ਼ਿਲਾ ਗੁਰਦਾਸਪੁਰ ਵਿੱਚ ਪਰਾਲੀ ਨੁੰ ਅੱਗ ਲੱਗਣ ਦੀਆਂ ਘਟਨਾਵਾਂ ਨੂੰ ਜ਼ੀਰੋ ਪੱਧਰ ਤੇ ਲਿਆਉਣ ਲਈ ਜ਼ਿਲਾ ਪ੍ਰਸ਼ਾਸ਼ਨ ਵੱਲੋਂ ਆਰੰਭੀ ਮਹਿੰਮ ਤਹਿਤ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਵੱਖ ਵੱਖ ਧਿਰਾਂ ਨੂੰ ਇਸ ਮੁਹਿੰਮ ਵਿਚ ਸਰਗਰਮ ਸਹਿਯੋਗ ਦੇਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ ਤਾਂ ਜੋ ਇਸ ਮੁਹਿੰਮ ਨੂੰ ਕਾਮਯਾਬ ਕਰਕੇ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਨੂੰ ਜ਼ੀਰੋ ਪੱਧਰ ਤੇ ਲਿਆਂਦਾ ਜਾ ਸਕੇ।ਇਸ ਬਾਰੇ ਜਾਣਕਾਰੀ ਦਿੰਦਿਆਂ ਮੁੱਖ ਖੇਤੀਬਾੜੀ ਅਫ਼ਸਰ ਡਾਕਟਰ ਅਮਰੀਕ ਸਿੰਘ ਨੇ ਦੱਸਿਆ ਕਿ ਜ਼ਿਲਾ ਗੁਰਦਾਸਪੁਰ ਵਿਚ ਸਾਲ 2025-26 ਦੌਰਾਨ ਇੱਕ ਲੱਖ ਬਹੱਤਰ ਹਜ਼ਾਰ ਹੈਕ. ਰਕਬੇ ਵਿਚ ਝੋਨੇ ਅਤੇ ਬਾਸਮਤੀ ਦੀ ਕਾਸ਼ਤ ਕੀਤੀ ਗਈ ਹੈ,ਇਸ ਵਿਚੋਂ ਤਕਰੀਬਨ 40 ਹਜ਼ਾਰ ਹੈਕਟੇਅਰ ਰਕਬੇ ਵਿੱਚ ਝੋਨੇ/ਬਾਸਮਤੀ ਦੀ ਫ਼ਸਲ ਹੜ੍ਹਾਂ ਦੇ ਪਾਣੀ ਕਾਰਨ ਖਰਾਬ ਹੋ ਗਈ ਹੈ ਜਿਸ ਕਾਰਨ ਪਿਛਲੇ ਸਾਲ ਝੋਨੇ ਦੀ ਪੈਦਾਵਾਰ ਘੱਟ ਪੈਦਾਵਾਰ ਹੋਣ ਦੀ ਸੰਭਾਵਨਾ ਹੈ। ਉਨ੍ਹਾਂ ਦੱਸਿਆ ਕਿ ਇਸ ਦੇ ਨਾਲ ਹੀ 7-8 ਲੱਖ ਟਨ ਪਰਾਲੀ ਪੈਦਾ ਹੋਣ ਦੀ ਸੰਭਾਵਨਾ ਹੈ ਜਿਸ ਦਾ ਸੁਚੱਜਾ ਪ੍ਰਬੰਧਨ ਕਰਨਾ ਬਹੁਤ ਜ਼ਰੂਰੀ ਹੈ ਤਾਂ ਜੋ ਖੇਤਾਂ ਦੀ ਮਿੱਟੀ ਦੀ ਸਿਹਤ ਵਿੱਚ ਸੁਧਾਰ ਕੀਤਾ ਜਾ ਸਕੇ। ਉਨ੍ਹਾਂ ਦਸਿਆ ਬਹੁਤ ਸਾਰੇ ਸਰਕਾਰੀ ਅਧਿਕਾਰੀ/ਕਰਮਚਾਰੀ,ਐਨ ਆਰ ਆਈ ਵੀਰਾਂ,ਕਾਰੋਬਾਰੀਆਂ ਵੱਲੋਂ ਜ਼ਮੀਨਾਂ ਠੇਕੇ ਤੇ ਦਿੱਤੀਆਂ ਹੋਈਆਂ ਹਨ ਅਤੇ ਉਹ ਆਪ ਖੇਤੀ ਨਹੀਂ ਕਰਦੇ। ਉਨ੍ਹਾਂ ਦਸਿਆ ਕਿ ਆਮ ਕਰਕੇ ਦੇਖਣ ਵਿਚ ਆਇਆ ਹੈ ਕਿ ਠੇਕੇ ਤੇ ਜ਼ਮੀਨਾਂ ਲੈ ਕੇ ਝੋਨੇ/ਬਾਸਮਤੀ ਦੀ ਕਾਸ਼ਤ ਕਰਨ ਵਾਲੇ ਕਿਸਾਨ ਵੱਧ ਪੈਦਾਵਾਰ ਲੈਣ ਲਈ ਬਹੁਤ ਮਿਹਨਤ ਕਰਦੇ ਹਨ ਪ੍ਰੰਤੂ ਜ਼ਮੀਨ ਦੀ ਸਿਹਤ ਸੁਧਾਰਨ ਲਈ ਬਹੁਤ ਕੋਸ਼ਿਸ਼ਾਂ ਨਹੀਂ ਕਰਦੇ ਅਤੇ ਝੋਨੇ ਦੀ ਕਟਾਈ ਉਪਰੰਤ ਪਰਾਲੀ ਨੁੰ ਅੱਗ ਲਗਾ ਦਿੰਦੇ ਹਨ ਜਿਸ ਨਾਲ ਹਵਾ ਵਿਚ ਪ੍ਰਦੂਸ਼ਣ ਵਧਦਾ ਹੈ ਅਤੇ ਕਈ ਤਰ੍ਹਾਂ ਦੀਆਂ ਮੁਸ਼ਕਲਾਂ ਪੈਦਾ ਹੁੰਦੀਆਂ ਹਨ । ਉਨ੍ਹਾਂ ਦੱਸਿਆ ਕਿ ਫਸਲੀ ਰਹਿੰਦ ਖੂੰਹਦ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਨੂੰ ਘੱਟ ਕਰਨ ਵਿੱਚ ਠੇਕੇ ਤੇ ਜ਼ਮੀਨਾਂ ਦੇਣ ਵਾਲੇ ਜ਼ਮੀਨਾਂ ਦੇ ਮਾਲਿਕ ਕਿਸਾਨ ਅਹਿਮ ਭੂਮਿਕਾ ਨਿਭਾਅ ਸਕਦੇ ਹਨ। ਉਨ੍ਹਾਂ ਕਿਹਾ ਕਿ ਜ਼ਮੀਨ ਮਾਲਿਕ ਕਿਸਾਨਾਂ ਨੂੰ ਚਾਹੀਦਾ ਹੈ ਕਿ ਠੇਕੇ ਤੇ ਕਾਸ਼ਤ ਕਰਨ ਵਾਲੇ ਕਿਸਾਨਾਂ ਦਾ ਪ੍ਰਤੀ ਏਕੜ ਠੇਕੇ ਦੀ ਰਕਮ ਇਸ ਸ਼ਰਤ ਤੇ ਘਟਾ ਦੇਣ ਕਿ ਸਬੰਧਤ ਕਾਸ਼ਤਕਾਰ ਕਿਸਾਨ ਝੋਨੇ ਦੀ ਕਟਾਈ ਉਪਰੰਤ ਝੋਨੇ ਦੀ ਪਰਾਲੀ ਨੂੰ ਅੱਗ ਨਹੀਂ ਲਗਾਏਗਾ। ਉਨ੍ਹਾਂ ਦੱਸਿਆ ਕਿ ਜ਼ਮੀਨਾਂ ਦੇ ਠੇਕੇ ਦੀ ਰਕਮ ਘੱਟ ਹੋਣ ਨਾਲ ਕਾਸ਼ਤਕਾਰ ਕਿਸਾਨ ਪਰਾਲੀ ਨੂੰ ਖੇਤਾਂ ਵਿਚ ਜਾਂ ਖੇਤਾਂ ਤੋਂ ਬਾਹਰ ਸੰਭਾਲਣ ਲਈ ਉਤਸ਼ਾਹਿਤ ਹੋਵੇਗਾ ਜਿਸ ਨਾਲ ਜ਼ਮੀਨ ਦੀ ਸਿਹਤ ਵੀ ਬਰਕਰਾਰ ਰਹੇਗੀ। ਉਨ੍ਹਾਂ ਦਸਿਆ ਕਿ ਪੰਜਾਬ ਸਰਕਾਰ ਵਲੋਂ ਜਾਰੀ ਹੁਕਮਾਂ ਅਨੁਸਾਰ ਜੇਕਰ ਕੋਈ ਸਰਕਾਰੀ ਅਧਿਕਾਰੀ/ ਮੁਲਾਜ਼ਮ,ਨੰਬਰਦਾਰ,ਸਰਪੰਚ ਆਪਣੇ ਖੇਤਾਂ ਵਿਚ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਂਦਾ ਹੈ ਤਾਂ ਉਸ ਖਿਲਾਫ ਕਾਨੂੰਨੀ ਕਾਰਵਾਈ ਹੋ ਸਕਦੀ ਹੈ।