ਅਨਾਜ ਮੰਡੀ ਸਰਹਿੰਦ ਵਿੱਚ ਪ੍ਰਬੰਧਾਂ ਦਾ ਜਾਇਜ਼ਾ ਲੈਂਦੇ ਹੋਏ DMO ਅਸਲਮ ਮੁਹੰਮਦ ਅਤੇ ਟੀਮ
ਦੀਦਾਰ ਗੁਰਨਾ
ਫ਼ਤਹਿਗੜ੍ਹ ਸਾਹਿਬ, 19 ਸਤੰਬਰ 2025 : ਜ਼ਿਲ੍ਹਾ ਮੰਡੀ ਅਫਸਰ ਅਸਲਮ ਮੁਹੰਮਦ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਮੰਡੀਆਂ ਵਿੱਚ ਕੇਵਲ ਸੁੱਕਾ ਝੋਨਾ ਹੀ ਲਿਆਉਣ ਤਾਂ ਜੋ ਕਿਸਾਨਾਂ ਨੂੰ ਆਪਣੀ ਫਸਲ ਵੇਚਣ ਵਿੱਚ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ , ਉਨ੍ਹਾਂ ਦੱਸਿਆ ਕਿ ਝੋਨੇ ਦੀ ਖਰੀਦ ਲਈ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਸਾਰੇ ਪ੍ਰਬੰਧ ਮੁਕੰਮਲ ਹਨ ਤੇ ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਕਿਸਮ ਦੀ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ,
ਜ਼ਿਲ੍ਹਾ ਮੰਡੀ ਅਫਸਰ ਨੇ ਦੱਸਿਆ ਕਿ ਮੰਡੀਆਂ ਵਿੱਚ ਫੜ੍ਹਾਂ ਦੀ ਸਾਫ ਸਫਾਈ ਦੇ ਨਾਲ-ਨਾਲ ਕਿਸਾਨਾਂ ਦੀ ਸਹੂਲਤ ਲਈ ਪੀਣ ਵਾਲੇ ਸਾਫ ਸੁਥਰੇ ਪਾਣੀ, ਪਖਾਨੇ, ਛਾਂਦਾਰ ਜਗ੍ਹਾਂ ਤੇ ਬਿਜਲੀ ਆਦਿ ਦੇ ਸਾਰੇ ਪ੍ਰਬੰਧ ਕੀਤੇ ਗਏ ਹਨ ਤਾਂ ਜੋ ਕਿਸਾਨ ਮੰਡੀਆਂ ਵਿੱਚ ਆਸਾਨੀ ਨਾਲ ਆਪਣੀ ਫਸਲ ਵੇਚ ਸਕਣ , ਉਨ੍ਹਾਂ ਇਹ ਵੀ ਦੱਸਿਆ ਕਿ ਡਿਪਟੀ ਕਮਿਸ਼ਨਰ ਡਾ: ਸੋਨਾ ਥਿੰਦ ਵੱਲੋਂ ਸਮੂਹ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਸਖਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ ਮੰਡੀਆਂ ਵਿੱਚ ਸਮੇਂ ਸਿਰ ਬੋਲੀ ਲਗਾਉਣ ਦੇ ਨਾਲ-ਨਾਲ ਖਰੀਦੇ ਜਾਣ ਵਾਲੇ ਝੋਨੇ ਦੀ ਸਮੇਂ ਸਿਰ ਲਿਫਟਿੰਗ ਵੀ ਯਕੀਨੀ ਬਣਾਈ ਜਾਵੇ
ਉਨ੍ਹਾਂ ਕਿਹਾ ਕਿ ਮੰਡੀਆਂ ਵਿੱਚ ਸੁੱਕਾ ਝੋਨਾ ਲਿਆਉਣ ਨਾਲ ਕਿਸਾਨਾਂ ਦੀ ਫਸਲ ਸਮੇਂ ਸਿਰ ਖਰੀਦ ਕੇ ਉਸ ਦੀ ਅਦਾਇਗੀ ਵੀ ਕਰ ਦਿੱਤੀ ਜਾਂਦੀ ਹੈ ਤੇ ਕਿਸਾਨ ਆਪਣੀ ਫਸਲ ਵੇਚਣ ਉਪਰੰਤ ਆਰਾਮ ਨਾਲ ਆਪਣੇ ਘਰਾਂ ਨੂੰ ਜਾ ਸਕਦੇ ਹਨ, ਉਨ੍ਹਾਂ ਆੜਤੀ ਐਸੋਸੀਏਸ਼ਨਾਂ ਤੇ ਸ਼ੈਲਰ ਐਸੋਸੀਏਸ਼ਨਾਂ ਦੇ ਨੁਮਾਇੰਦਿਆਂ ਨੂੰ ਵੀ ਕਿਹਾ ਕਿ ਉਹ ਵੀ ਕਿਸਾਨਾਂ ਨੂੰ ਮੰਡੀਆਂ ਵਿੱਚ ਸੁੱਕਾ ਝੋਨਾ ਹੀ ਲਿਆਉਣ ਲਈ ਪ੍ਰੇਰਿਤ ਕਰਦੇ ਰਹਿਣ