ਆਮ ਆਦਮੀ ਕਲੀਨਿਕ ਜਾਡਲਾ ਵਿਖੇ ਸਿਹਤ ਸੇਵਾਵਾਂ ਦਾ ਨਿਰੀਖਣ
ਪ੍ਰਮੋਦ ਭਾਰਤੀ
ਨਵਾਂਸ਼ਹਿਰ, 20 ਸਤੰਬਰ, 2025: ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਦੀ ਯੋਗ ਰਹਿਨੁਮਾਈ ਹੇਠ ਜ਼ਿਲ੍ਹਾ ਸਿਹਤ ਵਿਭਾਗ, ਸ਼ਹੀਦ ਭਗਤ ਸਿੰਘ ਨਗਰ ਆਮ ਲੋਕਾਂ ਨੂੰ ਬਿਹਤਰ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਯਤਨਸ਼ੀਲ ਹੈ।
ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਨੇ ਸ਼ੁੱਕਰਵਾਰ ਨੂੰ ਆਮ ਆਦਮੀ ਕਲੀਨਿਕ, ਜਾਡਲਾ ਵਿਖੇ ਸਿਹਤ ਸੇਵਾਵਾਂ ਦਾ ਨਿਰੀਖਣ ਕਰਦੇ ਹੋਏ ਕਿਹਾ ਕਿ ਆਮ ਆਦਮੀ ਕਲੀਨਿਕ ਵਿਆਪਕ ਮੁੱਢਲੀ ਦੇਖਭਾਲ ਪ੍ਰਦਾਨ ਕਰਨ ਲਈ ਹਨ, ਜਿਨ੍ਹਾਂ ਵਿੱਚ ਮੁੱਢਲੀਆਂ ਬਿਮਾਰੀਆਂ ਦਾ ਇਲਾਜ ਕਰਨਾ ਅਤੇ ਗਰਭ ਅਵਸਥਾ ਵਰਗੀਆਂ ਮਹੱਤਵਪੂਰਨ ਸਥਿਤੀਆਂ ਦਾ ਪਤਾ ਲਗਾਉਣਾ ਦੋਵੇਂ ਸ਼ਾਮਲ ਹਨ। ਉਨ੍ਹਾਂ ਮੈਡੀਕਲ ਅਧਿਕਾਰੀਆਂ ਨੂੰ ਹਦਾਇਤ ਕਰਦੇ ਹੋਏ ਕਿਹਾ ਕਿ ਜਣੇਪੇ ਤੋਂ ਪਹਿਲਾਂ ਦੀ ਜ਼ਿਆਦਾਤਰ ਸ਼ੁਰੂਆਤੀ ਦੇਖਭਾਲ ਜਿਵੇਂ - ਹਿਸਟਰੀ ਲੈਣਾ, ਮੁੱਢਲੀ ਜਾਂਚ, ਕੌਂਸਲਿੰਗ ਆਦਿ - ਆਮ ਆਦਮੀ ਕਲੀਨਕਾਂ ਵਿੱਚ ਹੀ ਸ਼ੁਰੂ ਕੀਤੀ ਜਾਵੇ। ਉਨ੍ਹਾਂ ਦੱਸਿਆ ਕਿ ਗਰਭ ਅਵਸਥਾ ਦੀ ਜਲਦੀ ਪਛਾਣ ਕਰਨ ਨਾਲ ਜਣੇਪੇ ਤੋਂ ਪਹਿਲਾਂ ਦੀ ਦੇਖਭਾਲ, ਪੋਸ਼ਣ ਸਹਾਇਤਾ, ਅਤੇ ਆਇਰਨ-ਫੋਲਿਕ ਐਸਿਡ ਪੂਰਕ ਸਮੇਂ ਸਿਰ ਸ਼ੁਰੂ ਕਰਨ ਵਿੱਚ ਮਦਦ ਮਿਲਦੀ ਹੈ, ਜਿਸ ਨਾਲ ਮਾਂ ਅਤੇ ਬੱਚੇ ਦੋਵਾਂ ਲਈ ਜੋਖਮ ਘੱਟ ਹੁੰਦਾ ਹੈ। ਉਨ੍ਹਾਂ ਮੈਡੀਕਲ ਸਟਾਫ ਨੂੰ ਮਾਤਰੀ ਮੌਤ ਦਰ ਘਟਾਉਣ ਲਈ ਕੁਆਲਿਟੀ ਐਂਟੀਨੇਟਲ ਕੇਅਰ ਸੇਵਾਵਾਂ ਮੁਹੱਈਆ ਕਰਵਾਉਣ ਵੱਲ ਵਿਸ਼ੇਸ਼ ਧਿਆਨ ਦੇਣ ਦੀ ਲੋੜ 'ਤੇ ਜ਼ੋਰ ਦਿੱਤਾ।
ਉਨ੍ਹਾਂ ਇਹ ਵੀ ਕਿਹਾ ਕਿ ਜ਼ਿਲ੍ਹੇ ਵਿੱਚ ਕੁਆਲਿਟੀ ਐਂਟੀਨੇਟਲ ਕੇਅਰ ਸੇਵਾਵਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ, ਸਾਰੀਆਂ ਗਰਭਵਤੀ ਔਰਤਾਂ ਦਾ ਇੱਕ ਮੈਡੀਸਨ ਸਪੈਸ਼ਲਿਸਟ ਦੁਆਰਾ "ਲਾਜ਼ਮੀ ਚੈੱਕਅਪ" ਕਰਵਾਉਣਾ ਚਾਹੀਦਾ ਹੈ। ਇਸ ਤੋਂ ਇਲਾਵਾ, ਸਾਰੀਆਂ ਗਰਭਵਤੀ ਔਰਤਾਂ ਦੀ ਨਿਯਮਿਤ ਜਾਂਚ ਦੇ ਨਾਲ-ਨਾਲ ਈ.ਸੀ.ਜੀ., ਐੱਲ.ਐੱਫ.ਟੀ., ਟੀ.ਐਫ.ਟੀ., ਜੀ.ਡੀ.ਐੱਮ. ਟੈਸਟ ਆਦਿ ਲਾਜ਼ਮੀ ਤੌਰ 'ਤੇ ਕਰਵਾਉਣੇ ਚਾਹੀਦੇ ਹਨ। ਗਰਭ ਅਵਸਥਾ ਦੌਰਾਨ ਇਹ ਜਾਂਚ ਗਰਭਵਤੀ ਔਰਤਾਂ ਦੀ ਕਿਸੇ ਵੀ ਮੈਡੀਕਲ ਸਥਿਤੀ ਦੀ ਸ਼ੁਰੂਆਤੀ ਪਛਾਣ ਅਤੇ ਇਲਾਜ ਵਿੱਚ ਮਦਦ ਕਰੇਗੀ, ਜਿਸ ਨਾਲ ਗਰਭਵਤੀ ਔਰਤਾਂ ਅਤੇ ਉਨ੍ਹਾਂ ਦੇ ਅਣਜੰਮੇ ਬੱਚਿਆਂ ਦੀ ਸਿਹਤ ਅਤੇ ਤੰਦਰੁਸਤੀ ਨੂੰ ਯਕੀਨੀ ਬਣਾਉਣ ਵਿੱਚ ਮਦਦ ਮਿਲੇਗੀ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਜ਼ਿਲ੍ਹਾ ਐਪੀਡੀਮੋਲੋਜਿਸਟ ਡਾ ਰਾਕੇਸ਼ ਪਾਲ ਤੇ ਬਲਾਕ ਐਕਸਟੈਂਸ਼ਨ ਐਜੂਕੇਟਰ ਵਿਕਾਸ ਵਿਰਦੀ ਸਮੇਤ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਮੌਜੂਦ ਸਨ।