ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਹੰਡਿਆਇਆ ਵਿਖੇ ਗੁਰਮਤਿ ਵਿਦਿਆਲੇ ਦਾ ਰੱਖਿਆ ਨੀਂਹ ਪੱਥਰ
ਅੰਮ੍ਰਿਤਸਰ, 21 ਸਤੰਬਰ-
ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਸਾਲਾ ਸ਼ਹੀਦੀ ਸਮਾਗਮ ਵਿਚ ਸ਼ਾਮਲ ਹੋਣ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਹੰਡਿਆਇਆ ਪਹੁੰਚੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਗੁਰੂ ਸਾਹਿਬ ਦੀ ਸ਼ਹੀਦੀ ਸ਼ਤਾਬਦੀ ਦੀ ਸਦੀਵੀ ਯਾਦਗਾਰ ਵਜੋਂ ਗੁਰਦੁਆਰਾ ਸਾਹਿਬ ਵਿਖੇ ਗੁਰਮਤਿ ਵਿਦਿਆਲੇ ਦਾ ਨੀਂਹ ਪੱਥਰ ਰੱਖਿਆ। ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸ ਮੌਕੇ ਆਖਿਆ ਕਿ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਨਾਮ ਉੱਤੇ ਸਥਾਪਤ ਕੀਤੇ ਜਾਣ ਵਾਲੇ ਇਸ ਵਿਦਿਆਲੇ ਦਾ ਉਦੇਸ਼ ਸਿੱਖ ਕੌਮ ਦੇ ਪ੍ਰਚਾਰ-ਪ੍ਰਸਾਰ ਲਈ ਗ੍ਰੰਥੀ, ਪ੍ਰਚਾਰਕ ਅਤੇ ਗੁਰਮਤਿ ਅਧਿਐਨ ਵਿੱਚ ਰੁਚੀ ਰੱਖਣ ਵਾਲੇ ਵਿਦਵਾਨ ਤਿਆਰ ਕਰਨਾ ਹੈ। ਇਸ ਮੌਕੇ ਐਡਵੋਕੇਟ ਧਾਮੀ ਨੇ ਕਿਹਾ ਕਿ ਜਲਦੀ ਹੀ ਇਸ ਵਿਦਿਆਲੇ ਦਾ ਨਿਰਮਾਣ ਕਾਰਜ ਸ਼ੁਰੂ ਕਰ ਦਿੱਤਾ ਜਾਵੇਗਾ, ਤਾਂ ਜੋ ਸਿੱਖ ਪੰਥ ਲਈ ਇੱਕ ਮਹੱਤਵਪੂਰਣ ਸੰਸਥਾ ਦੀ ਸਥਾਪਨਾ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਇਹ ਵਿਦਿਆਲਾ ਸਿੱਖ ਪੰਥ ਦੀਆਂ ਮੁੱਲਵਾਨ ਵਿਰਾਸਤੀ ਕਦਰਾਂ-ਕੀਮਤਾਂ ਨੂੰ ਅਗਲੀਆਂ ਪੀੜ੍ਹੀਆਂ ਤੱਕ ਪਹੁੰਚਾਉਣ ਅਤੇ ਗੁਰਮਤਿ ਸਿੱਖਿਆ ਦੇ ਪ੍ਰਸਾਰ ਵਿੱਚ ਅਹਿਮ ਭੂਮਿਕਾ ਨਿਭਾਏਗਾ। ਉਨ੍ਹਾਂ ਦੱਸਿਆ ਕਿ ਇਸ ਦੇ ਨਿਰਮਾਣ ਦੀ ਸੇਵਾ ਬਾਬਾ ਬਚਨ ਸਿੰਘ ਤੇ ਬਾਬਾ ਮਹਿੰਦਰ ਸਿੰਘ ਕਾਰ ਸੇਵਾ ਦਿੱਲੀ ਵਾਲਿਆਂ ਨੂੰ ਸੌਂਪੀ ਗਈ ਹੈ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ, ਅੰਤ੍ਰਿੰਗ ਮੈਂਬਰ ਸ. ਪਰਮਜੀਤ ਸਿੰਘ ਖਾਲਸਾ, ਮੈਂਬਰ ਸ. ਬਲਬੀਰ ਸਿੰਘ ਘੁੰਨਸ, ਭਾਈ ਗੁਰਚਰਨ ਸਿੰਘ ਗਰੇਵਾਲ, ਸ. ਬਲਦੇਵ ਸਿੰਘ ਚੂੰਘਾ, ਸ. ਜਗਜੀਤ ਸਿੰਘ ਤਲਵੰਡੀ, ਜਥੇਦਾਰ ਗੁਰਲਾਲ ਸਿੰਘ, ਭਾਈ ਅਜੈਬ ਸਿੰਘ ਅਭਿਆਸੀ, ਸ. ਸੁਰਜੀਤ ਸਿੰਘ ਰਾਏਪੁਰ, ਸ. ਭੁਪਿੰਦਰ ਸਿੰਘ ਭਲਵਾਨ, ਬਾਬਾ ਬੂਟਾ ਸਿੰਘ ਗੁਰਥੜੀ, ਸ. ਮੇਜ਼ਰ ਸਿੰਘ ਢਿੱਲੋਂ, ਸ. ਜਗਸੀਰ ਸਿੰਘ ਮਾਂਗੇਆਣਾ, ਬੀਬੀ ਜੋਗਿੰਦਰ ਕੌਰ, ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ, ਸਕੱਤਰ ਵਿਦਿਆ ਇੰਜੀ ਸੁਖਮਿੰਦਰ ਸਿੰਘ, ਮੀਤ ਸਕੱਤਰ ਸ. ਹਰਭਜਨ ਸਿੰਘ ਵਕਤਾ, ਤਖਤ ਸ੍ਰੀ ਦਮਦਮਾ ਸਹਿਬ ਦੇ ਮੈਨੇਜਰ ਸ. ਨਰਿੰਦਰਜੀਤ ਸਿੰਘ ਭਵਾਨੀਗੜ੍ਹ, ਮੈਨੇਜਰ ਸ. ਸੁਰਜੀਤ ਸਿੰਘ ਠੀਕਰੀਵਾਲ, ਸ. ਨਿਰਮਲ ਸਿੰਘ ਰਾਜੀਆ ਆਦਿ ਮੌਜੂਦ ਸਨ।