ਹਰਪਾਲ ਚੀਮਾ ਵੱਲੋਂ ਭਗਵਾਨ ਵਾਲਮੀਕਿ ਜੀ ਦੀਆਂ ਸਿੱਖਿਆਵਾਂ ’ਤੇ ਚੱਲ ਕੇ ਭਾਈਚਾਰਕ ਸਾਂਝ ਦੀਆਂ ਤੰਦਾਂ ਨੂੰ ਹੋਰ ਮਜ਼ਬੂਤ ਕਰਨ ਦਾ ਸੱਦਾ
ਭਗਵਾਨ ਵਾਲਮੀਕਿ ਜੀ ਮਹਾਰਾਜ ਦੇ ਪ੍ਰਗਟ ਉਸਤਵ ਸਬੰਧੀ ਜਲੰਧਰ ’ਚ ਸਜਾਈ ਵਿਸ਼ਾਲ ਸ਼ੋਭਾ ਯਾਤਰਾ
ਪੰਜ ਕੈਬਨਿਟ ਮੰਤਰੀਆਂ ਨੇ ਕੀਤੀ ਸ਼ਿਰਕਤ, ਪੰਜਾਬ ਸਰਕਾਰ ਵੱਲੋਂ ਸੂਬਾ ਵਾਸੀਆਂ ਨੂੰ ਭਗਵਾਨ ਵਾਲਮੀਕਿ ਜੀ ਮਹਾਰਾਜ ਦੇ ਪ੍ਰਗਟ ਉਤਸਵ ਦੀ ਦਿੱਤੀ ਵਧਾਈ
ਜਲੰਧਰ, 6 ਅਕਤੂਬਰ: ਪੰਜਾਬ ਦੇ ਵਿੱਤ, ਆਬਕਾਰੀ ਤੇ ਕਰ ਅਤੇ ਯੋਜਨਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਭਗਵਾਨ ਵਾਲਮੀਕਿ ਜੀ ਮਹਾਰਾਜ ਦੇ ਪ੍ਰਗਟ ਉਤਸਵ ਸਬੰਧੀ ਸਜਾਈ ਸ਼ੋਭਾ ਯਾਤਰਾ ਦੀ ਸ਼ੁਰੂਆਤ ਕਰਦਿਆਂ ਲੋਕਾਂ ਨੂੰ ਆਪਸੀ ਭਾਈਚਾਰਕ ਸਾਂਝ ਦੀ ਮਜ਼ਬੂਤੀ ਲਈ ਸਰਬ ਸਾਂਝੀਵਾਲਤਾ ਦਾ ਸੰਦੇਸ਼ ਦੇਣ ਵਾਲੇ ਭਗਵਾਨ ਵਾਲਮੀਕਿ ਜੀ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿੱਚ ਅਪਨਾਉਣ ਦਾ ਸੱਦਾ ਦਿੱਤਾ।
ਲੋਕਾਂ ਨੂੰ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਉਤਸਵ ਦੀ ਪੰਜਾਬ ਸਰਕਾਰ ਵੱਲੋਂ ਹਾਰਦਿਕ ਵਧਾਈ ਦਿੰਦਿਆਂ ਕੈਬਨਿਟ ਮੰਤਰੀ ਸ਼੍ਰੀ ਚੀਮਾ ਨੇ ਕਿਹਾ ਕਿ ਭਗਵਾਨ ਵਾਲਮੀਕਿ ਜੀ ਮਹਾਰਾਜ ਦੀਆਂ ਸਿੱਖਿਆਵਾਂ ਸਮਾਜ ਵਿੱਚ ਬਰਾਬਰਤਾ ਦੇ ਨਾਲ-ਨਾਲ ਨੈਤਿਕਤਾ 'ਤੇ ਜ਼ੋਰ ਦਿੰਦੀਆਂ ਹਨ, ਜੋ ਅਜੋਕੇ ਸਮੇਂ ਵਿੱਚ ਵੀ ਸਾਰਥਕ ਹਨ। ਉਨ੍ਹਾਂ ਕਿਹਾ ਕਿ ਸਾਨੂੰ ਭਗਵਾਨ ਵਾਲਮੀਕਿ ਜੀ ਦੀਆਂ ਸਿੱਖਿਆਵਾਂ ਤੋਂ ਸੇਧ ਲੈ ਕੇ ਆਦਰਸ਼ ਸਮਾਜ ਦੀ ਸਿਰਜਣਾ ਲਈ ਪੁਰਜ਼ੋਰ ਯਤਨ ਕਰਨੇ ਚਾਹੀਦੇ ਹਨ। ਇਸ ਮੌਕੇ ਵਿੱਤ ਮੰਤਰੀ ਵੱਲੋਂ ਸਿਟੀ ਵਾਲਮੀਕਿ ਸਭਾ ਨੂੰ 10 ਲੱਖ ਰੁਪਏ ਦੀ ਰਾਸ਼ੀ ਦੇਣ ਦਾ ਐਲਾਨ ਵੀ ਕੀਤਾ ਗਿਆ।
ਉਨ੍ਹਾਂ ਕਿਹਾ ਕਿ ਬਾਬਾ ਸਾਹਿਬ ਡਾ. ਬੀ. ਆਰ. ਅੰਬੇਡਕਰ ਜੀ ਦੀ ਸੋਚ ’ਤੇ ਚੱਲਦਿਆਂ ਸਭ ਨੂੰ ਵਧ ਤੋਂ ਵੱਧ ਸਿੱਖਿਆ ਹਾਸਲ ਕਰਕੇ ਸੂਬੇ ਦੀ ਤਰੱਕੀ ਅਤੇ ਖੁਸ਼ਹਾਲੀ ਵਿੱਚ ਯੋਗਦਾਨ ਪਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਜਿਥੇ ਸਰਕਾਰੀ ਦਫ਼ਤਰਾਂ ਵਿੱਚ ਡਾ. ਬੀ. ਆਰ. ਅੰਬੇਡਕਰ ਅਤੇ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੀਆਂ ਤਸਵੀਰਾਂ ਲਗਾ ਕੇ ਨਵੀਂ ਪਹਿਲਕਦਮੀ ਕੀਤੀ ਗਈ ਹੈ, ਉਥੇ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਗੁਣਵੱਤਾ ਭਰਪੂਰ ਸਿੱਖਿਆ ’ਤੇ ਜ਼ੋਰ ਦਿੱਤਾ ਜਾ ਰਿਹਾ ਹੈ। ਇਸ ਮੌਕੇ ਪੰਜਾਬ ਕੇਸਰੀ ਤੋਂ ਅਵਿਨਾਸ਼ ਚੋਪੜਾ ਵੀ ਵਿਸ਼ੇਸ਼ ਤੌਰ ’ਤੇ ਮੌਜੂਦ ਸਨ।
ਪੰਜਾਬ ਦੇ ਖੁਰਾਕ, ਸਿਵਲ ਸਪਲਾਈਜ਼ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਸ਼ੋਭਾ ਯਾਤਰਾ ਵਿੱਚ ਸ਼ਿਰਕਤ ਕਰਦਿਆਂ ਕਿਹਾ ਕਿ ਭਗਵਾਨ ਵਾਲਮੀਕਿ ਜੀ ਮਹਾਰਾਜ ਦੀ ਮਹਾਨ ਰਚਨਾ ‘ਰਾਮਾਇਣ’ ਮਨੁੱਖੀ ਕਦਰਾਂ ਕੀਮਤਾਂ ਦੀ ਇਕ ਸਾਕਾਰ ਰਚਨਾ ਹੈ। ਉਨ੍ਹਾਂ ਕਿਹਾ ਕਿ ਇਹ ਮਹਾਨ ਮਹਾਕਾਵਿ ਸਦੀਆਂ ਤੋਂ ਲੋਕਾਂ ਨੂੰ ਜੀਵਨ ਜਾਚ ਸਿਖਾ ਰਿਹਾ ਹੈ ਅਤੇ ਰਹਿੰਦੀ ਦੁਨੀਆ ਤੱਕ ਲੋਕਾਈ ਨੂੰ ਸੱਚ ਦਾ ਰਾਹ ਦਿਖਾਉਂਦਾ ਰਹੇਗਾ। ਇਸ ਮੌਕੇ ਉਨ੍ਹਾਂ ਨੌਜਵਾਨਾਂ ਨੂੰ ਭਗਵਾਨ ਵਾਲਮੀਕਿ ਜੀ ਦੀਆਂ ਸਿੱਖਿਆਵਾਂ ’ਤੇ ਚੱਲ ਕੇ ਆਪਸੀ ਸਾਂਝ ਦੀਆਂ ਤੰਦਾਂ ਨੂੰ ਹੋਰ ਮਜ਼ਬੂਤ ਕਰਨ ਲਈ ਪ੍ਰੇਰਿਆ। ਇਸ ਮੌਕੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਆਪਣੇ ਅਖ਼ਤਿਆਰੀ ਫੰਡ ਵਿੱਚੋਂ ਸਿਟੀ ਵਾਲਮੀਕਿ ਸਭਾ ਨੂੰ 2 ਲੱਖ ਰੁਪਏ ਦੇਣ ਦਾ ਐਲਾਨ ਕੀਤਾ ਗਿਆ।
ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਸ਼ੋਭਾ ਯਾਤਰਾ ਵਿੱਚ ਸ਼ਾਮਲ ਹੁੰਦਿਆਂ ਸ਼ਰਧਾਲੂਆਂ ਨੂੰ ਭਗਵਾਨ ਵਾਲਮੀਕਿ ਜੀ ਮਹਾਰਾਜ ਦੇ ਪ੍ਰਗਟ ਉਤਸਵ ਦੀ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਭਗਵਾਨ ਵਾਲਮੀਕਿ ਜੀ ਦੀਆਂ ਸਿੱਖਿਆਵਾਂ ਵਿੱਚ ਬਰਾਬਰਤਾ ਦਾ ਉਪਦੇਸ਼ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਬਰਾਬਰੀ ਵਾਲੇ ਸਮਾਜ ਦੇ ਨਿਰਮਾਣ ਲਈ ਸਾਨੂੰ ਭਗਵਾਨ ਵਾਲਮੀਕਿ ਜੀ ਮਹਾਰਾਜ ਵੱਲੋਂ ਦਿਖਾਏ ਰਾਹ ਅਤੇ ਉੱਚ ਆਦਰਸ਼ਾਂ ’ਤੇ ਚੱਲਣ ਦੀ ਲੋੜ ਹੈ। ਇਸ ਮੌਕੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਆਪਣੇ ਅਖਤਿਆਰੀ ਫੰਡ ’ਚੋਂ ਸਿਟੀ ਵਾਲਮੀਕਿ ਸਭਾ ਨੂੰ 2.50 ਲੱਖ ਰੁਪਏ ਦੇਣ ਦਾ ਐਲਾਨ ਕੀਤਾ।
ਪੰਜਾਬ ਦੇ ਖਣਨ, ਭੂ-ਵਿਗਿਆਨ, ਭੂਮੀ ਤੇ ਜਲ ਸੰਭਾਲ ਅਤੇ ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਵੀ ਸ਼ੋਭਾ ਯਾਤਰਾ ਵਿੱਚ ਸ਼ਿਰਕਤ ਕੀਤੀ ਗਈ। ਉਨ੍ਹਾਂ ਇਸ ਮੌਕੇ ਸ਼ਰਧਾਲੂਆਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਭਗਵਾਨ ਵਾਲਮੀਕਿ ਜੀ ਦੀਆਂ ਸਿੱਖਿਆਵਾਂ ਚਾਨਣ ਮੁਨਾਰੇ ਵਾਂਗ ਹਨ, ਜੋ ਸਦੀਆਂ ਤੋਂ ਸਮਾਜ ਨੂੰ ਸੇਧ ਦਿੰਦੀਆਂ ਆ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸਾਨੂੰ ਭਗਵਾਨ ਵਾਲਮੀਕਿ ਜੀ ਵੱਲੋਂ ਦਿੱਤੇ ਸਿਧਾਂਤਾਂ ’ਤੇ ਅਮਲ ਕਰਦੇ ਹੋਏ ਆਪਸੀ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਨਾ ਚਾਹੀਦਾ ਹੈ। ਉਨ੍ਹਾਂ ਜਲੰਧਰ ਨੂੰ ਇਕ ਗੁਲਦਸਤਾ ਦੱਸਦਿਆਂ ਕਿਹਾ ਕਿ ਇਥੇ ਸਭ ਧਰਮਾਂ ਦਾ ਬਰਾਬਰ ਸਤਿਕਾਰ ਕੀਤਾ ਜਾਂਦਾ ਹੈ। ਇਸ ਮੌਕੇ ਸ਼੍ਰੀ ਗੋਇਲ ਨੇ ਸਿਟੀ ਵਾਲਮੀਕਿ ਸਭਾ ਨੂੰ ਆਪਣੇ ਅਖ਼ਤਿਆਰੀ ਫੰਡ ’ਚੋਂ 3 ਲੱਖ ਰੁਪਏ ਦੀ ਰਾਸ਼ੀ ਦੇਣ ਦਾ ਐਲਾਨ ਵੀ ਕੀਤਾ।
ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਵੱਲੋਂ ਵੀ ਸ਼ੋਭਾ ਯਾਤਰਾ ਵਿੱਚ ਸ਼ਿਰਕਤ ਕੀਤੀ ਗਈ। ਇਸ ਮੌਕੇ ਆਪਣੇ ਸੰਬੋਧਨ ਦੌਰਾਨ ਕੈਬਨਿਟ ਮੰਤਰੀ ਨੇ ਕਿਹਾ ਕਿ ਭਗਵਾਨ ਵਾਲਮੀਕਿ ਜੀ ਦਾ ਸੰਦੇਸ਼ ਅੱਜ ਦੇ ਯੁੱਗ ਵਿੱਚ ਵੀ ਪ੍ਰਸੰਗਿਕ ਹੈ, ਜਿਸ ’ਤੇ ਅਮਲ ਕਰਕੇ ਸਮਾਜ ਵਿੱਚ ਬਰਾਬਰਤਾ ਲਿਆਂਦੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਅੱਜ ਦੇ ਪਵਿੱਤਰ ਮੌਕੇ ਸਾਨੂੰ ਭਗਵਾਨ ਵਾਲਮੀਕਿ ਜੀ ਵੱਲੋਂ ਦਰਸਾਏ ਨੈਤਿਕਤਾ, ਤਿਆਗ ਤੇ ਦੀਨ-ਦੁਖੀਆਂ ਦੀ ਸੇਵਾ ਦੇ ਰਸਤੇ ਨੂੰ ਅਪਣਾਕੇ ਬਿਹਤਰ ਸਮਾਜ ਦੀ ਸਿਰਜਣਾ ਦਾ ਪ੍ਰਣ ਕਰਨਾ ਚਾਹੀਦਾ ਹੈ। ਇਸ ਮੌਕੇ ਕੈਬਨਿਟ ਮੰਤਰੀ ਮੋਹਿੰਦਰ ਭਗਤ ਵੱਲੋਂ ਆਪਣੇ ਅਖਤਿਆਰੀ ਫੰਡ ’ਚੋਂ ਸਿਟੀ ਵਾਲਮੀਕਿ ਸਭਾ ਨੂੰ 5 ਲੱਖ ਰੁਪਏ ਦੀ ਰਾਸ਼ੀ ਦੇਣ ਦਾ ਐਲਾਨ ਕੀਤਾ ਗਿਆ।
ਇਸ ਮੌਕੇ ਪੰਜਾਬ ਰਾਜ ਸਫਾਈ ਕਰਮਚਾਰੀ ਕਮਿਸ਼ਨ ਦੇ ਚੇਅਰਮੈਨ ਚੰਦਨ ਗਰੇਵਾਲ, ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ, ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ, ਮੇਅਰ ਵਿਨੀਤ ਧੀਰ, ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਅੰਮ੍ਰਿਤਪਾਲ ਸਿੰਘ, ਇੰਪਰੂਵਮੈਂਟ ਟਰੱਸਟ ਜਲੰਧਰ ਦੇ ਚੇਅਰਮੈਨ ਰਮਣੀਕ ਸਿੰਘ ਰੰਧਾਵਾ, ਪੰਜਾਬ ਐਗਰੀ ਐਕਸਪੋਰਟ ਕਾਰਪੋਰੇਸ਼ਨ ਲਿਮਟਿਡ ਦੇ ਚੇਅਰਮੈਨ ਮੰਗਲ ਸਿੰਘ ਬੱਸੀ, ਪੰਜਾਬ ਖਾਦੀ ਬੋਰਡ ਦੇ ਵਾਈਸ ਚੇਅਰਮੈਨ ਪਵਨ ਹੰਸ, ਸੀਨੀਅਰ ‘ਆਪ’ ਆਗੂ ਨਿਤਿਨ ਕੋਹਲੀ, ਰਾਜਵਿੰਦਰ ਕੌਰ ਥਿਆੜਾ, ਦਿਨੇਸ਼ ਢੱਲ ਤੋਂ ਇਲਾਵਾ ਹੋਰ ਵੀ ਸ਼ਖਸੀਅਤਾਂ ਮੌਜੂਦ ਸਨ।