ਉਪ ਰਾਸ਼ਟਰੀ ਪਲਸ ਪੋਲੀਓ ਕੰਪੇਨ : ਸਿਹਤ ਵਿਭਾਗ ਨੇ ਕੁੱਲ 57010 ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾ ਕੇ 100 ਫੀਸਦੀ ਤੋਂ ਵੱਧ ਟੀਚਾ ਸਫਲਤਾਪੂਰਵਕ ਕੀਤਾ ਹਾਸਿਲ
- ਉਪ ਰਾਸ਼ਟਰੀ ਪਲਸ ਪੋਲੀਓ ਕੰਪੇਨ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਸਾਰੇ ਭਾਈਵਾਲਾਂ ਦਾ ਕੀਤਾ ਧੰਨਵਾਦ
ਪ੍ਰਮੋਦ ਭਾਰਤੀ
ਨਵਾਂਸ਼ਹਿਰ, 14 ਅਕਤੂਬਰ 2025 : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਦੀ ਯੋਗ ਰਹਿਨੁਮਾਈ ਹੇਠ ਜ਼ਿਲ੍ਹਾ ਸਿਹਤ ਵਿਭਾਗ, ਸ਼ਹੀਦ ਭਗਤ ਸਿੰਘ ਨਗਰ ਨੇ ਮੰਗਲਵਾਰ ਨੂੰ ਜ਼ਿਲ੍ਹੇ ਵਿਚ ਉਪ ਰਾਸ਼ਟਰੀ ਪਲਸ ਪੋਲੀਓ ਮੁਹਿੰਮ ਦੇ ਤੀਜੇ ਅਤੇ ਆਖਰੀ ਦਿਨ ਜ਼ੀਰੋ ਤੋਂ ਪੰਜ ਸਾਲ ਤੱਕ ਦੇ 9112 ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾ ਕੇ 100.15 ਫੀਸਦੀ ਤੋਂ ਵੱਧ ਟੀਚਾ ਹਾਸਲ ਕਰ ਲਿਆ ਹੈ।
ਇਸ ਸਬੰਧੀ ਕਾਰਜਕਾਰੀ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਚਰਨਜੀਤ ਕੁਮਾਰ ਨੇ ਸਿਹਤ ਬਲਾਕ ਮੁਜ਼ੱਫਰਪੁਰ ਅਧੀਨ ਰਾਹੋਂ ਦੇ ਮੁੱਖ ਬੱਸ ਸਟੈਂਡ ਤੇ ਸਲੱਮ ਏਰੀਏ ਵਿੱਚ ਪੋਲੀਓ ਰੋਕੂ ਬੂੰਦਾਂ ਪਿਲਾਉਣ ਦੇ ਕੰਮਕਾਜ ਦਾ ਨਿਰੀਖਣ ਕਰਨ ਉਪਰੰਤ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਪ ਰਾਸ਼ਟਰੀ ਪਲਸ ਪੋਲੀਓ ਮੁਹਿੰਮ ਦੇ ਤੀਜੇ ਅਤੇ ਆਖਰੀ ਦਿਨ ਜਿਲ੍ਹੇ ਅੰਦਰ ਕੁੱਲ 9112 ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਈਆਂ ਗਈਆਂ। ਪਹਿਲੇ ਦਿਨ 35115 ਬੱਚਿਆਂ ਅਤੇ ਦੂਜੇ ਦਿਨ 12783 ਬੱਚਿਆਂ ਨੇ ਪੋਲੀਓ ਬੂੰਦਾਂ ਪੀਤੀਆਂ ਸਨ। ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿੱਚ ਕੁੱਲ 56920 ਬੱਚਿਆਂ ਨੂੰ ਬੂੰਦਾਂ ਪਿਲਾਉਣ ਦਾ ਟੀਚਾ ਮਿਥਿਆ ਗਿਆ ਸੀ। ਇੰਜ ਜ਼ਿਲ੍ਹਾ ਸਿਹਤ ਵਿਭਾਗ, ਸ਼ਹੀਦ ਭਗਤ ਸਿੰਘ ਨਗਰ ਨੇ ਇਨ੍ਹਾਂ ਤਿੰਨ ਦਿਨਾਂ ਦੌਰਾਨ ਜ਼ਿਲ੍ਹੇ ਵਿੱਚ ਕੁੱਲ 57010 ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾ ਕੇ 100.15 ਫੀਸਦੀ ਟੀਚਾ ਹਾਸਲ ਕਰ ਲਿਆ ਹੈ।
ਉਨ੍ਹਾਂ ਕੰਪੇਨ ਵਿੱਚ ਤਾਇਨਾਤ ਸਿਹਤ ਸਟਾਫ ਸਮੇਤ ਭਾਈਵਾਲ ਵਿਭਾਗਾਂ ਦੇ ਨੁਮਾਇੰਦਿਆਂ, ਜ਼ਿਲ੍ਹਾ ਨਿਵਾਸੀਆਂ, ਗੈਰ ਸਰਕਾਰੀ ਸੰਗਠਨਾਂ, ਨਰਸਿੰਗ ਕਾਲਜਾਂ ਦੇ ਵਿਦਿਆਰਥੀਆਂ ਤੇ ਵਲੰਟੀਅਰਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ, ਜਿਨ੍ਹਾਂ ਦੀ ਬਦੌਲਤ ਇਸ ਮੁਹਿੰਮ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਿਆ ਜਾ ਸਕਿਆ।