ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਹੜ੍ਹਾਂ ਦੀ ਮਾਰ ਹੇਠ ਆਏ 50 ਕਿਸਾਨਾਂ ਨੂੰ 21.50 ਲੱਖ ਰੁਪਏ ਦੇ ਚੈੱਕ ਵੰਡੇ ਗਏ
ਹਲਕਾ ਵਿਧਾਇਕ ਰੰਧਾਵਾ ਨੇ ਹੜ੍ਹ ਪੀੜਤਾਂ ਨੂੰ ਮੁਆਵਜ਼ਾ ਦੇਣ 'ਤੇ ਸਰਕਾਰ ਦਾ ਕੀਤਾ ਧੰਨਵਾਦ
ਮਲਕੀਤ ਸਿੰਘ ਮਲਕਪੁਰ
ਲਾਲੜੂ 15 ਅਕਤੂਬਰ 2025: ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਵੱਲੋਂ ਅੱਜ ਡੇਰਾਬੱਸੀ ਵਿਧਾਨ ਸਭਾ ਹਲਕੇ ਦੇ ਪਿੰਡ ਸਰਸੀਣੀ , ਸਿਤਾਰਪੁਰ ਅਤੇ ਮੁਬਾਰਿਕਪੁਰ ਦੇ 50 ਦੇ ਕਰੀਬ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਸਰਸੀਣੀ ਦੇ ਪੰਚਾਇਤ ਘਰ ਵਿਖੇ 21.50 ਲੱਖ ਰੁਪਏ ਦੇ ਮੁਆਵਜ਼ਾ ਮਨਜ਼ੂਰੀ ਪੱਤਰ ਸੌਂਪੇ ਗਏ। ਇਸ ਨਾਲ ਡੇਰਾਬੱਸੀ ਹਲਕੇ ਵਿੱਚ ਅੱਜ ਤੋਂ ਕਰੀਬ 4.50 ਕਰੋੜ ਰੁਪਏ ਦਾ ਮੁਆਵਜ਼ਾ ਵੰਡਣ ਦੀ ਸ਼ੁਰੂਆਤ ਹੋਈ। ਸ੍ਰੀ ਅਮਨ ਅਰੋੜਾ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਪੰਜਾਬ ਵਿੱਚ ਪਹਿਲੀ ਵਾਰ ਹੋਇਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਪ੍ਰਤੀ ਏਕੜ ਦੇ ਨੁਕਸਾਨ ਦਾ ਮੁਆਵਜ਼ਾ ਵਧਾ ਕੇ 20 ਹਜ਼ਾਰ ਰੁਪਏ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ, ਲੋਕਾਂ ਦੇ ਦੁੱਖਾਂ ਅਤੇ ਦਰਦਾਂ ਨੂੰ ਸਮਝਦੀ ਹੈ ਤੇ ਇਸੇ ਲਈ ਦਿਵਾਲੀ ਦੇ ਤਿਉਹਾਰ ਨੂੰ ਦੇਖਦੇ ਹੋਏ ਮੁਆਵਜ਼ੇ ਦੀ ਸਮਾਂ-ਬੱਧ ਵੰਡ ਸ਼ੁਰੂ ਕੀਤੀ ਗਈ ਹੈ। ਇਹ ਵੰਡ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅਜਨਾਲਾ ਤੋਂ ਤਿੰਨ ਦਿਨ ਪਹਿਲਾਂ ਸ਼ੁਰੂ ਕੀਤੀ ਗਈ ਸੀ, ਜੋ ਕਿ ਅੱਜ ਪੰਜਾਬ ਦੇ ਵਿੱਚ ਇੱਕੋ ਵੇਲੇ 13 ਵਜ਼ੀਰਾਂ ਵੱਲੋਂ ਵੱਖ-ਵੱਖ ਥਾਵਾਂ ਤੇ ਮਿਸ਼ਨ ਪੁਨਰਵਾਸ ਦੇ ਅਗਲੇ ਪੜਾਅ ਵਜੋਂ ਕੀਤੀ ਜਾ ਰਹੀ ਹੈ। ਉਹਨਾਂ ਕਿਹਾ ਕਿ ਇਹ ਵੀ ਪਹਿਲੀ ਵਾਰ ਹੋਇਆ ਹੈ ਕਿ ਕਿਸੇ ਸਰਕਾਰ ਵੱਲੋਂ 30 ਦਿਨ ਦੇ ਅੰਦਰ-ਅੰਦਰ ਮੁਆਵਜ਼ੇ ਦੀ ਵੰਡ ਸ਼ੁਰੂ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਖਾਸ ਕਰਕੇ ਸਰਹੱਦੀ ਜ਼ਿਲਿਆਂ ਨੇ, ਇਸ ਵਾਰ 1988 ਤੋਂ ਵੀ ਜ਼ਿਆਦਾ ਖਤਰਨਾਕ ਹੜ੍ਹਾਂ ਦਾ ਸੰਤਾਪ ਭੋਗਿਆ ਹੈ ਪਰ ਪੰਜਾਬ ਦੇ ਬਹਾਦਰ ਅਤੇ ਉਤਸ਼ਾਹੀ ਲੋਕਾਂ ਨੇ ਇਸ ਸੰਕਟਮਈ ਸਥਿਤੀ ਦਾ ਡੱਟ ਕੇ ਸਾਹਮਣਾ ਕੀਤਾ ਹੈ। ਉਹਨਾਂ ਕਿਹਾ ਕਿ ਬਚਾਅ ਕਾਰਜਾਂ ਵਿੱਚ ਇਕੱਲੀ ਸਰਕਾਰ ਹੀ ਨਹੀਂ ਸਗੋਂ ਸਮੁੱਚੇ ਜ਼ਿਲ੍ਹਾ ਪ੍ਰਸ਼ਾਸਨ ਤੇ ਪੁਲਿਸ ਦੇ ਨਾਲ ਆਮ ਲੋਕਾਂ, ਵੱਖ-ਵੱਖ ਜਥੇਬੰਦੀਆਂ ਅਤੇ ਐਨ ਜੀ ਓ ਨੇ ਪੂਰਾ ਸਾਥ ਦਿੱਤਾ ਹੈ। ਉਨ੍ਹਾਂ ਕਿਹਾ ਕਿ ਅਫ਼ਸੋਸ ਇਸ ਗੱਲ ਦਾ ਹੈ ਕਿ ਜਿਸ ਪੰਜਾਬ ਨੇ ਦੇਸ਼ ਦੇ ਅਨਾਜ ਭੰਡਾਰ ਭਰੇ, ਸਰਹੱਦਾਂ ਦੀ ਰਾਖੀ ਲਈ ਜਾਨਾਂ ਵਾਰੀਆਂ, ਉਥੋਂ ਦੇ ਹੜ੍ਹ-ਸੰਤਾਪੇ ਲੋਕਾਂ ਨੂੰ ਇਸ ਮੁਸ਼ਕਿਲ ਦੀ ਘੜੀ ਵਿੱਚ ਕੇਂਦਰ ਪਾਸੋਂ ਕੋਈ ਹਾਂਦਰੂ ਹੁੰਗਾਰਾ ਨਹੀਂ ਮਿਲਿਆ। ਉਲਟਾ 1600 ਕਰੋੜ ਰੁਪਏ ਦੇ ਨਿਗੂਣੇ ਐਲਾਨ ਵਿੱਚੋਂ 805 ਕਰੋੜ ਰੁਪਏ ਦੀ ਪੇਸ਼ਗੀ ਰਕਮ ਦਾ ਦਾਅਵਾ ਇਸ ਲਈ ਹਵਾ ਹੋ ਗਿਆ ਕਿਉਂ ਜੋ ਇਹ ਰਕਮ ਵੱਖ-ਵੱਖ ਫੰਡਾਂ ਦੇ ਰੂਪ ਵਿੱਚ, ਜਿਵੇਂ ਕੁਦਰਤੀ ਆਪਦਾ, ਪ੍ਰਧਾਨ ਮੰਤਰੀ ਆਵਾਸ ਯੋਜਨਾ ਅਤੇ ਨੈਸ਼ਨਲ ਹਾਈਵੇਜ਼ ਤੇ ਫੰਡਾਂ ਦੇ ਰੂਪ ਵਿੱਚ ਪਹਿਲਾਂ ਹੀ ਪਈ ਸੀ। ਉਹਨਾਂ ਕਿਹਾ ਕਿ ਪੰਜਾਬ ਨੂੰ ਮੁੜ ਪੈਰਾਂ ਸਿਰ ਖੜਾ ਕਰਨ ਲਈ ਭਗਵੰਤ ਸਿੰਘ ਮਾਨ ਸਰਕਾਰ ਪੂਰਾ ਜ਼ੋਰ ਲਗਾ ਰਹੀ ਹੈ ਅਤੇ ਇਸ ਮੁਸੀਬਤ ਦੀ ਘੜੀ ਵਿੱਚ ਆਪਣੇ ਲੋਕਾਂ ਦੇ ਨਾਲ ਖੜੀ ਹੈ। ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਇਸ ਮੌਕੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਅਤੇ ਮੰਤਰੀ ਸ਼੍ਰੀ ਅਮਨ ਅਰੋੜਾ ਦਾ ਧੰਨਵਾਦ ਕਰਦਿਆਂ ਆਖਿਆ ਕਿ ਪੰਜਾਬ ਦੀ ਪਹਿਲੀ ਸਰਕਾਰ ਹੈ ਜਿਸ ਨੇ ਲੋਕਾਂ ਨਾਲ ਕੀਤੇ ਵਾਅਦੇ ਮੁਤਾਬਕ 30 ਦਿਨਾਂ ਦੇ ਅੰਦਰ ਹੀ ਹੜ੍ਹਾਂ ਦੇ ਮੁਆਵਜ਼ੇ ਦੀ ਵੰਡ ਵੱਡੇ ਪੱਧਰ 'ਤੇ ਸ਼ੁਰੂ ਕੀਤੀ। ਉਨ੍ਹਾਂ ਕਿਹਾ ਕਿ ਇਹ ਮੁਆਵਜ਼ੇ ਦੀ ਰਾਸ਼ੀ ਪੰਜਾਬ ਦੇ ਉਨ੍ਹਾਂ ਪੀੜਤਾਂ ਦੇ ਜ਼ਖਮਾਂ ਤੇ ਮਲ੍ਹਮ ਲਾਉਣ ਦਾ ਕੰਮ ਕਰੇਗੀ ਜੋ ਕਿ ਹੜ੍ਹਾਂ ਤੋਂ ਬਾਅਦ ਇਕਦਮ ਆਪਣੇ ਭਵਿੱਖ ਨੂੰ ਹਨ੍ਹੇਰਾ ਮਹਿਸੂਸ ਕਰਨ ਲੱਗੇ ਸਨ। ਡਿਪਟੀ ਕਮਿਸ਼ਨਰ ਸ਼੍ਰੀਮਤੀ ਕੋਮਲ ਮਿੱਤਲ ਨੇ ਇਸ ਮੌਕੇ ਆਖਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ 'ਤੇ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਵਿੱਚ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਅੱਜ ਤੋਂ ਹੜ੍ਹ ਰਾਹਤ ਇਨ੍ਹਾਂ ਮਨਜ਼ੂਰੀ ਪੱਤਰਾਂ ਦੇ ਨਾਲ ਹੀ ਉਨ੍ਹਾਂ ਦੇ ਬੈਂਕ ਖਾਤਿਆਂ ਸਿੱਧੀ ਭੇਜੀ ਜਾਣੀ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਹੜ੍ਹ ਪੀੜਤ ਨੂੰ ਕੋਈ ਮੁਸ਼ਕਿਲ ਪੇਸ਼ ਆਉਂਦੀ ਹੈ ਤਾਂ ਉਹ ਆਪਣੇ ਨੇੜਲੇ ਪਟਵਾਰੀ, ਕਾਨੂਗੋ, ਤਹਿਸੀਲਦਾਰ, ਐਸ ਡੀ ਐਮ ਜਾਂ ਉਹਨਾਂ ਨਾਲ ਡੀਸੀ ਦਫਤਰ ਵਿਖੇ ਸੰਪਰਕ ਕਰ ਸਕਦਾ ਹੈ। ਇਸ ਮੌਕੇ ਐਸ ਡੀ ਐਮ ਡੇਰਾਬੱਸੀ ਅਮਿਤ ਗੁਪਤਾ, ਤਹਿਸੀਲਦਾਰ ਸੁਮੀਤ ਸਿੰਘ ਢਿੱਲੋਂ, ਡੀ ਐਸ ਪੀ ਵਿਕਰਮਜੀਤ ਸਿੰਘ ਬਰਾੜ ਅਤੇ ਇਲਾਕੇ ਦੇ ਪੰਚ ਸਰਪੰਚ ਅਤੇ ਪਤਵੰਤੇ ਸੱਜਣ ਵੱਡੀ ਗਿਣਤੀ ਵਿੱਚ ਮੌਜੂਦ ਸਨ।