ਐਡਵੋਕੇਟ ਧਾਮੀ ਨੇ ਡਾ. ਰਾਜਵਿੰਦਰ ਸਿੰਘ ਜੋਗਾ ਦੀ ਪੁਸਤਕ “ਦੂਜੇ ਅਤੇ ਤੀਜੇ ਪਾਤਸ਼ਾਹ ਜੀ ਦੇ ਹਜ਼ੂਰੀ ਸਿੱਖ ਤੇ ਸਨੇਹੀ” ਕੀਤੀ ਸੰਗਤ ਅਰਪਣ
ਅੰਮ੍ਰਿਤਸਰ, 22 ਅਕਤੂਬਰ-
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅੱਜ ਧਰਮ ਪ੍ਰਚਾਰ ਕਮੇਟੀ ਵੱਲੋਂ ਪ੍ਰਕਾਸ਼ਕ ਪੁਸਤਕ “ਦੂਜੇ ਅਤੇ ਤੀਜੇ ਪਾਤਸ਼ਾਹ ਜੀ ਦੇ ਹਜ਼ੂਰੀ ਸਿੱਖ ਤੇ ਸਨੇਹੀ” ਸੰਗਤ ਅਰਪਣ ਕੀਤੀ। ਇਹ ਪੁਸਤਕ ਸ੍ਰੀ ਗੁਰੂ ਰਾਮਦਾਸ ਜੀ ਦੇ 450 ਸਾਲਾ ਗੁਰਿਆਈ ਦਿਵਸ ਅਤੇ ਤੀਜੇ ਪਾਤਸ਼ਾਹ ਸ੍ਰੀ ਗੁਰੂ ਅਮਰਦਾਸ ਜੀ ਦੇ 450 ਸਾਲਾ ਜੋਤੀ ਜੋਤਿ ਦਿਵਸ ਨੂੰ ਸਮਰਪਿਤ ਡਾ. ਰਾਜਵਿੰਦਰ ਸਿੰਘ ਜੋਗਾ ਵੱਲੋਂ ਲਿਖੀ ਗਈ ਹੈ।
ਪੁਸਤਕ ਜਾਰੀ ਕਰਨ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਬੀਤੇ ਸਾਲ ਚੌਥੇ ਪਾਤਸ਼ਾਹ ਜੀ ਦੇ ਗੁਰਿਆਈ ਦਿਵਸ ਅਤੇ ਤੀਜੇ ਪਾਤਸ਼ਾਹ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਮੌਕੇ ਧਰਮ ਪ੍ਰਚਾਰ ਕਮੇਟੀ ਵੱਲੋਂ ਗੁਰੂ ਸਾਹਿਬ ਦੇ ਸਰਬ ਕਲਿਆਲਕਾਰੀ ਸੰਦੇਸ਼ਾਂ ਤੋਂ ਮਾਨਵਤਾ ਨੂੰ ਜਾਣੂ ਕਰਵਾਉਣ ਹਿੱਤ ਅਨੇਕਾਂ ਪ੍ਰੋਗਰਾਮ ਉਲੀਕੇ ਸਨ। ਉਨ੍ਹਾਂ ਕਿਹਾ ਕਿ ਜਿਥੇ ਵੱਖ-ਵੱਖ ਸੈਮੀਨਾਰ ਹੋਏ, ਉਥੇ ਹੀ ਇਤਿਹਾਸ ਨਾਲ ਸਬੰਧਤ ਕਿਤਾਬਚੇ ਅਤੇ ਪੁਸਤਕਾਂ ਵੀ ਤਿਆਰ ਕਰਵਾਈਆਂ ਗਈਆਂ। ਉਨ੍ਹਾਂ ਕਿਹਾ ਕਿ ਅੱਜ ਜਾਰੀ ਕੀਤੀ ਪੁਸਤਕ ਵਿਚ ਗੁਰੂ ਸਾਹਿਬ ਨੂੰ ਪ੍ਰਣਾਏ ਗੁਰਸਿੱਖਾਂ ਦੀਆਂ ਜੀਵਨ ਸਾਖੀਆਂ ਨੂੰ ਸ਼ਾਮਲ ਕੀਤਾ ਗਿਆ ਹੈ। ਉਨ੍ਹਾਂ ਡਾ. ਰਾਜਵਿੰਦਰ ਸਿੰਘ ਜੋਗਾ ਦੇ ਉਪਰਾਲੇ ਦੀ ਸ਼ਲਾਘਾ ਕਰਦਿਆਂ ਆਸ ਪ੍ਰਗਟਾਈ ਕਿ ਸੰਗਤਾਂ ਇਸ ਪੁਸਤਕ ਤੋਂ ਲਾਹਾ ਪ੍ਰਾਪਤ ਕਰਨਗੀਆਂ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ, ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ, ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਸ. ਦਰਸ਼ਨ ਸਿੰਘ ਮੋਠਾਂਵਾਲਾ, ਸ. ਜਰਨੈਲ ਸਿੰਘ ਡੋਗਰਾਂਵਾਲਾ, ਭਾਈ ਅਜੈਬ ਸਿੰਘ ਅਭਿਆਸੀ, ਓਐਸਡੀ ਸ. ਸਤਬੀਰ ਸਿੰਘ ਧਾਮੀ, ਸਕੱਤਰ ਸ. ਪ੍ਰਤਾਪ ਸਿੰਘ, ਸ. ਬਲਵਿੰਦਰ ਸਿੰਘ ਕਾਹਲਵਾਂ, ਵਧੀਕ ਸਕੱਤਰ ਸ. ਗੁਰਿੰਦਰ ਸਿੰਘ ਮਥਰੇਵਾਲ, ਨਿੱਜੀ ਸਕੱਤਰ ਸ. ਸਾਹਬਾਜ਼ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਜਨਰਲ ਮੈਨੇਜਰ ਸ. ਭਗਵੰਤ ਸਿੰਘ ਧੰਗੇੜਾ, ਮੀਤ ਸਕੱਤਰ ਸ. ਹਰਭਜਨ ਸਿੰਘ ਵਕਤਾ, ਇੰਚਾਰਜ ਡਾ. ਰਾਜਵਿੰਦਰ ਸਿੰਘ ਜੋਗਾ ਸਮੇਤ ਹੋਰ ਮੌਜੂਦ ਸਨ।