ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਝੋਨੇ ਦੀ 407016 ਮੀਟਰਕ ਟਨ ਦੀ ਖਰੀਦ ਹੋਈ
ਵਧੀਕ ਡਿਪਟੀ ਕਮਿਸ਼ਨਰ ਵਲੋਂ ਫਸਲ ਦੀ ਰਹਿੰਦ ਖੂੰਹਦ ਨੂੰ ਪੈਲੀ ਵਿੱਚ ਵਾਹ ਕੇ ਕਣਕ ਬੀਜਣ ਦੀ ਅਪੀਲ
ਰੋਹਿਤ ਗੁਪਤਾ
ਗੁਰਦਾਸਪੁਰ, 23 ਅਕਤੂਬਰ
ਜਿਲ੍ਹੇ ਦੀਆਂ ਮੰਡੀਆਂ ਵਿੱਚ ਬੀਤੀ ਸ਼ਾਮ ਤੱਕ 423646 ਮੀਟਰਕ ਟਨ ਝੋਨੇ ਦੀ ਫਸਲ ਦੀ ਆਮਦ ਹੋਈ ਸੀ, ਜਿਸ ਵਿੱਚੋਂ 407016 ਮੀਟਰਕ ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ ਅਤੇ 86 ਫੀਸਦ ਤੋਂ ਫਸਲ ਦੀ ਚੁਕਾਈ ਕੀਤੀ ਜਾ ਚੁੱਕੀ ਹੈ ਅਤੇ ਫਸਲ ਦੀ ਚੁਕਾਈ ਨਾਲੋਂ ਨਾਲ ਜਾਰੀ ਹੈ। ਕਿਸਾਨਾਂ ਦੇ ਖਾਤਿਆਂ ਵਿੱਚ 898.12 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ, ਜੋ, 99 ਫੀਸਦ ਬਣਦੀ ਹੈ।
ਵਧੀਕ ਡਿਪਟੀ ਕਮਿਸ਼ਨਰ (ਜ) ਡਾ.ਹਰਜਿੰਦਰ ਸਿੰਘ ਬੇਦੀ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਝੋਨੇ ਦੀ ਫਸਲ ਕੱਟਣ ਉਪਰੰਤ ਇੰਨ ਸੀਟੂ ਵਿਧੀ ਨਾਲ ਫਸਲ ਦੀ ਰਹਿੰਦ ਖੂੰਹਦ ਨੂੰ ਖੇਤ ਵਿੱਚ ਵਾਹ ਕੇ ਕਣਕ ਦੀ ਬਿਜਾਈ ਕਰਨ ਜਾਂ ਐਕਸ ਸੀਟੂ ਵਿਧੀ ਰਾਹੀਂ ਪਰਾਲੀ ਪ੍ਰਬੰਧਨ ਲਈ ਖੇਤੀ ਮਸ਼ੀਨਰੀ ਦੀ ਵਰਤੋਂ ਕਰਨ। ਪਰਾਲੀ ਸਾੜਨ ਦੀ ਬਜਾਇ ਗੱਠਾਂ ਬਣਾਈਆਂ ਜਾਣ। ਉਨ੍ਹਾਂ ਕਿਹਾ ਬਹੁਤ ਸਾਰੇ ਕਿਸਾਨ ਜਿਵੇਂ ਧਾਰੀਵਾਲ ਨੇੜੇ ਪਿੰਡ ਸੋਹਲ ਵਿਖੇ ਪਰਾਲੀ ਪ੍ਰਬੰਧਨ (ਗੱਠਾਂ ਬਣਾ ਕੇ ) ਰਾਹੀਂ ਆਪਣੀ ਆਰਥਿਕਤਾ ਵਿੱਚ ਵਾਧਾ ਕਰ ਰਹੇ ਹਨ।
ਉਨਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਝੋਨੇ ਦੀ ਕਟਾਈ ਝੋਨਾ ਪੂਰੀ ਤਰ੍ਹਾਂ ਪੱਕਣ 'ਤੇ ਹੀ ਕੀਤੀ ਜਾਵੇ ਅਤੇ ਕੇਵਲ ਸੁੱਕਾ ਝੋਨਾ ਹੀ ਮੰਡੀਆਂ ਵਿੱਚ ਵੇਚਣ ਲਈ ਲਿਆਂਦਾ ਜਾਵੇ। ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਵੱਲੋਂ ਖ਼ਰੀਦ ਵੇਲੇ ਝੋਨੇ ਵਿੱਚ ਨਮੀਂ ਦੀ ਹੱਦ 17 ਫ਼ੀਸਦੀ ਨਿਰਧਾਰਿਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਕਿਸਾਨ ਦੇ ਝੋਨੇ ਦੀ ਫ਼ਸਲ ਵਿੱਚ 17 ਫ਼ੀਸਦੀ ਤੋਂ ਵੱਧ ਦੀ ਨਮੀਂ ਪਾਈ ਜਾਂਦੀ ਹੈ ਤਾਂ ਉਸ ਦੀ ਜਿਨਸ ਦੀ ਖ਼ਰੀਦ ਨਹੀਂ ਹੋ ਪਾਉਂਦੀ, ਜਿਸ ਕਾਰਨ ਕਿਸਾਨਾਂ ਨੂੰ ਮੰਡੀ ਵਿੱਚ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ।
ਦੱਸਣਯੋਗ ਹੈ ਕਿ ਪਨਗਰੇਨ ਵਲੋਂ 156405 ਮੀਟਰਕ ਟਨ, ਮਾਰਕਫੈੱਡ ਵਲੋਂ 107328 ਮੀਟਰਕ ਟਨ, ਪਨਸਪ ਵਲੋਂ 79159 ਮੀਟਰਕ ਟਨ , ਪੰਜਾਬ ਸਟੇਟ ਵੇਅਰ ਹਾਊਸ ਕਾਰਪੋਰੇਸ਼ਨ ਵਲੋਂ 64116 ਅਤੇ ਪ੍ਰਾਈਵੇਟ ਖਰੀਦ 08 ਮੀਟਰਕ ਟਨ ਝੋਨੇ ਦੀ ਖਰੀਦ ਕੀਤੀ ਗਈ ਹੈ।