ਸਿਵਲ ਤੇ ਪੁਲਿਸ ਵਿਭਾਗ ਦੀਆਂ ਸਾਂਝੀਆਂ ਟੀਮਾਂ ਵੱਲੋਂ ਪਿੰਡਾਂ ਵਿੱਚ ਜਾ ਕੇ ਪਰਾਲੀ ਪ੍ਰਬੰਧਨ ਲਈ ਕੀਤਾ ਗਿਆ ਜਾਗਰੂਕ
ਫਸਲਾਂ ਦੇ ਰਹਿੰਦ ਖੂੰਹਦ ਨੂੰ ਸਾਂਭਣ ਲਈ ਕਿਸਾਨਾਂ ਕੋਲੋਂ ਦਿੱਤਾ ਜਾ ਰਿਹਾ ਹੈ ਸਹਿਯੋਗ
ਰੋਹਿਤ ਗੁਪਤਾ
ਗੁਰਦਾਸਪੁਰ, 24 ਅਕਤੂਬਰ
ਜਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਵਲੋਂ ਝੋਨੇ ਦੀ ਫਸਲ ਦੀ ਰਹਿੰਦ-ਖੂੰਹਦ ਨੂੰ ਨਾ ਸਾੜਨ ਲਈ ਜਾਗਰੂਕਤਾ ਮੁਹਿੰਮ ਵਿੱਢੀ ਗਈ ਹੈ। ਜਿਸ ਦੇ ਚਲਦਿਆਂ ਅੱਜ ਸਿਵਲ ਤੇ ਪੁਲਿਸ ਵਿਭਾਗ ਦੀਆਂ ਸਾਂਝੀਆਂ ਟੀਮਾਂ ਵੱਲੋਂ ਪਿੰਡਾਂ ਵਿੱਚ ਜਾ ਕੇ ਪਰਾਲੀ ਪ੍ਰਬੰਧਨ ਲਈ ਜਾਗਰੂਕ ਕੀਤਾ ਗਿਆ ।
ਅੱਜ ਹੋਟ ਸਪੋਟ ਪਿੰਡ ਵਡਾਲਾ ਗ੍ਰੰਥੀਆਂ ਵਿੱਚ ਬਲਾਕ ਕੋਆਰਡੀਨੇਟਰ ਮਨਪ੍ਰੀਤ ਸਿੰਘ ਕਲਸਟਰ ਅਫਸਰ ਸ਼ਰਨ ਪਾਲ ਸਿੰਘ ਅਤੇ ਨੋਡਲ ਅਫਸਰ ਰੋਬਿਨ ਵੱਲੋਂ ਵਿਜ਼ਿਟ ਕੀਤੀ ਗਈ।
ਇਸ ਮੌਕੇ ਕਿਸਾਨਾਂ ਨੇ ਭਰੋਸਾ ਦਿੱਤਾ ਕਿ ਪਿੰਡ ਵਿੱਚ ਕਿਸੇ ਵੀ ਕਿਸਾਨ ਵੱਲੋਂ ਝੋਨੇ ਦੀ ਪਰਾਲੀ ਨੂੰ ਅੱਗ ਨਹੀਂ ਲਗਾਈ ਜਾਵੇਗੀ ਅਤੇ ਝੋਨੇ ਦੀ ਪਰਾਲੀ ਨੂੰ ਖੇਤਾਂ ਵਿੱਚ ਵਾਹ ਕੇ ਹੀ ਅਗਲੀ ਫਸਲ ਦੀ ਬਿਜਾਈ ਕੀਤੀ ਜਾਵੇਗੀ।
ਗੱਲਬਾਤ ਕਰਦੇ ਕਲੱਸਟਰ ਅਫਸਰ ਮਨਪ੍ਰੀਤ ਸਿੰਘ ਨੇ ਕਿਹਾ ਕਿ ਡਿਪਟੀ ਕਮਿਸ਼ਨਰ ਗੁਰਦਾਸਪੁਰ ਦੇ ਦਿਸ਼ਾ ਨਿਰਦੇਸ਼ ਹੇਠ ਫਸਲਾਂ ਦੇ ਰਹਿੰਦ ਖੂੰਹਦ ਨੂੰ ਸਾਂਭਣ ਲਈ ਪਿੰਡਾ ਵਿੱਚ ਜਾ ਕੇ ਕਿਸਾਨਾਂ ਕੋਲੋਂ ਸਹਿਯੋਗ ਮੰਗਿਆ ਜਾ ਰਿਹਾ ਹੈ ਅਤੇ ਕਿਸਾਨਾਂ ਵੱਲੋਂ ਪਰਾਲੀ ਨਾ ਸਾੜਨ ਦਾ ਭਰੋਸਾ ਦਿੱਤਾ ਜਾ ਰਿਹਾ ਹੈ।
ਉਹਨਾਂ ਦੱਸਿਆ ਕਿ ਪਿੰਡ ਵਾਸੀਆਂ ਨੂੰ ਪਰਾਲੀ ਨੂੰ ਅੱਗ ਲਗਾਉਣ ਦੇ ਮਾੜੇ ਪ੍ਰਭਾਵ ਬਾਰੇ ਜਾਣਕਾਰੀ ਦਿੱਤੀ ਗਈ ਹੈ ਅਤੇ ਦੱਸਿਆ ਗਿਆ ਕਿ ਅੱਗ ਲਗਾਉਣ ਨਾਲ ਮਿੱਟੀ ਦੇ ਪੋਸ਼ਟਿਕ ਤੱਤ ਖਤਮ ਹੋ ਜਾਂਦੇ ਹਨ ਅਤੇ ਮਿੱਟੀ ਵਿੱਚ ਮੌਜੂਦ ਮਦਦਗਾਰ ਬੈਕਟੀਰੀਆ ਵੀ ਮਰ ਜਾਂਦੇ ਹਨ, ਜੋ ਕਿ ਫਸਲਾਂ ਲਈ ਬਹੁਤ ਲਾਭਦਾਇਕ ਹੁੰਦੇ ਹਨ। ਜਿਸ ਕਰਕੇ ਕਿਸਾਨਾਂ ਨੂੰ ਅਗਲੇ ਸੀਜ਼ਨ ਹੋਰ ਵੀ ਜ਼ਿਆਦਾ ਖਾਦ ਦੀ ਵਰਤੋਂ ਕਰਕੇ ਇੰਨਾ ਪੋਸ਼ਟਿਕ ਤੱਤਾਂ ਨੂੰ ਮੁੜ ਸੁਰਜੀਤ ਕਰਨਾ ਪੈਂਦਾ ਹੈ। ਜਿਸ ਨਾਲ ਕਿਸਾਨਾਂ ਦੀ ਫਸਲ ਹੀ ਲਾਗਤ ਵਿੱਚ ਵਾਧਾ ਹੁੰਦਾ ਹੈ ਅਤੇ ਅੱਗ ਲਗਾਉਣ ਨਾਲ ਜੋ ਵਾਤਾਵਰਨ ਖਰਾਬ ਹੁੰਦਾ ਹੈ। ਉਸ ਨਾਲ ਜੀਵ ਜੰਤੂ ਅਤੇ ਪਸ਼ੂ ਪੰਛੀਆਂ ਨੂੰ ਵੀ ਨੁਕਸਾਨ ਝੱਲਣਾ ਪੈਂਦਾ ਹੈ।
ਇਸ ਤੋਂ ਇਲਾਵਾ ਪਿੰਡ ਵਿੱਚ ਮੌਜੂਦ ਖੇਤੀ ਸੰਦਾਂ ਦੀ ਜਾਣਕਾਰੀ ਦਿੱਤੀ ਗਈ ਅਤੇ ਦੱਸਿਆ ਗਿਆ ਕਿ ਸੁਪਰਸੀਡਰ ਅਤੇ ਹੋਰ ਸੰਦਾਂ ਨਾਲ ਬਿਨਾਂ ਅੱਗ ਲਗਾਏ ਕਣਕ ਦੀ ਬਿਜਾਈ ਕੀਤੀ ਜਾ ਸਕਦੀ ਹੈ।
ਕੈਂਪ ਵਿੱਚ ਨਾਇਬ ਤਹਿਸੀਲਦਾਰ ਸਤਨਾਮ ਸਿੰਘ, ਪੁਲਿਸ ਚੌਂਕੀ ਵਡਾਲਾ ਗ੍ਰੰਥੀਆਂ ਤੋਂ ਬਲਰਾਜ ਸਿੰਘ ਏ.ਐੱਸ.ਆਈ ਰਣਜੀਤ ਸਿੰਘ ਹੈਡ ਕਾਂਸਟੇਬਲ ਪਿੰਡ ਦੇ ਸਰਪੰਚ ਕਰਨੈਲ ਸਿੰਘ ਅਤੇ ਹੋਰ ਅਗਾਂਹ ਵਧੂ ਕਿਸਾਨਾਂ ਵੱਲੋਂ ਸ਼ਮੂਲੀਅਤ ਕੀਤੀ ਗਈ।