ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਵਿਰੋਧੀ ਜਾਗਰੂਕਤਾ ਹਫ਼ਤਾ ਮਨਾਇਆ ਜਾ ਰਿਹਾ
27 ਅਕਤੂਬਰ ਤੋਂ 02 ਨਵੰਬਰ ਤੱਕ ਲੋਕਾਂ ਨੂੰ ਰਿਸ਼ਵਤਖੋਰੀ ਵਿਰੁੱਧ ਕੀਤਾ ਜਾਵੇਗਾ ਜਾਗਰੂਕ
ਸੁਖਮਿੰਦਰ ਭੰਗੂ
ਲੁਧਿਆਣਾ, 27 ਅਕਤੂਬਰ 2025- ਵਿਜੀਲੈਂਸ ਬਿਊਰੋ ਲੁਧਿਆਣਾ ਵੱਲੋਂ 27 ਅਕਤੂਬਰ ਤੋਂ 02 ਨਵੰਬਰ ਤੱਕ ਭ੍ਰਿਸ਼ਟਾਚਾਰ ਵਿਰੋਧੀ ਹਫ਼ਤ ਮਨਾਇਆ ਜਾ ਰਿਹਾ ਹੈ। ਸੀਨੀਅਰ ਪੁਲਿਸ ਕਪਤਾਨ ਵਿਜੀਲੈਂਸ ਬਿਊਰੋ, ਲੁਧਿਆਣਾ ਰੇਂਜ ਰੁਪਿੰਦਰ ਕੌਰ ਸਰਾਂ ਅਤੇ ਸੀਨੀਅਰ ਪੁਲਿਸ ਕਪਤਾਨ ਵਿਜੀਲੈਂਸ ਬਿਊਰੋ, ਆਰਥਿਕ ਅਪਰਾਧ ਸਾਖ਼ਾ ਦੀ ਅਗਵਾਈ ਵਿੱਚ ਰਿਸ਼ਵਤਖੋਰੀ ਵਿਰੁੱਧ ਅਧਿਕਾਰੀਆਂ ਨੂੰ ਸਹੁੰ ਚੁਕਾਈ ਗਈ।
ਇਸ ਤੋਂ ਇਲਾਵਾ ਲੁਧਿਆਣਾ ਸ਼ਹਿਰ ਦੇ ਰੇਲਵੇ ਸਟੇਸ਼ਨ, ਬੱਸ ਅੱਡਾ ਤੇ ਹੋਰ ਪ੍ਰਮੁੱਖ ਥਾਵਾਂ 'ਤੇ ਭ੍ਰਿਸ਼ਟਾਚਾਰ ਵਿਰੋਧੀ ਪੈਂਫਲੇਟ ਵੀ ਚਿਪਕਾਏ ਗਏ। ਵਿਜੀਲੈਂਸ ਬਿਊਰੋ ਦੇ ਸੀਨੀਅਰ ਅਧਿਕਾਰੀਆਂ ਨੇ ਦੱਸਿਆ ਕਿ ਜੇਕਰ ਕੋਈ ਸਰਕਾਰੀ ਅਧਿਕਾਰੀ/ਕਮਰਚਾਰੀ ਸਰਕਾਰੀ ਕੰਮਕਾਰ ਕਰਨ ਦੇ ਬਦਲੇ ਰਿਸ਼ਵਤ ਦੀ ਮੰਗ ਕਰਦਾ ਹੈ, ਆਪਣੇ ਅਹੁੱਦੇ ਅਤੇ ਅਧਿਕਾਰਾਂ ਦੀ ਦੁਰਵਰਤੋਂ ਕਰਦਾ ਹੈ, ਸਰਕਾਰੀ ਦਸਤਾਵੇਜ਼ਾਂ/ਕੰਮ ਵਿੱਚ ਘਪਲੇਵਾਜੀ ਕਰਦਾ ਹੈ, ਭ੍ਰਿਸ਼ਟਾਚਾਰ ਰਾਹੀਂ ਆਮਦਨ ਤੋਂ ਵੱਧ ਜਾਇਦਾਦ ਬਣਾਉਂਦਾ ਹੈ, ਪ੍ਰਾਈਵੇਟ ਵਿਅਕਤੀ ਸਰਕਾਰੀ ਅਧਿਕਾਰੀ/ਕਰਮਚਾਰੀ ਦੇ ਨਾਮ 'ਤੇ ਕੰਮ ਕਰਵਾਉਣ ਬਦਲੇ ਰਿਸ਼ਵਤ ਮੰਗਦਾ ਹੈ ਤਾਂ ਵਿਜੀਲੈਂਸ ਵਿਭਾਗ ਵੱਲੋਂ ਜਾਰੀ ਨੰਬਰਾਂ 'ਤੇ ਸੂਚਨਾ ਦਿੱਤੀ ਜਾ ਸਕਦੀ ਹੈ। ਉਨ੍ਹਾਂ ਦੱਸਿਆ ਕਿ ਭ੍ਰਿਸ਼ਟਾਚਾਰ ਵਿਰੁੱਧ ਸ਼ਿਕਾਇਤ ਦੇਣ ਲਈ ਐਸ.ਐਸ.ਪੀ. ਵਿਜੀਲੈਂਸ ਬਿਊਰੋ, ਆਰਥਿਕ ਅਪਰਾਧ ਸਾਖ਼ਾ, ਪੰਜਾਬ, ਲੁਧਿਆਣਾ ਦੇ ਮੋਬਾਇਲ ਨੰਬਰ 98784-06781 ਅਤੇ ਡੀ.ਐਸ.ਪੀ. ਵਿਜੀਲੈਂਸ ਬਿਊਰੋ, ਆਰਥਿਕ ਅਪਰਾਧ ਸਾਖ਼ਾ, ਪੰਜਾਬ ਲੁਧਿਆਣਾ ਦੇ ਮੋਬਾਇਲ ਨੰਬਰ 99157-00987 'ਤੇ ਸੰਪਰਕ ਕੀਤਾ ਜਾ ਸਕਦਾ ਹੈ।
ਉਨ੍ਹਾਂ ਆਮ ਲੋਕਾਂ ਨੂੰ ਰਿਸ਼ਵਤਖੋਰੀ ਮੁਕਤ ਭਾਰਤ ਦੀ ਸਿਰਜਣਾ ਵਿੱਚ ਅੱਗੇ ਆਉਣ ਦੀ ਅਪੀਲ ਕਰਦਿਆਂ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਜਾਰੀ ਐਂਟੀ-ਕੁਰੱਪਸ਼ਨ ਐਕਸ਼ਨ ਲਾਈਨ ਵੱਟਸਐਪ ਨੰਬਰ 9501-200-200 ਅਤੇ ਵਿਜੀਲੈਂਸ ਬਿਊਰੋ ਦੇ ਟੋਲਫਰੀ ਨੰਬਰ 1800-1800-1000 ਦੀ ਵਰਤੋਂ ਕਰਨ 'ਤੇ ਵੀ ਜ਼ੋਰ ਦਿੱਤਾ।