ਵਿਧਾਇਕਾ ਪ੍ਰੋ ਬਲਜਿੰਦਰ ਕੌਰ ਅਤੇ ਡਿਪਟੀ ਕਮਿਸ਼ਨਰ ਵੱਲੋਂ ਮੰਡੀਆਂ ਵਿੱਚ ਝੋਨੇ ਦੇ ਖਰੀਦ ਪ੍ਰਬੰਧਾਂ ਦਾ ਜਾਇਜਾ
ਅਸ਼ੋਕ ਵਰਮਾ
ਬਠਿੰਡਾ, 28 ਅਕਤੂਬਰ 2025 : ਚੀਫ਼ ਵਿਪ ਤੇ ਵਿਧਾਇਕਾ ਤਲਵੰਡੀ ਸਾਬੋ ਪ੍ਰੋ ਬਲਜਿੰਦਰ ਕੌਰ ਅਤੇ ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਨੇ ਜ਼ਿਲ੍ਹੇ ਦੇ ਪਿੰਡ ਸੇਖਪੁਰਾ ਅਤੇ ਭਾਗੀਵਾਂਦਰ ਆਦਿ ਪਿੰਡਾਂ ਦੀਆਂ ਦਾਣਾ ਮੰਡੀਆਂ ਦਾ ਦੌਰਾ ਕਰਕੇ ਝੋਨੇ ਦੇ ਖਰੀਦ ਪ੍ਰਬੰਧਾਂ ਦਾ ਜਾਇਜਾ ਲਿਆ। ਇਸ ਮੌਕੇ ਉਨਾਂ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਹਨਾਂ ਨੂੰ ਮੰਡੀਆਂ ਵਿੱਚ ਕਿਸੇ ਵੀ ਤਰ੍ਹਾਂ ਦੀ ਕੋਈ ਸਮੱਸਿਆ ਦਰਪੇਸ਼ ਨਹੀਂ ਆਉਣ ਦਿੱਤੀ ਜਾਵੇਗੀ।
ਇਸ ਮੌਕੇ ਚੀਫ ਵਿੱਪ ਤੇ ਤਲਵੰਡੀ ਸਾਬੋ ਤੋਂ ਵਿਧਾਇਕਾ ਪ੍ਰੋ. ਬਲਜਿੰਦਰ ਕੌਰ ਨੇ ਕਿਸਾਨਾਂ ਨੂੰ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਕਿਸਾਨਾਂ ਦੀ ਫਸਲ ਦਾ ਦਾਣਾ-ਦਾਣਾ ਖਰੀਦਣ ਲਈ ਵਚਨਵੱਧ ਤੇ ਯਤਨਸ਼ੀਲ ਹੈ। ਉਹਨਾਂ ਇਹ ਵੀ ਕਿਹਾ ਕਿ ਕਿਸਾਨਾਂ ਨੂੰ ਉਹਨਾਂ ਦੀ ਫਸਲ ਦੀ ਨਾਲੋਂ ਨਾਲ ਅਦਾਇਗੀ ਵੀ ਲਗਾਤਾਰ ਕੀਤੀ ਜਾ ਰਹੀ ਹੈ।
ਡਿਪਟੀ ਕਮਿਸ਼ਨਰ ਸ਼੍ਰੀ ਰਾਜੇਸ਼ ਧੀਮਾਨ ਨੇ ਅੱਗੇ ਦੱਸਿਆ ਕਿ ਜ਼ਿਲ੍ਹੇ ਦੀਆਂ ਅਨਾਜ ਮੰਡੀਆਂ ਵਿੱਚ ਝੋਨੇ ਦੀ ਖ਼ਰੀਦ ਨਿਰਵਿਘਨ ਜਾਰੀ ਹੈ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਸਖ਼ਤ ਹਦਾਇਤ ਕੀਤੀ ਕਿ ਕਿਸਾਨਾਂ ਨੂੰ ਝੋਨੇ ਦੀ ਖ਼ਰੀਦ ਸਬੰਧੀ ਕਿਸੇ ਵੀ ਤਰ੍ਹਾਂ ਦੀ ਕੋਈ ਸਮੱਸਿਆ ਨਾ ਆਉਣ ਦਿੱਤੀ ਜਾਵੇ।
ਇਸ ਮੌਕੇ ਡਿਪਟੀ ਕਮਿਸ਼ਨਰ ਸ਼੍ਰੀ ਰਾਜੇਸ਼ ਧੀਮਾਨ ਨੇ ਸਮੂਹ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਝੋਨੇ ਦੀ ਪਰਾਲੀ ਅਤੇ ਹੋਰ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਅਤੇ ਜੇਕਰ ਕੋਈ ਉਨ੍ਹਾਂ ਦੇ ਆਸ ਪਾਸ ਵੀ ਕਿਸਾਨ ਅੱਗ ਲਗਾਉਂਦਾ ਹੈ ਤਾਂ ਉਸ ਨੂੰ ਵੀ ਰੋਕ ਕੇ ਜ਼ਿਲ੍ਹਾ ਪ੍ਰਸ਼ਾਸ਼ਨ ਦਾ ਸਾਥ ਦੇਣ ਲਈ ਪ੍ਰੇਰਿਤ ਕਰਨ। ਉਨ੍ਹਾਂ ਕਿਸਾਨਾਂ ਨੂੰ ਸੁੱਕਾ ਝੋਨਾ ਹੀ ਮੰਡੀਆਂ ਵਿੱਚ ਲਿਆਉਣ ਦੀ ਅਪੀਲ ਕੀਤੀ ਤਾਂ ਜੋ ਉਨ੍ਹਾਂ ਨੂੰ ਫਸਲ ਵੇਚਣ ਵਿੱਚ ਕੋਈ ਪਰੇਸ਼ਾਨੀ ਨਾ ਆਵੇ।