ਜਿਲ੍ਹਾ ਪ੍ਰਸ਼ਾਸਨ ਵਲੋਂ ਪਰਾਲੀ ਪ੍ਰਬੰਧਨ ਸਬੰਧੀ ਵਿੱਢੀ ਮੁਹਿੰਮ ਨੂੰ ਮਿਲ ਰਿਹਾ ਭਰਵਾਂ ਹੁੰਗਾਰਾ
ਪਿੰਡ ਨੜਾਂਵਾਲੀ ਵਿਖੇ ਗੁੱਜਰ ਭਾਈਚਾਰੇ ਨੇ ਬਣਾਈਆਂ ਪਰਾਲੀ ਦੀਆਂ ਗੱਠਾਂ
ਰੋਹਿਤ ਗੁਪਤਾ
ਗੁਰਦਾਸਪੁਰ,29 ਅਕਤੂਬਰ ਡਿਪਟੀ ਕਮਿਸ਼ਨਰ, ਆਦਿੱਤਿਆ ਉੱਪਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਜਿਲ੍ਹੇ ਅੰਦਰ ਕਿਸਾਨਾਂ ਨੂੰ ਫਸਲ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਲਈ ਪ੍ਰੇਰਿਤ ਕੀਤਾ ਗਿਆ ਹੈ, ਉਸਦੇ ਨਾਲ ਪਰਾਲੀ ਪ੍ਰਬੰਧਨ ਲਈ ਵੀ ਉਤਸ਼ਾਹਿਤ ਕੀਤਾ ਗਿਆ ਹੈ, ਜਿਸਨੂੰ ਜਿਲ੍ਹਾ ਵਾਸੀਆਂ ਵਲੋਂ ਭਰਵਾਂ ਹੁੰਗਾਰਾ ਦਿੱਤਾ ਗਿਆ ਹੈ।
ਪਰਾਲੀ ਪ੍ਰਬੰਧਨ ਤਹਿਤ ਕਿਸਾਨਾਂ ਦੇ ਨਾਲ ਗੁੱਜਰ ਭਾਈਚਾਰੇ ਵਲੋਂ ਵੀ ਪਸ਼ੂਆਂ ਦੇ ਚਾਰੇ ਆਦਿ ਲਈ ਝੋਨੇ ਦੀ ਫਸਲ ਦੀ ਕਟਾਈ ਤੋਂ ਬਾਅਦ ਰਹਿੰਦ ਖੂੰਹਦ/ਪਰਾਲੀ ਇਕੱਠੀ ਕੀਤੀ ਜਾ ਰਹੀ ਹੈ। ਪਿੰਡ ਨੜਾਂਵਾਲੀ ਵਿਖੇ ਪਰਾਲੀ ਦੀਆਂ ਗੱਠਾਂ ਇਕੱਠੀਆਂ ਕਰ ਰਹੇ ਕਰੀਮ ਨੇ ਦੱਸੀਆਂ ਕਿ ਫਸਲ ਦੀ ਰਹਿੰਦ ਖੂੰਹਦ ਨੂੰ ਸਾੜਨਾ ਨਹੀਂ ਚਾਹੀਦਾ ਹੈ ਕਿ ਸਗੋਂ ਪਰਾਲੀ ਨੂੰ ਸੰਭਾਲ ਕੇ ਪਸ਼ੂਆਂ ਦੇ ਚਾਰੇ ਆਦਿ ਲਈ ਵਰਤੋਂ ਵਿੱਚ ਲਿਆਉਣਾ ਚਾਹੀਦਾ ਹੈ।
ਇਸ ਮੌਕੇ ਗੱਲ ਕਰਦਿਆਂ ਡਾ. ਹਰਜਿੰਦਰ ਸਿੰਘ ਬੇਦੀ,ਵਧੀਕ ਡਿਪਟੀ ਕਮਿਸ਼ਨਰ (ਜ) ਗੁਰਦਾਸਪੁਰ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਦੀ ਅਗਵਾਈ ਹੇਠ ਪ੍ਰਸ਼ਾਸਨ ਦੀ ਸਮੁੱਚੀ ਟੀਮ ਫੀਲਡ ਵਿੱਚ ਜਾ ਕੇ ਕਿਸਾਨਾਂ ਨਾਲ ਰਾਬਤਾ ਕਰਕੇ ਪਰਾਲੀ ਦੀ ਸਾਂਭ ਸੰਭਾਲ ਲਈ ਜਾਗਰੂਕ ਕਰ ਰਹੀ ਹੈ।
ਉਨ੍ਹਾਂ ਦੱਸਿਆ ਕਿ ਪਿੰਡਾਂ ਵਿੱਚ ਜਾ ਕੇ ਗਰਾਉਂਡ ਲੈਵਲ 'ਤੇ ਕਿਸਾਨਾਂ ਨੂੰ ਪਰਾਲੀ ਦੀ ਸਾਂਭ-ਸੰਭਾਲ ਅਤੇ ਖੇਤੀ ਮਸ਼ੀਨਰੀ ਉਪਲੱਬਧ ਕਰਾਉਣ ਸਬੰਧੀ ਕਿਸਾਨਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਨਾੜ ਨੂੰ ਅੱਗ ਲਗਾਉਣ ਦੇ ਨੁਕਸਾਨਾਂ ਅਤੇ ਅੱਗ ਲਗਾਏ ਬਗੈਰ ਫਸਲ ਬੀਜਣ ਦੇ ਲਾਭਾਂ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ।
ਉਨ੍ਹਾਂ ਦੱਸਿਆ ਕਿ ਪਰਾਲੀ ਦੀ ਸਾਂਭ ਸੰਭਾਲ ਲਈ ਲੌੜੀਦੀ ਖੇਤੀ ਮਸ਼ੀਨਰੀ ਉਪਲੱਬਧ ਹੈ ਅਤੇ ਕਿਸਾਨ ਵੀਰ ਇਸ ਦਾ ਵੱਧ ਤੋਂ ਵੱਧ ਲਾਭ ਉਠਾਉਣ ਅਤੇ ਵਾਤਾਵਰਣ ਨੂੰ ਸ਼ੁੱਧ ਰੱਖਣ ਅਤੇ ਜ਼ਮੀਨ ਦੀ ਉਪਜਾਊ ਸ਼ਕਤੀ ਨੂੰ ਬਰਕਰਾਰ ਰੱਖਣ ਲਈ ਅੱਗੇ ਆਉਣ। ਜੇਕਰ ਕਿਸੇ ਕਿਸਾਨ ਸਾਥੀ ਨੂੰ ਮੁਸ਼ਕਿਲ ਆਉਂਦੀ ਹੈ ਤਾਂ ਉਹ ਜਿਲ੍ਹਾ ਪੱਧਰ ਤੇ ਸਥਾਪਿਤ ਕੰਟਰੋਲ ਰੂਮ ਨੰਬਰ 01874-266376 ਤੇ ਸੰਪਰਕ ਕਰ ਸਕਦੇ ਹਨ।