ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਰਜਿੰਦਰਾ ਕਾਲਜ ਬਠਿੰਡਾ ਵਿਖੇ ਅਧਿਕਾਰੀਆਂ ਵੱਲੋਂ ਮੀਟਿੰਗ
ਅਸ਼ੋਕ ਵਰਮਾ
ਬਠਿੰਡਾ, 29 ਅਕਤੂਬਰ 2025 : ਸਮਾਜ ਅੰਦਰੋਂ ਨਸ਼ੇ ਦੀ ਬੁਰਾਈ ਨੂੰ ਦੂਰ ਕਰਨਾ, ਸਾਡਾ ਸਭ ਦਾ ਮੁੱਢਲਾ ਫਰਜ਼ ਹੈ। ਇਹਨਾਂ ਗੱਲਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ਼੍ਰੀ ਰਾਜੇਸ਼ ਧੀਮਾਨ ਨੇ ਸੂਬਾ ਸਰਕਾਰ ਵੱਲੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਵਿੱਢੀ ਗਈ ਨਸ਼ਾ ਮੁਕਤੀ ਮੁਹਿੰਮ ਤਹਿਤ ਸਥਾਨਕ ਸਰਕਾਰੀ ਰਜਿੰਦਰਾ ਕਾਲਜ ਵਿਖੇ ਕਰਵਾਏ ਗਏ ਸਮਾਗਮ ਮੌਕੇ ਸੰਬੋਧਨ ਕਰਦਿਆਂ ਕੀਤਾ।
ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਨਸ਼ੇ ਦੀ ਭੈੜੀ ਅਲਾਮਤ ਨੂੰ ਖਤਮ ਕਰ ਲਈ ਸਾਡਾ ਸਾਰਿਆਂ ਦਾ ਇੱਕਜੁੱਟ ਹੋਣਾ ਬਹੁਤ ਜ਼ਰੂਰੀ ਹੈ ਉਹਨਾਂ ਕਿਹਾ ਕਿ ਜੋ ਵਿਅਕਤੀ ਨਸ਼ੇ ਦਾ ਆਦੀ ਹੁੰਦਾ ਹੈ ਉਹ ਆਪਣੀ ਮੌਤ ਨੂੰ ਬੁਲਾਵਾ ਦੇ ਰਿਹਾ ਹੁੰਦਾ ਹੈ। ਉਹਨਾਂ ਇਹ ਵੀ ਕਿਹਾ ਕਿ ਜੇਕਰ ਅਸੀਂ ਚੰਗੇ ਸਮਾਜ ਦੀ ਸਿਰਜਣਾ ਕਰਨੀ ਹੈ ਤਾਂ ਨਸ਼ੇ ਵਰਗੇ ਕੋਹੜ ਨੂੰ ਤਿਆਗਣਾ ਹੀ ਸਾਡਾ ਅਸਲ ਧਰਮ ਹੈ।
ਇਸ ਮੌਕੇ ਡੀਆਈਜੀ ਬਠਿੰਡਾ ਰੇਂਜ ਸ ਹਰਜੀਤ ਸਿੰਘ ਨੇ ਆਪਣੇ ਸੰਬੋਧਨ ਵਿੱਚ ਦੱਸਿਆ ਕਿ ਪੰਜਾਬ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ ਮਿਸ਼ਨ "ਯੁੱਧ ਨਸ਼ਿਆਂ ਵਿਰੁੱਧ" ਦੇ ਤਹਿਤ ਜ਼ਿਲ੍ਹੇ ਵਿੱਚ ਵਿਆਪਕ ਪੱਧਰ ਤੇ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ। ਉਹਨਾਂ ਕਿਹਾ ਕਿ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਵੱਲੋਂ ਲਗਾਤਾਰ ਜ਼ਿਲ੍ਹੇ ਅੰਦਰ ਨਸ਼ੇ ਨੂੰ ਠੱਲ ਪਾਉਣ ਲਈ ਜ਼ਮੀਨੀ ਪੱਧਰ 'ਤੇ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ।
ਇਸ ਮੌਕੇ ਐਸਐਸਪੀ ਅਮਨੀਤ ਕੌਂਡਲ ਨੇ ਦੱਸਿਆ ਕਿ ਯੁੱਧ ਨਸ਼ਿਆਂ ਵਿਰੁੱਧ ਤਹਿਤ ਕਾਰਵਾਈ ਕਰਦੇ ਹੋਏ 01 ਮਾਰਚ 2025 ਤੋਂ 1311 ਮੁਕੱਦਮੇ ਦਰਜ ਕਰਕੇ 1973 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ, ਜਿੰਨ੍ਹਾਂ ਵਿੱਚ 68 ਵੱਡੀਆਂ ਮੱਛੀਆਂ ਵੀ ਸ਼ਾਮਿਲ ਹਨ। ਇਸਦੇ ਨਾਲ ਹੀ ਸਾਲ 2023 ਤੋਂ ਹੁਣ ਤੱਕ ਨਸ਼ਾ ਤਸਕਰਾਂ ਦੀ 14 ਕਰੋੜ ਦੇ ਕਰੀਬ ਦੀ ਜਾਇਦਾਦ ਫਰੀਜ ਕਰਵਾਈ ਗਈ ਹੈ।
ਇਸ ਮੌਕੇ ਐਸਐਸਪੀ ਮੈਡਮ ਅਮਨੀਤ ਕੌਂਡਲ ਨੇ ਕਿਹਾ ਕਿ ਸਿਵਲ ਤੇ ਜ਼ਿਲ੍ਹਾ ਪ੍ਰਸ਼ਾਸਨ ਨੇ ਨਸ਼ਿਆਂ ਦੇ ਖਿਲਾਫ਼ ਆਰ-ਪਾਰ ਦੀ ਲੜਾਈ ਸ਼ੁਰੂ ਕੀਤੀ ਹੋਈ ਹੈ ਤੇ ਇਹ ਲੜਾਈ ਪੂਰੀ ਤਰ੍ਹਾਂ ਤਾਂ ਹੀ ਸਫਲ ਹੋ ਸਕਦੀ ਹੈ, ਜੇਕਰ ਲੋਕ ਇਸ ਵਿੱਚ ਪੂਰਨ ਸਾਥ ਦੇਣ।
ਇਸ ਦੌਰਾਨ ਐਸਐਸਪੀ ਮੈਡਮ ਅਮਨੀਤ ਕੌਂਡਲ ਨੇ ਜ਼ਿਲ੍ਹਾ ਵਾਸੀਆਂ ਨੂੰ ਪੁਰਜ਼ੋਰ ਅਪੀਲ ਕੀਤੀ ਕਿ ਨਸ਼ਿਆਂ ਦੇ ਕੋਹੜ ਨੂੰ ਜੜੋ ਖਤਮ ਕਰਨ ਲਈ ਪੁਲਿਸ ਦਾ ਸਹਿਯੋਗ ਦਿੱਤਾ ਜਾਵੇ, ਜੇਕਰ ਆਪ ਦੇ ਏਰੀਏ ਜਾਂ ਆਸ-ਪਾਸ ਕੋਈ ਨਸ਼ੇ ਦਾ ਗੈਰ ਕਾਨੂੰਨੀ ਤੌਰ ‘ਤੇ ਧੰਦਾ ਕਰਦਾ ਹੈ ਤਾਂ ਪੰਜਾਬ ਸਰਕਾਰ ਦੀ ਐਂਟੀ ਡਰੱਗ ਹੈਲਪਲਾਈਨ ਨੰਬਰ 97791-00200 ਜਾਂ ਬਠਿੰਡਾ ਪੁਲਿਸ ਦੀ ਐਂਟੀ ਡਰੱਗ ਹੈਲਪਲਾਈਨ ਨੰਬਰ 91155-02252 ਤੇ ਜਾਣਕਾਰੀ ਸਾਂਝੀ ਕਰ ਸਕਦੇ ਹੋ। ਉਨ੍ਹਾਂ ਇਹ ਵੀ ਕਿਹਾ ਕਿ ਜਾਣਕਾਰੀ ਦੇਣ ਵਾਲੇ ਦਾ ਨਾਮ ਅਤੇ ਪਹਿਚਾਣ ਗੁਪਤ ਰੱਖੀ ਜਾਵੇਗੀ।
ਇਸ ਮੌਕੇ ਨਸ਼ਾ ਮੁਕਤੀ ਮੋਰਚਾ ਦੇ ਮਾਲਵਾ ਵੈਸਟ ਦੇ ਕੋਆਡੀਨੇਟਰ ਸ਼੍ਰੀ ਚੁਸ਼ਪਿੰਦਰਬੀਰ ਚਹਿਲ ਨੇ ਕਿਹਾ ਕਿ ਸੂਬਾ ਸਰਕਾਰ ਵਲੋਂ ਨਸ਼ੇ ਨੂੰ ਜੜੋਂ ਖਤਮ ਕਰਨ ਦੇ ਲਈ ਜ਼ਮੀਨੀ ਪੱਧਰ 'ਤੇ ਉਪਰਾਲੇ ਕੀਤੇ ਜਾ ਰਹੇ ਹਨ। ਉਹਨਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਦੇ ਲਈ ਪਿੰਡਾਂ ਵਿੱਚ ਲਾਈਬ੍ਰੇਰੀਆਂ, ਗਰਾਊਂਡ ਤੋਂ ਇਲਾਵਾ ਜਿਮ ਅਤੇ ਨੌਜਵਾਨਾਂ ਦੀ ਰੁਚੀ ਅਨੁਸਾਰ ਉਹਨਾਂ ਨੂੰ ਖੇਡਾਂ ਨਾਲ ਜੋੜਿਆ ਜਾ ਰਿਹਾ ਹੈ। ਇਸ ਮੌਕੇ ਉਹਨਾਂ ਇਹ ਵੀ ਕਿਹਾ ਕਿ ਨਸ਼ੇ ਦੀ ਸਪਲਾਈ ਲਾਈਨ ਟੁੱਟ ਚੁੱਕੀ ਹੈ ਤੇ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ।
ਇਸ ਮੌਕੇ ਨਸ਼ਾ ਮੁਕਤੀ ਐਪ ਵੀ ਲਾਂਚ ਕੀਤੀ ਗਈ। ਇਸ ਤੋਂ ਇਲਾਵਾ ਵਿਲੇਜ ਡਿਫੈਂਸ ਕਮੇਟੀ ਅਤੇ ਵਾਰਡ ਡਿਫੈਂਸ ਕਮੇਟੀ ਦੇ ਮੈਂਬਰਾਂ ਨੂੰ ਇਸ ਐਪ ਬਾਰੇ ਜਾਣੂ ਕਰਵਾਇਆ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਮੈਡਮ ਕੰਚਨ, ਨਸ਼ਾ ਮੁਕਤੀ ਮੁਹਿੰਮ ਦੇ ਜ਼ਿਲ੍ਹਾ ਵਾਈਸ ਪ੍ਰਧਾਨ ਰੁਪਿੰਦਰ ਸਿੰਘ, ਜ਼ਿਲ੍ਹਾ ਕੁਆਰਡੀਨੇਟਰ ਗੁਰਸੇਵਕ ਸਿੰਘ ਬਾਂਡੀ, ਸਿਵਲ ਤੇ ਪੁਲਿਸ ਪ੍ਰਸ਼ਾਸਨਿਕ ਅਧਿਕਾਰੀ ਤੇ ਹੋਰ ਪ੍ਰਮੁੱਖ ਸ਼ਖਸ਼ੀਅਤਾਂ ਆਦਿ ਹਾਜ਼ਰ ਸਨ।